ਅਸ਼ੋਕ ਵਰਮਾ
ਚੰਡੀਗੜ, 25 ਜੂਨ। ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੀ ਪੰਜਾਬ ਇਕਾਈ ਦੀਆਂ 10 ਕਿਸਾਨ ਜਥੇਬੰਦੀਆਂ ਦੀ ਸਾਂਝੀ-ਮੀਟਿੰਗ ਭਾਰਤੀ ਕਿਸਾਨ ਯੂਨੀਅਨ(ਡਕੌਂਦਾ) ਦੇ ਸੂਬਾ-ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਸਬੰਧੀ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੂਲਦੂ ਸਿੰਘ ਮਾਨਸਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਡਾ. ਦਰਸ਼ਨਪਾਲ, ਜਮਹੂਰੀ ਕਿਸਾਨ ਸਭਾ ਦੇ ਜਨਰਲ ਸਕੱਤਰ ਕੁਲਵੰਤ ਸਿੰਘ ਸੰਧੂ, ਕੁੱਲ ਹਿੰਦ ਕਿਸਾਨ ਸਭਾ ਪੰਜਾਬ ਦੇ ਜਨਰਲ ਸਕੱਤਰ ਬਲਦੇਵ ਸਿੰਘ ਨਿਹਾਲਗੜ, ਕਿਰਤੀ ਕਿਸਾਨ ਯੂਨੀਅਨ ਦੇ ਜਤਿੰਦਰ ਸਿੰਘ ਛੀਨਾ, ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਇੰਦਰਜੀਤ ਸਿੰਘ ਕੋਟਬੁੱਢਾ ਅਤੇ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ ਨੇ ਕੇਂਦਰ ਸਰਕਾਰ ਵੱਲੋਂ ਖੇਤੀ ਸੁਧਾਰਾਂ ਦੇ ਨਾਂ ‘ਤੇ ਲਿਆਂਦੇ ਗਏ ਤਿੰਨਾਂ ਆਰਡੀਨੈਂਸਾਂ ਨੂੰ ਕਿਸਾਨ ਅਤੇ ਖੇਤੀਬਾੜੀ ਨਾਲ ਜੁੜੇ ਸਾਰੇ ਵਰਗਾਂ ਸਮੇਤ ਸੰਘੀ ਢਾਂਚੇ ਤਹਿਤ ਮਿਲੇ ਸੂਬੇ ਦੇ ਅਧਿਕਾਰਾਂ ‘ਤੇ ਸਿੱਧਾ ਹਮਲਾ ਕਰਾਰ ਦਿੱਤਾ।
ਉਨਾਂ ਦੱਸਿਆ ਕਿ ਇਹਨਾਂ ਕਿਸਾਨ ਵਿਰੋਧੀ ਆਰਡੀਨੈਂਸਾਂ ਸਬੰਧੀ ਸਾਂਝੀ ਕਨਵੈਨਸ਼ਨ 6 ਜੁਲਾਈ ਨੂੰ ਦੇਸ਼ ਭਗਤ ਯਾਦਗਾਰ ਹਾਲ, ਜਲੰਧਰ ਵਿਖੇ ਬੁਲਾ ਲਈ ਗਈ ਹੈ। ਇਸ ਕਨਵੈਨਸ਼ਨ ਨੂੰ ਉੱਘੇ-ਅਰਥ-ਸ਼ਾਸ਼ਤਰੀ ਡਾ. ਸੁੱਚਾ ਸਿੰਘ ਗਿੱਲ ਸੰਬੋਧਨ ਕਰਨਗੇ। ਇਸੇ ਤਰਾਂ ਹੀ ਤੇਲ ਦੀਆਂ ਕੀਮਤਾਂ ਦੇ ਵਾਧੇ ਨੂੰ ਵਾਪਸ ਲੈਣ ਦੀ ਮੰਗ ਕਰਦਿਆਂ ਜਥੇਬੰਦੀਆਂ ਨੇ 30 ਜੂਨ ਨੂੰ ਸੂਬੇ ਭਰ ‘ਚ ਪੈਟਰੋਲ ਪੰਪਾਂ ‘ਤੇ ਇਕੱਠੇ ਹੋ ਕੇ ਰੋਸ-ਪ੍ਰਗਟਾਉਣ ਦਾ ਸੱਦਾ ਦਿੱਤਾ ਹੈ। ਕਿਸਾਨੀ ਮਸਲਿਆਂ ‘ਤੇ ਸਾਂਝੇ-ਸੰਘਰਸ਼ ਦਾ ਦਾਇਰਾ ਵਿਸ਼ਾਲ ਕਰਨ ਲਈ ਜਥੇਬੰਦੀਆਂ ਦੀ ਸਾਂਝੀ ਮੀਟਿੰਗ 1 ਜੁਲਾਈ ਨੂੰ ਮੋਗਾ ਵਿਖੇ ਹੋਵੇਗੀ। ਕਿਸਾਨ ਆਗੂਆਂ ਵੱਖ-ਵੱਖ ਮਤੇ ਪੇਸ਼ ਕਰਦਿਆਂ ਲਾਕਡਾਊਨ ਦੌਰਾਨ ਉੱਤਰ-ਪ੍ਰਦੇਸ਼ ਤੇ ਉੱਤਰਾਖੰਡ ਦੇ ਆਬਾਦਕਾਰਾਂ ਨੂੰ ਉਜਾੜਨ ਅਤਤੇ ਸੰਘਰਸ਼ ਕਰ ਰਹੇ ਕਿਸਾਨ ਆਗੂ ਨਿਰਭੈ ਸਿੰਘ ਢੁੱਡੀਕੇ ਤੇ ਸਾਥੀਆਂ ਨੂੰ ਪੰਜਾਬ ਪੁਲਿਸ ਵੱਲੋਂ ਗਿ੍ਰਫਤਾਰ ਕਰਨ ਦੀ ਨਿਖੇਧੀ ਕਰਦਿਆਂ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ।
ਆਗੂਆਂ ਨੇ ਬਠਿੰਡਾ ਥਰਮਲ ਪਲਾਂਟ ਨੂੰ ਬੰਦ ਕਰਨ ਸਬੰਧੀ ਪੰਜਾਬ ਕੈਬਨਿਟ ਵੱਲੋਂ ਲਏ ਫੈਸਲੇ ਨੂੰ ਵਾਪਿਸ ਲੈਣ ਅਤੇ ਅਕਾਲੀ-ਭਾਜਪਾ ਸਰਕਾਰ ਵੱਲੋਂ ਨਿੱਜੀ ਕੰਪਨੀਆਂ ਨਾਲ ਕੀਤੇ ਬਿਜਲੀ-ਸਮਝੌਤੇ ਤੁਰੰਤ ਰੱਦ ਕਰਨ ਲਈ ਆਖਿਆ। ਇਸੇ ਦੌਰਾਨ 10 ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਇੱਕਜੁਟਤਾ ਪ੍ਰਗਟ ਕਰਦਿਆਂ ਪੰਜਾਬ ਦੀ ਕਿਸਾਨੀ ਨੂੰ ਕੇਂਦਰ ਸਰਕਾਰ ਦੇ ਲੋਕ-ਵਿਰੋਧੀ ਫੈਸਲਿਆਂ ਖ਼ਿਲਾਫ਼ ਸਾਂਝੇ ਸੰਘਰਸ਼ ਕਰਨ ਲਈ ਜੁੱਟ ਜਾਣ ਦਾ ਸੱਦਾ ਦਿੱਤਾ। ਇਸ ਦੌਰਾਨ ਕਿਸਾਨ ਆਗੂ ਗੁਰਨਾਮ ਸਿੰਘ ਭੀਖੀ, ਗੌਰਾ ਸਿੰਘ ਭੈਣੀਬਾਘਾ, ਮਨਜੀਤ ਸਿੰਘ ਧਨੇਰ, ਗੁਰਮੀਤ ਸਿੰਘ ਮਹਿਮਾ, ਪਰਗਟ ਸਿੰਘ ਜਾਮਾਰਾਏ, ਚਮਕੌਰ ਸਿੰਘ, ਹਰਜੀਤ ਸਿੰਘ ਰਵੀ ਅਤੇ ਨਿਰਵੈਰ ਸਿੰਘ ਡਾਲੇਕੇ ਨੇ ਵੀ ਵਿਚਾਰ ਪੇਸ਼ ਕੀਤੇ।