ਅਸ਼ੋਕ ਵਰਮਾ
ਬਠਿੰਡਾ, 17 ਜੁਲਾਈ: ਕਿਰਤੀ ਕਿਸਾਨ ਯੂਨੀਅਨ ਵੱਲੋਂ 27 ਜੁਲਾਈ ਨੂੰ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਰਿਹਾਇਸ਼ ਅੱਗੇ ਦਿੱਤੇ ਜਾਣ ਵਾਲੇ ਧਰਨੇ ਲਈ ਲਾਮਬੰਦੀ ਤੇਜ ਕਰ ਦਿੱਤੀ ਗਈ ਹੈ। ਯੂਨੀਅਨ ਦੀ ਨਥਾਣਾ ਬਲਾਕ ਕਮੇਟੀ ਦੇ ਮੈਂਬਰ ਗੁਰਦੀਪ ਸਿੰਘ ਨੇ ਦੱਸਿਆ ਕਿ ਇਸ ਧਰਨੇ ਦੀ ਤਿਆਰੀ ਵਜੋਂ ਪਿੰਡ ਗੋਬਿੰਦਪੁਰਾ ਦੀ ਦਾਣਾ ਮੰਡੀ ਦੇ ਵਿੱਚ ਕਿਸਾਨੀ ਮਸਲਿਆਂ ਦੇ ਕਿਸਾਨਾਂ ਨਾਲ ਮੀਟਿੰਗ ਕੀਤੀ ਜਿਸ ਨੂੰ ਸੰਬੋਧਨ ਕਰਦਿਆਂ ਜਿਲਾ ਆਗੂ ਅਮਰਜੀਤ ਹਨੀ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਤੇ ਲੋਕ ਵਿਰੋਧੀ ਆਰਡੀਨੈਂਸ ਲੈ ਕੇ ਆਈਆਂ ਕਣਕ ਝੋਨੇ ਦੀ ਸਰਕਾਰੀ ਖਰੀਦ ਬੰਦ ਖੇਤੀ ਮੋਟਰਾਂ ਤੇ ਬਿੱਲ ਲੱਗਣਗੇ ਸਮੁੱਚੇ ਪੰਜਾਬ ਦੀ ਕਿਸਾਨੀ ਨੂੰ ਬਰਬਾਦ ਕਰਕੇ ਰੱਖਣ ਵਾਲੇ ਹਨ । ਇਨਾਂ ਦੇ ਖਿਲਾਫ ਕਿਸਾਨਾਂ ਨੂੰ ਸੰਘਰਸ ਦੇ ਮੈਦਾਨ ਵਿੱਚ ਨਿੱਤਰਨ ਲਈ ਤਿਆਰ ਕੀਤਾ ਜਾ ਰਿਹਾ ਹੈ । ਉਨਾਂ ਕਿਹਾ ਕਿ ਪੰਜਾਬ ਦੀ ਛੋਟੀ ਕਿਸਾਨੀ ਕਰਜ਼ੇ ਦੀ ਪੰਡ ਥੱਲੇ ਦੱਬੀ ਹੋਈ ਹੈ ਅਤੇ ਸਰਕਾਰੀ ਖਰੀਦ ਬੰਦ ਅਤੇ ਬਿੱਲ ਲੱਗਣ ਦੇ ਫੈਸਲੇ ਕਿਸਾਨਾਂ ਨੂੰ ਖ਼ੁਦਕੁਸ਼ੀਆਂ ਕਰਨ ਲਈ ਮਜ਼ਬੂਰ ਕਰਨਗੇ। ਉਨਾਂ ਦੱਸਿਆ ਕਿ ਕੇਂਦਰ ਸਰਕਾਰ ਖਿਲਾਫ 27 ਜੁਲਾਈ ਨੂੰ ਟਰੈਕਟਰ ਮਾਰਚ ਪਿੰਡ ਬਾਦਲ ਵੱਲ ਕੂਚ ਕਰੇਗਾ ਜਿਸ ’ਚ ਵੱਡੀ ਗਿਣਤੀ ਕਿਸਾਨ ਸ਼ਾਮਲ ਹੋਣਗੇ ।ਇਸ ਮੌਕੇ ਕਿਸਾਨ ਆਗੂ ਬੰਤ ਸਿੰਘ, ਬਖਸ਼ੀਸ ਸਿੰਘ, ਰਾਜੂ ਸਿੰਘ, ਸੀਰਾ ਸਿੰਘ ਅਤੇ ਜਸਵੰਤ ਸੋਹੀ ਹਾਜਰ ਸਨ।