ਅਸ਼ੋਕ ਵਰਮਾ
ਬਠਿੰਡਾ 18 ਜੁਲਾਈ । ਪੰਜਾਬ ਸਰਕਾਰ ਵੱਲੋਂ ਮਿਸ਼ਨ ਫਤਿਹ ਤਹਿਤ ਕਰੋਨਾ ਨੂੰ ਹਰਾਉਣ ਅਤੇ ਆਮ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਡਿਪਟੀ ਕਮਿਸ਼ਨਰ ਬੀ ਸ਼੍ਰੀਨਿਵਾਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲਾ ਸਿੱਖਿਆਂ ਅਫਸਰ ਸੁਖਵੀਰ ਸਿੰਘ ਦੀ ਅਗਵਾਈ ਹੇਠ ਅਧਿਆਪਕਾਂ ਤੇ ਨਾਨ ਟੀਚਿੰਗ ਸਟਾਫ ਦੀਆਂ ਟੀਮਾਂ ਵੱਲੋਂ ਪਿੰਡ- ਪਿੰਡ ਤੇ ਘਰ- ਘਰ ਜਾ ਕੇ ਲੋਕਾਂ ਨੂੰ ਕੋਵਿਡ19 ਦੀਆਂ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।ਉਪ ਜ਼ਿਲਾ ਸਿੱਖਿਆ ਅਫਸਰ ਇਕਬਾਲ ਸਿੰਘ ਨੇ ਦੱਸਿਆ ਕਿ ਸਕੂਲਾਂ ਦੇ ਟੀਚਿੰਗ ਅਤੇ ਨਾਨ- ਟੀਚਿੰਗ ਸਟਾਫ ਵੱਲੋਂ ਪਿੰਡ ਧਨ ਸਿੰਘ ਖਾਨਾ , ਭੁੱਚੋਂ ਖੁਰਦ , ਬੰਬੀਹਾ ਅਤੇ ਰਾਜ ਗੜ ਵਿੱਚ ਘਰ- ਘਰ ਜਾ ਕੇ ਲੋਕਾਂ ਨੂੰ ਸਾਵਧਾਨੀਆਂ ਵਰਤ ਕੇ ਹੀ ਕੋਰੋਨਾ ਵਾਇਰਸ ਤੋਂ ਬਚਣ ਲਈ ਪ੍ਰੇਰਿਤ ਕੀਤਾ ਗਿਆ। ਉਨਾਂ ਦੱਸਿਆ ਕਿ ਮਾਸਕ ਪਾਉਣਾ, ਸਮਾਜਿਕ ਵਿੱਥ ਰੱਖਣਾ ਅਤੇ ਵਾਰ -ਵਾਰ ਹੱਥ ਧੋਣ ਬਾਰੇ ਵੀ ਪ੍ਰੇਰਿਤ ਕਰਨ ਲਈ ਵੀ ਡੋਰ ਟੂ ਡੋਰ ਮੁਹਿੰਮ ਚਲਾਈ ਜਾ ਰਹੀ ਹੈ।
ਉਪ ਜ਼ਿਲਾ ਸਿੱਖਿਆ ਅਫਸਰ ਨੇ ਇਹ ਵੀ ਕਿਹਾ ਕਿ ਸਕੂਲੀ ਸਟਾਫ ਵੱਲੋਂ ਕੋਰੋਨਾ ਵਾਇਰਸ ਤੋਂ ਬਚਾਅ ਲਈ ਮੌਕੇ ਤੇ ਵੱਖ -ਵੱਖ ਗਤੀਵਧੀਆਂ ਕਰ ਕੇ ਦੱਸਿਆ ਜਾ ਰਿਹਾ ਹੈ ਕਿ ਕਿਸ ਤਰਾਂ ਅਸੀਂ ਆਪਣੇ- ਆਪ ਤੇ ਦੂਸਰਿਆਂ ਨੂੰ ਇਸ ਬਿਮਾਰੀ ਤੋਂ ਬਚਾ ਸਕਦੇ ਹਾਂ। ਇਸ ਦੌਰਾਨ ਲੋਕਾਂ ਨੂੰ ਕੋਵਾ ਐਪ ਡਾਉਨਲੋਡ ਕਰਨ ਬਾਰੇ ਵੀ ਜਾਣੂ ਕਰਵਾਇਆ ਜਾ ਰਿਹਾ ਹੈ , ਜਿਸ ਨਾਲ ਅਸੀਂ ਵੱਧ ਤੋਂ ਵੱਧ ਕੋਰੋਨਾ ਵਾਇਰਸ ਅਤੇ ਇਸ ਦੀਆਂ ਸਾਵਧਾਨੀਆਂ ਪ੍ਰਤੀ ਜਾਣੂ ਹੋ ਕੇ ਇਸ ਬਿਮਾਰੀ ਨੂੰ ਅੱਗੇ ਫੈਲਣ ਤੋਂ ਰੋਕ ਸਕਦੇ ਹਾਂ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ਤੇ ਜਾਰੀ ਨਿਯਮਾਂ ਅਤੇ ਸਾਵਧਾਨੀਆਂ ਦੀ ਪਾਲਣਾ ਜ਼ਰੂਰ ਕਰਨ।