9.8 C
United Kingdom
Monday, June 8, 2026

More

    ਖੇਤੀ ਆਰਡੀਨੈਂਸਾਂ ਬਾਰੇ ਨੋਟੀਫੀਕੇਸ਼ਨ ਰੱਦ ਕਰਕੇ 105 ਥਾਈਂ ਅਰਥੀ ਸਾੜ ਮੁਜ਼ਾਹਰੇ

    ਅਸ਼ੋਕ ਵਰਮਾ
    ਬਠਿੰਡਾ, 22 ਜੁਲਾਈ । ਭਾਜਪਾ ਗੱਠਜੋੜ ਦੀ ਕੇਂਦਰੀ ਹਕੂਮਤ ਵੱਲੋਂ ਖੇਤੀ ਆਰਡੀਨੈਂਸ ਲਾਗੂ ਕਰਨ ਹਿੱਤ ਜਾਰੀ ਕੀਤੇ ਨੋਟੀਫੀਕੇਸ਼ਨਾਂ ਨੂੰ ਰੱਦ ਕਰਦਿਆਂ ਕਿਸਾਨਾਂ ਵੱਲੋਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਅਗਵਾਈ ਹੇਠ ਕਿਸਾਨ ਜਥੇਬੰਦੀਆਂ ਦੇ ਤਾਲਮੇਲਵੇਂ ਸੰਘਰਸ਼ ਦੇ ਤੀਜੇ ਦਿਨ ਵੀ ਅੱਜ ਪੰਜਾਬ ਭਰ ’ਚ ਅਰਥੀ ਸਾੜ ਮੁਜ਼ਾਹਰੇ ਕੀਤੇ ਗਏ। ਜਥੇਬੰਦੀ ਦੇ ਕਾਰਜਕਾਰੀ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਅਤੇ ਜਨਰਲ ਸਕੱਤਰ ਹਰਿੰਦਰ ਕੌਰ ਬਿੰਦੂ ਨੇ ਲਿਖਤੀ ਸੂਬਾਈ ਪ੍ਰੈਸ ਰਿਲੀਜ਼ ਰਾਹੀਂ ਦੱਸਿਆ ਕਿ ਅੱਜ ਸੰਗਰੂਰ, ਪਟਿਆਲਾ, ਮਾਨਸਾ, ਬਰਨਾਲਾ, ਬਠਿੰਡਾ, ਮੋਗਾ, ਫਰੀਦਕੋਟ, ਫਾਜ਼ਿਲਕਾ, ਫੀਰੋਜ਼ਪੁਰ, ਅੰਮਿ੍ਰਤਸਰ, ਗੁਰਦਾਸਪੁਰ, ਲੁਧਿਆਣਾ, ਮੁਕਤਸਰ 13 ਜ਼ਿਲਿਆਂ ਦੇ 105 ਪਿੰਡਾਂ ’ਚ ਕੁੱਲ ਰਲ਼ਾ ਕੇ ਹਜ਼ਾਰਾਂ ਕਿਸਾਨ ਮਜ਼ਦੂਰ ਪਰਿਵਾਰਾਂ ਸਮੇਤ ਸ਼ਾਮਲ ਹੋਏ। ਇਕੱਠਾਂ ਵੱਲੋਂ ਮੋਦੀ ਸਰਕਾਰ ਮੁਰਦਾਬਾਦ ਦੇ ਰੋਹ ਭਰਪੂਰ ਨਾਹਰੇ ਮਾਰਦਿਆਂ 5 ਜੂਨ ਦੇ ਤਿੰਨੇ ਖੇਤੀ ਆਰਡੀਨੈਂਸ ਅਤੇ ਬਿਜਲੀ ਸੋਧ ਬਿੱਲ 2020 ਰੱਦ ਕਰਨ ਸਮੇਤ ਪੈਟ੍ਰੋਲ ਡੀਜ਼ਲ ਦਾ ਮੁਕੰਮਲ ਕੰਟਰੋਲ ਸਰਕਾਰੀ ਹੱਥਾਂ ’ਚ ਲੈਣ ਦੀ ਜ਼ੋਰਦਾਰ ਮੰਗ ਕੀਤੀ ਗਈ। ਇਕੱਠਾਂ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਕਾਰਜਕਾਰੀ ਸੂਬਾ ਆਗੂਆਂ ਅਮਰੀਕ ਸਿੰਘ ਗੰਢੂਆਂ, ਸੰਦੀਪ ਸਿੰਘ ਚੀਮਾ ਤੇ ਰਾਜਵਿੰਦਰ ਰਾਮ ਨਗਰ ਆਦਿ ਆਗੂ ਸ਼ਾਮਲ ਸਨ।
    ਬੁਲਾਰਿਆਂ ਨੇ ਦਾਅਵਾ ਕੀਤਾ ਕਿ ਕਰੋਨਾ ਦੀ ਆੜ ਹੇਠ ਇਹ ਆਰਡੀਨੈਂਸ ਲਾਗੂ ਹੋਣ ਨਾਲ ਪੰਜਾਬ ਹਰਿਆਣੇ ਵਿੱਚ ਹੋ ਰਹੀ ਕਣਕ, ਝੋਨੇ, ਨਰਮੇ, ਗੰਨੇ ਦੀ ਸਰਕਾਰੀ ਖਰੀਦ ਵੀ ਠੱਪ ਹੋ ਜਾਣੀ ਹੈ ਅਤੇ ਐਮ.ਐਸ.ਪੀ. ਮਿਥੇ ਜਾਣ ਦੀ ਕੋਈ ਤੁਕ ਨਹੀਂ ਰਹਿਣੀ। ਕਿਉਕਿ ਪਹਿਲਾਂ ਹੀ ਪੂਰੇ ਦੇਸ਼ ਵਾਸਤੇ ਐਮ.ਐਸ.ਪੀ. ਮਿਥੇ ਜਾਣ ਦੇ ਬਾਵਜੂਦ ਸਰਕਾਰੀ ਖਰੀਦ ਤੋਂ ਵਾਂਝੇ ਸੂਬਿਆਂ ਦੇ ਕਿਸਾਨ ਭਈਏ ਖੇਤ ਮਜ਼ਦੂਰੀ ਲਈ ਪੰਜਾਬ ਹਰਿਆਣੇ ਹਜ਼ਾਰਾਂ ਕਿਲੋਮੀਟਰ ਚੱਲ ਕੇ ਆਉਦੇ ਹਨ। ਬਿਜਲੀ ਸੋਧ ਬਿੱਲ ਲਾਗੂ ਹੋਇਆ ਤਾਂ ਕਿਸਾਨਾਂ ਮਜ਼ਦੂਰਾਂ ਦੀ ਬਿੱਲ ਸਬਸਿਡੀ ਖਤਮ ਹੋਣ ਨਾਲ ਖੇਤੀ ਘਾਟੇ ਹੋਰ ਵੀ ਜਿਆਦਾ ਵਧਣੇ ਹਨ। ਪਹਿਲਾਂ ਹੀ ਭਾਰੀ ਖੇਤੀ ਘਾਟਿਆਂ ਕਾਰਨ ਕਰਜ਼ੇ ਮੋੜਨੋਂ ਅਸਮਰੱਥ ਖੁਦਕੁਸ਼ੀਆਂ ਦਾ ਸ਼ਿਕਾਰ ਹੋ ਰਹੇ ਕਿਸਾਨਾਂ ਮਜ਼ਦੂੁਰਾਂ ਦੀ ਮੁਕੰਮਲ ਆਰਥਿਕ ਤਬਾਹੀ ਹੋਣੀ ਹੈ। ਬੁਲਾਰਿਆਂ ਨੇ ਕਿਹਾ ਕਿ ਖੁਦਕੁਸ਼ੀਆਂ ਦਾ ਵਰਤਾਰਾ ਵੀ ਅਤੇ ਕਿਸਾਨਾਂ ਦੀਆਂ ਬਚੀਆਂ ਖੁਚੀਆਂ ਜ਼ਮੀਨਾਂ ਧਨਾਡ ਜਗੀਰਦਾਰਾਂ, ਸੂਦਖੋਰਾਂ ਤੇ ਕਾਰਪੋਰੇਟਾਂ ਦੇ ਕਬਜ਼ੇ ਹੇਠ ਜਾਣ ਦਾ ਅਮਲ ਵੀ ਹੋਰ ਤੇਜ਼ ਹੋਣਾ ਹੈ। ਇਸ ਭਿਆਨਕ ਆਰਥਿਕ ਤਬਾਹੀ ਤੋਂ ਬਚਣ ਲਈ ਸੰਘਰਸ਼ ਹੀ ਇੱਕੋ ਇੱਕ ਰਾਹ ਹੈ।
    ਬੁਲਾਰਿਆਂ ਵੱਲੋਂ ਪੰਜਾਬ ਦੀ ਕੈਪਟਨ ਸਰਕਾਰ ਦੁਆਰਾ ਵੀ ਕਰੋਨਾ ਦੀ ਆੜ ’ਚ ਇਕੱਠਾਂ ’ਤੇ ਪਾਬੰਦੀ ਦੀ ਸਖਤ ਨਿਖੇਧੀ ਕੀਤੀ ਗਈ ਅਤੇ ਤਹਿਸ਼ੁਦਾ ਕਿਸਾਨ ਸੰਘਰਸ਼ ਕਰੋਨਾ ਸਾਵਧਾਨੀਆਂ ਦੀ ਪਾਲਣਾ ਸਹਿਤ ਹਰ ਹੀਲੇ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ। ਥਾਂ-ਥਾਂ ਤੇ ਮਤੇ ਪਾਸ ਕਰਕੇ 81 ਸਾਲਾਂ ਦੇ ਗੰਭੀਰ ਬੀਮਾਰ ਇਨਕਲਾਬੀ ਕਵੀ ਵਰਵਰਾ ਰਾਓ ਅਤੇ ਉੱਘੇ ਬੁੱਧੀਜੀਵੀ ਅਨੰਦ ਤੇਲਤੁੰਬੜੇ ਨੂੰ ਤੁਰੰਤ ਰਿਹਾਅ ਕਰਨ ਦੀ ਮੰਗ ਕੀਤੀ ਗਈ ਅਤੇ ਥਾਂ-ਥਾਂ ਸਾਂਤਮਈ ਸੰਘਰਸ਼ ਕਰ ਰਹੇ ਖੇਤ ਮਜ਼ਦੂਰਾਂ, ਕਿਸਾਨਾਂ, ਮੁਲਾਜ਼ਮਾਂ ਸਿਰ ਝੂਠੇ ਕੇਸ ਮੜਨ ਤੇ ਬਾਦਲ ਪਿੰਡ ’ਚ ਕਿਸਾਨਾਂ ’ਤੇ ਲਾਠੀਚਾਰਜ ਕਰਨ ਦੀ ਸਖਤ ਨਿਖੇਧੀ ਕੀਤੀ ਗਈ। ਝੂਠੇ ਕੇਸ ਵਾਪਸ ਲੈਣ ਦੀ ਮੰਗ ਕੀਤੀ ਗਈ। ਬੁਲਾਰਿਆਂ ਵੱਲੋਂ ਪੰਜਾਬ ਭਰ ਦੇ ਕਿਸਾਨਾਂ ਨੂੰ ਆਪਣੀ ਹੋਂਦ ਬਚਾਉਣ ਵਾਲੇ ਮੌਜੂਦਾ ਸੰਘਰਸ਼ ’ਚ 26 ਜੁਲਾਈ ਤੱਕ ਥਾਂ-ਥਾਂ ਅਰਥੀ ਸਾੜ ਮੁਜ਼ਾਹਰਿਆਂ ਵਿੱਚ ਅਤੇ 27 ਨੂੰ ਜ਼ਿਲਾ ਪੱਧਰ ’ਤੇ ਭਾਜਪਾ ਅਕਾਲੀ ਕੇਂਦਰੀ ਮੰਤਰੀਆਂ, ਸੰਸਦ ਮੈਂਬਰਾਂ ਜਾਂ ਮੁੱਖ ਪਾਰਟੀ ਆਗੂਆਂ ਦੇ ਘਰਾਂ ਤੱਕ ਕੀਤੇ ਜਾਣ ਵਾਲੇ ਟਰੈਕਟਰ ਮਾਰਚਾਂ ਵਿੱਚ ਵਧ ਚੜ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!