13.7 C
United Kingdom
Monday, June 22, 2026

More

    ਪ੍ਰਧਾਨ ਮੰਤਰੀ ਦੇ ਬਿਆਨ ਤੋਂ ਭੜਕੇ ਕਿਸਾਨਾਂ ਨੇ 13 ਜ਼ਿਲਿਆਂ ’ਚ 152 ਥਾਈਂ ਫੂਕੀਆਂ ਅਰਥੀਆਂ

    ਅਸ਼ੋਕ ਵਰਮਾ
    ਬਠਿੰਡਾ, 23 ਜੁਲਾਈ । ਖੇਤੀ ਆਰਡੀਨੈਂਸਾਂ ਵਿਰੁੱਧ ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜੱਥੇਬੰਦੀਆਂ ਨਾਲ ਤਾਲਮੇਲਵੇਂ ਸੰਘਰਸ਼ ਦੀ ਤਿਆਰੀ ਵੱਜੋਂ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਰੋਸ ਹਫਤੇ ਦੇ ਚੌਥੇ ਦਿਨ ਅੱਜ 13 ਜ਼ਿਲਿਆਂ ਦੇ 152 ਪਿੰਡਾਂ ਵਿੱਚ ਔਰਤਾਂ ਸਮੇਤ ਹਜ਼ਾਰਾਂ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਅਰਥੀ ਸਾੜ ਮੁਜ਼ਾਹਰੇ ਕੀਤੇ ਗਏ। ਜਥੇਬੰਦੀ ਦੇ ਕਾਰਜਕਾਰੀ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਅਤੇ ਜਨਰਲ ਸਕੱਤਰ ਹਰਿੰਦਰ ਕੌਰ ਬਿੰਦੂ ਨੇ ਲਿਖਤੀ ਸੂਬਾਈ ਪ੍ਰੈਸ ਰਿਲੀਜ਼ ਰਾਹੀਂ ਇਹ ਜਾਣਕਾਰੀ ਦਿੰਦੇ ਹੋਏ ਦੋਸ਼ ਲਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਖੇਤਰ ਸਮੇਤ ਸਨਅਤਾਂ, ਸਿਹਤ, ਵਿੱਦਿਆ, ਬਿਜਲੀ, ਆਵਾਜਾਈ ਆਦਿ ਹਰ ਆਰਥਿਕ ਖੇਤਰ ਵਿੱਚ ਦੇਸੀ ਵਿਦੇਸ਼ੀ ਕਾਰਪੋਰੇਟਾਂ ਲਈ ਨਿਵੇਸ਼ ਕਰਨ ਦਾ ਹੁਣ ਵਧੀਆ ਮੌਕਾ ਕਹਿਣ ਵਾਲਾ ਬਿਆਨ ਬਲਦੀ ਉੱਤੇ ਤੇਲ ਪਾਉਣ ਵਾਲਾ ਹੈ। ਜਦੋਂ ਕਿ ਪੂਰਾ ਦੇਸ਼ ਕਰੋਨਾ ਸੰਕਟ ਦੀ ਮਾਰ ਹੇਠ ਤੜਪ ਰਿਹਾ ਹੈ, ਜਿਸ ਦੀ ਰੋਕਥਾਮ ਦੇ ਪੁਖਤਾ ਪ੍ਰਬੰਧਾਂ ਤੋਂ ਸਰਕਾਰ ਪੱਲਾ ਝਾੜੀ ਬੈਠੀ ਹੈ। ਪਹਿਲਾਂ ਹੀ ਅਜਿਹੇ ਕਾਰਪੋਰੇਟ ਨਿਵੇਸ਼ਾਂ ਨੇ ਅੰਤਾਂ ਦੀ ਬੇਰੁਜ਼ਗਾਰੀ, ਮਹਿੰਗਾਈ ਨਾਲ ਭੁੱਖਮਰੀ ਵਰਗੀ ਹਾਲਤ ਪੈਦਾ ਕਰ ਰੱਖੀ ਹੈ।
          ਅਰਥੀ ਸਾੜ ਇਕੱਠਾਂ ਨੇ ਮੋਦੀ ਸਰਕਾਰ ਖਿਲਾਫ ਰੋਹ ਭਰਪੂਰ ਨਾਹਰੇ ਮਾਰਦਿਆਂ 5 ਜੂਨ ਦੇ ਤਿੰਨੇ ਖੇਤੀ ਆਰਡੀਨੈਂਸ ਅਤੇ ਬਿਜਲੀ ਸੋਧ ਬਿੱਲ 2020 ਰੱਦ ਕਰਨ ਸਮੇਤ ਪੈਟ੍ਰੋਲ ਡੀਜ਼ਲ ਦਾ ਮੁਕੰਮਲ ਕੰਟਰੋਲ ਸਰਕਾਰੀ ਹੱਥਾਂ ’ਚ ਲੈਣ ਦੀ ਮੰਗ ਕੀਤੀ । ਇਕੱਠਾਂ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਕਾਰਜਕਾਰੀ ਸੂਬਾ ਆਗੂਆਂ ਅਮਰੀਕ ਸਿੰਘ ਗੰਢੂਆਂ, ਸੰਦੀਪ ਸਿੰਘ ਚੀਮਾ ਤੇ ਰਾਜਵਿੰਦਰ ਰਾਮ ਨਗਰ ਸਮੇਤ ਜ਼ਿਲਾ ਤੇ ਬਲਾਕ ਪੱਧਰੇ ਆਗੂ ਸ਼ਾਮਲ ਸਨ। ਬੁਲਾਰਿਆਂ ਨੇ ਦਾਅਵਾ ਕੀਤਾ ਕਿ ਕਰੋਨਾ ਦੀ ਆੜ ਹੇਠ ਇਹ ਆਰਡੀਨੈਂਸ ਲਾਗੂ ਹੋਣ ਨਾਲ ਪੰਜਾਬ ਹਰਿਆਣੇ ਵਿੱਚ ਹੋ ਰਹੀ ਕਣਕ, ਝੋਨੇ, ਨਰਮੇ, ਗੰਨੇ ਦੀ ਸਰਕਾਰੀ ਖਰੀਦ ਵੀ ਠੱਪ ਹੋ ਜਾਣੀ ਹੈ ਅਤੇ ਐਮ.ਐਸ.ਪੀ. ਮਿਥੇ ਜਾਣ ਦੀ ਕੋਈ ਤੁਕ ਨਹੀਂ ਰਹਿਣੀ। ਕਿਉਕਿ ਪਹਿਲਾਂ ਹੀ ਪੂਰੇ ਦੇਸ਼ ਵਾਸਤੇ ਐਮ.ਐਸ.ਪੀ. ਮਿਥੇ ਜਾਣ ਦੇ ਬਾਵਜੂਦ ਸਰਕਾਰੀ ਖਰੀਦ ਤੋਂ ਵਾਂਝੇ ਸੂਬਿਆਂ ਦੇ ਕਿਸਾਨ ਖੇਤ ਮਜ਼ਦੂਰੀ ਲਈ ਪੰਜਾਬ ਹਰਿਆਣੇ ਹਜ਼ਾਰਾਂ ਕਿਲੋਮੀਟਰ ਚੱਲ ਕੇ ਆਉਦੇ ਹਨ। ਬਿਜਲੀ ਸੋਧ ਬਿੱਲ ਲਾਗੂ ਹੋਇਆ ਤਾਂ ਪੰਜਾਬ ਦੇ ਕਿਸਾਨਾਂ ਮਜ਼ਦੂਰਾਂ ਦੀ ਬਿੱਲ ਸਬਸਿਡੀ ਖਤਮ ਹੋਣ ਨਾਲ ਖੇਤੀ ਘਾਟੇ ਹੋਰ ਵੀ ਜਿਆਦਾ ਵਧਣੇ ਹਨ।
                         ਕਿਸਾਨ ਆਗੂਆਂ ਨੇ ਕਿਹਾ ਕਿ ਖੁਦਕੁਸ਼ੀਆਂ ਦਾ ਵਰਤਾਰਾ ਅਤੇ ਕਿਸਾਨਾਂ ਦੀਆਂ ਬਚੀਆਂ ਖੁਚੀਆਂ ਜ਼ਮੀਨਾਂ ਧਨਾਣ ਘਰਾਣਿਆਂ ਦੇ ਕਬਜ਼ੇ ਹੇਠ ਜਾਣ ਦਾ ਅਮਲ ਵੀ ਹੋਰ ਤੇਜ਼ ਹੋਣਾ ਹੈ। ਬੁਲਾਰਿਆਂ ਨੇ ਦਾਅਵਾ ਕੀਤਾ ਕਿ ਇਸ ਭਿਆਨਕ ਆਰਥਿਕ ਤਬਾਹੀ ਤੋਂ ਬਚਣ ਲਈ ਸੰਘਰਸ਼ ਹੀ ਇੱਕੋ ਇੱਕ ਰਾਹ ਹੈ। ਪੰਜਾਬ ਦੀ ਕੈਪਟਨ ਸਰਕਾਰ ਦੁਆਰਾ ਵੀ ਕਰੋਨਾ ਦੀ ਆੜ ’ਚ ਇਕੱਠਾਂ ’ਤੇ ਪਾਬੰਦੀ ਦੀ ਸਖਤ ਨਿਖੇਧੀ ਕੀਤੀ ਗਈ ਅਤੇ ਤਹਿਸ਼ੁਦਾ ਕਿਸਾਨ ਸੰਘਰਸ਼ ਕਰੋਨਾ ਸਾਵਧਾਨੀਆਂ ਦੀ ਪਾਲਣਾ ਸਹਿਤ ਹਰ ਹੀਲੇ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ। ਮਤੇ ਪਾਸ ਕਰਕੇ ਸਾਂਤਮਈ ਸੰਘਰਸ਼ ਕਰ ਰਹੇ ਖੇਤ ਮਜ਼ਦੂਰਾਂ, ਕਿਸਾਨਾਂ, ਮੁਲਾਜ਼ਮਾਂ ਸਿਰ ਝੂਠੇ ਕੇਸ ਮੜਨ ਤੇ ਬਾਦਲ ਪਿੰਡ ’ਚ ਕਿਸਾਨਾਂ ’ਤੇ ਲਾਠੀਚਾਰਜ ਕਰਨ ਦੀ ਸਖਤ ਨਿਖੇਧੀ ਕਰਦਿਆਂ ਝੂਠੇ ਕੇਸ ਵਾਪਸ ਲੈਣ ਦੀ ਮੰਗ ਕੀਤੀ ਗਈ। ਬੁਲਾਰਿਆਂ ਨੇ 26 ਜੁਲਾਈ ਤੱਕ ਥਾਂ-ਥਾਂ ਅਰਥੀ ਸਾੜ ਮੁਜ਼ਾਹਰਿਆਂ ਵਿੱਚ ਅਤੇ 27 ਨੂੰ ਜ਼ਿਲਾ ਪੱਧਰ ’ਤੇ ਭਾਜਪਾ ਅਕਾਲੀ ਆਗੂਆਂ ਦੇ ਘਰਾਂ ਤੱਕ ਕੀਤੇ ਜਾਣ ਵਾਲੇ ਟਰੈਕਟਰ ਮਾਰਚਾਂ ਵਿੱਚ ਵਧ ਚੜ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!