ਅਸ਼ੋਕ ਵਰਮਾ
ਮਾਨਸਾ, 30 ਜੁਲਾਈ:ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰਪਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਪ੍ਰੈਸ਼ਰ ਹਾਰਨਾਂ ਦੀ ਰੋਕਥਾਮ ਲਈ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦਾ ਆਗਾਜ਼ ਕਰਦਿਆਂ ਵੱਖ ਵੱਖ ਵਾਹਨਾਂ ’ਤੇ ਸਟੀਕਰ ਲਗਾਏ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਵਿਡ ਦੀਆਂ ਸਾਵਧਾਨੀਆਂ ਬਾਰੇ ਵਿਆਪਕ ਪੱਧਰ ’ਤੇ ਚਲਾਈ ਜਾ ਰਹੀ ਚੇਤਨਤਾ ਮੁਹਿੰਮ ਦੇ ਨਾਲ ਨਾਲ ਹੀ ਪ੍ਰੈਸ਼ਰ ਹਾਰਨਾਂ ਦੀ ਵਰਤੋਂ ਨੂੰ ਰੋਕਣ ਲਈ ਜਿਥੇ ਮੁਢਲੇ ਪੜਾਅ ਵਿੱਚ ਐਸ.ਡੀ.ਐਮ ਮਾਨਸਾ ਸਰਬਜੀਤ ਕੌਰ ਦੇ ਉਦਮ ਸਦਕਾ 3000 ਸਟੀਕਰ ਛਪਵਾਏ ਗਏ ਹਨ ਉਥੇ ਹੀ ਜ਼ਿਲ੍ਹੇ ਦੀਆਂ ਸਮੂਹ ਸਬ ਡਵੀਜ਼ਨਾਂ ਵਿੱਚ ਉਪ ਮੰਡਲ ਮੈਜਿਸਟਰੇਟ ਨੂੰ ਹਦਾਇਤ ਕੀਤੀ ਗਈ ਹੈ ਕਿ ਜਿਹੜੇ ਵਾਹਨ ਚਾਲਕ ਸਰਕਾਰੀ ਹਦਾਇਤਾਂ ਦੀ ਉਲੰਘਣਾ ਕਰਕੇ ਪ੍ਰੈਸ਼ਰ ਹਾਰਨਾਂ ਦੀ ਵਰਤੋਂ ਕਰਦੇ ਪਾਏ ਜਾਂਦੇ ਹਨ ਉਨ੍ਹਾਂ ਦੇ ਚਲਾਨ ਕੱਟੇ ਜਾਣ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਆਵਾਜ਼ ਪ੍ਰਦੂਸ਼ਣ ਪੈਦਾ ਕਰਨ ਵਾਲਿਆਂ ਖਿਲਾਫ਼ ਸਖ਼ਤੀ ਨਾਲ ਨਜਿੱਠਿਆ ਜਾਵੇਗਾ ਅਤੇ ਵਾਰ ਵਾਰ ਨਿਯਮਾਂ ਦੀ ਉਲੰਘਣਾ ਸਾਹਮਣੇ ਆਉਣ ’ਤੇ ਸਖ਼ਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸੇ ਵੀ ਲੋਕ ਪੱਖੀ ਮੁਹਿੰਮ ਦੀ ਸਫ਼ਲਤਾ ਲਈ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਾਤਾਵਰਣ ਨੂੰ ਆਵਾਜ਼ ਪ੍ਰਦੂਸ਼ਣ ਮੁਕਤ ਕਰਨ ਦੀ ਇਸ ਮੁਹਿੰਮ ਵਿੱਚ ਹਰੇਕ ਨਾਗਰਿਕ ਨੂੰ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ ਕਿਉਂ ਜੋ ਉੱਚੀ, ਤਿੱਖੀ ਆਵਾਜ਼ ਨਾਲ ਸਾਡੀ ਸਿਹਤ ’ਤੇ ਵੀ ਮਾੜਾ ਪ੍ਰਭਾਵ ਪੈਂਦਾ ਹੈ। ਸ਼੍ਰੀ ਮਹਿੰਦਰਪਾਲ ਨੇ ਇਸ ਕਾਰਜ ਲਈ ਐਸ.ਡੀ.ਐਮ ਮਾਨਸਾ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਵੀ ਲੋਕ ਸੇਵਾ ਹਿੱਤ ਅਜਿਹੇ ਉਪਰਾਲੇ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਵਾਹਨਾਂ ’ਤੇ ਪ੍ਰੈਸ਼ਰ ਹਾਰਨਾਂ ਦੀ ਵਰਤੋਂ ਕਰਨ ਵਾਲਿਆਂ ਖਿਲਾਫ਼ ਕਾਰਵਾਈ ਤੇਜ਼ ਕਰਨ ਦੇ ਆਦੇਸ਼ ਦੇ ਦਿੱਤੇ ਗਏ ਹਨ ਅਤੇ ਜਲਦੀ ਹੀ ਇਸ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਉਣਗੇ। ਇਸ ਮੌਕੇ ਉਪ ਮੰਡਲ ਮੈਜਿਸਟਰੇਟ ਸ਼੍ਰੀਮਤੀ ਸਰਬਜੀਤ ਕੌਰ ਨੇ ਦੱਸਿਆ ਕਿ ਮਾਨਸਾ ਵਿੱਚ ਬੱਸਾਂ, ਟਰੱਕਾਂ ਸਮੇਤ ਹੋਰ ਦੋ ਪਹੀਆ ਤੇ ਚਾਰ ਪਹੀਆ ਵਾਹਨਾਂ ’ਤੇ ਪ੍ਰੈਸ਼ਰ ਹਾਰਨਾਂ ਦੀ ਵਰਤੋਂ ’ਤੇ ਪਾਬੰਦੀ ਹੈ ਅਤੇ ਇਸ ਦੀ ਉਲੰਘਣਾ ਕਰਨ ਵਾਲਿਆਂ ਨੂੰ ਜੁਰਮਾਨੇ ਕਰਨ ਦੀ ਪ੍ਰਕਿਰਿਆ ਜਾਰੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਜਾਗਰੂਕਤਾ ਸਟੀਕਰਾਂ ਦੇ ਉਪਰ ਕੋਵਿਡ-19 ਤੋਂ ਬਚਾਅ ਦੇ ਢੰਗਾਂ ਬਾਰੇ ਵੀ ਸੰਕੇਤਕ ਤੌਰ ’ਤੇ ਦੱਸਿਆ ਗਿਆ ਹੈ ਤਾਂ ਜੋ ਲੋਕ ਕੋਵਿਡ ਤੋਂ ਬਚਾਅ ਤਹਿਤ ਮਾਸਕ ਪਾ ਕੇ ਰੱਖਣ, ਸਮਾਜਿਕ ਦੂਰੀ ਤੇ ਵਾਰ ਵਾਰ ਹੱਥ ਧੋਣ ਦੀ ਪ੍ਰਕਿਰਿਆ ਦੀ ਵੀ ਪਾਲਣਾ ਕਰਦੇ ਰਹਿਣ। ਇਸ ਮੌਕੇ ਯੁਵਕ ਸੇਵਾਵਾਂ ਵਿਭਾਗ ਦੇ ਸਹਾਇਕ ਡਾਇਰੈਕਟਰ ਰਘਬੀਰ ਮਾਨ ਵੀ ਮੌਜੂਦ ਸਨ।