ਅਸ਼ੋਕ ਵਰਮਾ
ਬਠਿੰਡਾ , 12 ਅਗਸਤ : ਡਿਜ਼ੀਟਿਲ ਦੇ ਯੁੱਗ ਵਿਚ ਸਰਕਾਰੀ ਸਕੂਲਾਂ ਵਿਚ ਪੜ ਰਹੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਮਾਰਟ ਫੋਨ ਬਹੁਤ ਹੀ ਸਹਾਈ ਸਿੱਧ ਹੋਣਗੇ। ਇਹ ਮੋਬਾਇਲ ਫ਼ੋਨ ਜਿੱਥੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਹਾਸਲ ਕਰਨ ਲਈ ਰਾਹ ਦੁਸੇਰਾ ਹੋਣਗੇ ਉੱਥੇ ਉਨਾਂ ਨੂੰ ਰੁਜ਼ਗਾਰ ਪ੍ਰਾਪਤ ਕਰਨ ਵਿਚ ਵੀ ਮਦਦ ਕਰਨਗੇ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਜ਼ਿਲਾ ਪ੍ਰਬੰਧਕੀ ਕੈਪਲੈਕਸ ਵਿਖੇ (ਪੰਜਾਬ ਸਮਾਰਟ ਕੁਨੈਕਟ ਸਕੀਮ) ਤਹਿਤ ਸਰਕਾਰੀ ਸਕੂਲਾਂ ਦੇ ਬਾਰਵੀਂ ਜਮਾਤ ਵਿਚ ਪੜ ਰਹੇ ਵਿਦਿਆਰਥੀਆਂ ਨੂੰ ਸਮਾਰਟ ਮੋਬਾਇਲ ਫੋਨ ਦੀ ਵੰਡ ਕਰਨ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ। ਇਸ ਮੌਕੇ ਉਨਾਂ ਨਾਲ ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਬੀ.ਸ੍ਰੀਨਿਵਾਸਨ ਵੀ ਹਾਜ਼ਰ ਸਨ। ਇਸ ਤੋਂ ਪਹਿਲਾਂ ਵਿੱਤ ਮੰਤਰੀ ਸ਼ ਬਾਦਲ ਵਲੋਂ ਕੌਮਾਤਰੀ ਯੂਥ ਡੇਅ ਤੇ ਜਨਮ ਅਸ਼ਟਮੀ ਦੀ ਵਧਾਈ ਵੀ ਦਿੱਤੀ ਗਈ।
ਇਸ ਮੌਕੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ਬਾਦਲ ਨੇ ਮੀਡੀਆ ਨਾਲ ਗਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਜੋ ਵਿਦਿਆਰਥੀਆਂ ਨੂੰ ਸਮਾਰਟ ਮੋਬਾਇਲ ਫੋਨ ਦਾ ਵਾਅਦਾ ਕੀਤਾ ਗਿਆ ਸੀ ਉਸ ਨੂੰ ਅੱਜ ਕੌਮਾਤਰੀ ਯੂਥ ਡੇਅ ਮੌਕੇ ਵਿਦਿਆਰਥੀਆਂ ਨੂੰ ਮੋਬਾਇਲ ਫ਼ੋਨ ਦੀ ਸ਼ੁਰੂਆਤ ਕਰਕੇ ਪੂਰਾ ਕਰ ਦਿੱਤਾ ਗਿਆ ਹੈ। ਉਨਾਂ ਇੱਕ ਸਵਾਲ ਦੇ ਜੁਆਬ ਵਿਚ ਦੱਸਿਆ ਕਿ ਨਵੰਬਰ ਮਹੀਨੇ ਤੱਕ ਜ਼ਿਲੇ ਦੇ ਸਰਕਾਰੀ ਸਕੂਲਾਂ ਵਿਚ ਬਾਰਵੀਂ ਜਮਾਤ ’ਚ ਪੜ ਰਹੇ ਵਿਦਿਆਰਥੀਆਂ ਨੂੰ ਮੋਬਾਇਲ ਫ਼ੋਨ ਦੇਣ ਦਾ ਮਿੱਥਿਆ ਟੀਚਾ ਪੂਰਾ ਕਰ ਲਿਆ ਜਾਵੇਗਾ। ਉਨਾਂ ਇਹ ਵੀ ਦੱਸਿਆ ਕਿ ਇਸ ਉਪਰੰਤ ਗਿਆਰਵੀਂ ਜਮਾਤ ’ਚ ਪੜ ਰਹੇ ਵਿਦਿਆਰਥੀਆਂ ਨੂੰ ਸਮਾਰਟ ਮੋਬਾਇਨ ਫੋਨ ਦੇਣ ਦੀ ਸ਼ੁਰੂਆਤ ਕੀਤੀ ਜਾਵੇਗੀ।
ਇਸ ਦੌਰਾਨ ਵਿੱਤ ਮੰਤਰੀ ਨੇ ਦੱਸਿਆ ਕਿ ਜ਼ਿਲੇ ’ਚ ਪਹਿਲੇ ਪੜਾਅ ਦੇ ਤਹਿਤ 100 ਸਮਾਰਟ ਫੋਨ ਆਏ ਸਨ ਜਿਨਾਂ ਵਿਚੋਂ ਅੱਜ ਗਰੀਬ ਤੇ ਮੱਧ ਵਰਗੀ ਪਰਿਵਾਰਾਂ ਨਾਲ ਸਬੰਧ ਰੱਖਦੇ 39 ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਮੁਹੱਈਆ ਕਰਵਾ ਦਿੱਤੇ ਗਏ ਹਨ। ਉਨਾਂ ਇਹ ਵੀ ਦੱਸਿਆ ਕਿ ਬਾਰਵੀਂ ਜਮਾਤ ਦੇ ਬਾਕੀ ਰਹਿੰਦੇ ਵਿਦਿਆਰਥੀਆਂ ਨੂੰ ਸਮਾਰਟ ਫ਼ੋਨ ਸਬੰਧਤ ਸਕੂਲਾਂ ਦੇ ਪਿ੍ਰਸੀਪਲਾਂ ਦੀ ਮਾਰਫ਼ਤ ਪਹੰੁਚਾ ਦਿੱਤੇ ਜਾਣਗੇ। ਇਸ ਮੌਕੇ ਜ਼ਿਲਾ ਪੁਲਿਸ ਮੁਖੀ ਭੁਪਿੰਦਰ ਜੀਤ ਸਿੰਘ ਵਿਰਕ, ਏਡੀਸੀ ਜਨਰਲ ਰਾਜਦੀਪ ਸਿੰਘ ਬਰਾੜ, ਕਾਂਗਰਸੀ ਆਗੂ ਅਰੁਣ ਵਧਾਵਨ, ਮਾਰਕਿਟ ਕਮੇਟੀ ਦੇ ਚੇਅਰਮੈਨ ਮੋਹਨ ਲਾਲ ਝੂੰਬਾ, ਖੁਸ਼ਬਾਜ ਜਟਾਣਾ ਤੋਂ ਇਲਾਵਾ ਜ਼ਿਲਾ ਸਿੱਖਿਆ ਅਫ਼ਸਰ ਸੁਖਵੀਰ ਸਿੰਘ, ਉਪ ਜ਼ਿਲਾ ਸਿੱਖਿਆ ਅਫ਼ਸਰ ਸ਼੍ਰੀਮਤੀ ਭੁਪਿੰਦਰ ਕੌਰ ਅਤੇ ਇੱਕਬਾਲ ਸਿੰਘ ਬੁੱਟਰ ਆਦਿ ਹਾਜ਼ਰ ਸਨ।