ਅਸ਼ੋਕ ਵਰਮਾ
ਮਾਨਸਾ,12 ਅਗਸਤ: ਜਨਮ ਅਸ਼ਟਮੀ ਅਤੇ ਕੌਮਾਂਤਰੀ ਯੁਵਕ ਦਿਵਸ ਦੇ ਮੌਕੇ ’ਤੇ ਪੰਜਾਬ ਸਮਾਰਟ ਕੁਨੈਕਟ ਸਕੀਮ ਤਹਿਤ ਅੱਜ ਮਾਨਸਾ ਵਿਖੇ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਜ਼ਿਲੇ ਦੇ ਸਰਕਾਰੀ ਸਕੂਲਾਂ ਵਿੱਚ ਪੜਦੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇਹ ਸਮਾਰਟ ਫੋਨ ਦੇਣ ਦੀ ਮੁਹਿੰਮ ਦੀ ਰਸਮੀ ਸ਼ੁਰੂਆਤ ਕੀਤੀ । ਇਸ ਮੌਕੇ ਮਾਲ ਮੰਤਰੀ ਕਾਂਗੜ ਨੇ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮਾਰਟ ਫੋਨ ਮੁਹੱਈਆ ਕਰਵਾਉਣ ਦਾ ਮੁੱਖ ਮਕਸਦ ਡਿਜ਼ੀਟਲ ਪਹੁੰਚ, ਹੁਨਰ ਵਿਕਾਸ, ਤਕਨੀਕੀ ਜਾਣਕਾਰੀ, ਆਨਲਾਈਨ ਸਿੱਖਿਆ ਪ੍ਰਣਾਲੀ ਨਾਲ ਜੋੜਨਾ, ਭਵਿੱਖ ਵਿੱਚ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਵਾਉਣੇ ਅਤੇ ਸਮੇਂ ਸਮੇਂ ਉਤੇ ਸਰਕਾਰੀ ਸੇਵਾਵਾਂ ਬਾਰੇ ਜਾਣਕਾਰੀ ਉਪਲਬਧ ਕਰਵਾਉਣਾ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਮਾਨਸਾ ਦੇ ਸਰਕਾਰੀ ਸਕੂਲਾਂ ਵਿਖੇ 12ਵੀਂ ਜਮਾਤ ਵਿੱਚ ਪੜਦੇ ਕੁਲ 6231 ਵਿਦਿਆਰਥੀਆਂ ਨੂੰ ਮੁਫ਼ਤ ਫੋਨ ਮੁਹੱਈਆ ਕਰਵਾਏ ਜਾ ਰਹੇ ਹਨ ਜਿੰਨਾਂ ’ਚ 3088 ਲੜਕੀਆਂ ਅਤੇ 3143 ਲੜਕੇ ਹਨ । ਉਨਾਂ ਕਿਹਾ ਕਿ ਇਹ ਸਮਾਰਟ ਫੋਨ ਮੌਜੂਦਾ ਕੋਵਿਡ ਸੰਕਟ ਦੇ ਦੌਰ ਵਿੱਚ ਵਿਦਿਆਰਥੀਆਂ ਦੀ ਆਨਲਾਈਨ ਸਿੱਖਿਆ ਤੱਕ ਸੌਖਾਲੀ ਪਹੁੰਚ ਬਣਾ ਕੇ ਉਨਾਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਣ ਵਿੱਚ ਅਹਿਮ ਜ਼ਰੀਆ ਸਾਬਤ ਹੋਣਗੇ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨਾਂ ਸਮਾਰਟ ਫੋਨਾਂ ਵਿੱਚ ਐਮ ਸੇਵਾ ਅਤੇ ਕੈਪਟਨ ਕੰਟੈਕਟ ਐਪ ਪਹਿਲਾਂ ਤੋਂ ਹੀ ਇੰਸਟਾਲ ਹਨ ਜਿਨਾਂ ਨਾਲ ਵਿਦਿਆਰਥੀਆਂ ਨੂੰ ਮਹੱਤਵਪੂਰਨ ਫਾਇਦਾ ਹੋਵੇਗਾ। ਇਸ ਮੌਕੇ ਵਿਦਿਆਰਥੀਆਂ ਨੇ ਪੰਜਾਬ ਸਰਕਾਰ ਅਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰਪਾਲ ਨੇ ਕਿਹਾ ਕਿ ਆਉਂਦੇ ਕੁਝ ਦਿਨਾਂ ਵਿੱਚ ਬਾਰਵੀਂ ਦੇ ਸਮੂਹ ਵਿਦਿਆਰਥੀਆਂ ਨੂੰ ਮੋਬਾਇਲ ਫੋਨਾਂ ਦੀ ਵੰਡ ਕਰ ਦਿੱਤੀ ਜਾਵੇਗੀ। ਇਸ ਮੌਕੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ, ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫ਼ਰ, ਚੇਅਰਮੈਨ ਜ਼ਿਲਾ ਪਰਿਸ਼ਦ ਬਿਕਰਮ ਸਿੰਘ ਮੋਫ਼ਰ, ਜ਼ਿਲਾ ਪ੍ਰਧਾਨ ਯੂਥ ਕਾਂਗਰਸ ਚੁਸ਼ਪਿੰਦਰਬੀਰ ਚਹਿਲ, ਅਰਸ਼ਦੀਪ ਗਾਗੋਵਾਲ, ਗੁਰਪ੍ਰੀਤ ਕੌਰ ਗਾਗੋਵਾਲ ਮੈਂਬਰ ਜ਼ਿਲਾ ਪਰਿਸ਼ਦ, ਬਲਵਿੰਦਰ ਨਾਰੰਗ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ, ਕੁਲਵੰਤ ਰਾਏ ਸਿੰਗਲਾ, ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਐਸ.ਡੀ.ਐਮ ਸਰਬਜੀਤ ਕੌਰ, ਜ਼ਿਲਾ ਸਿੱਖਿਆ ਅਫ਼ਸਰ ਸੁਰਜੀਤ ਸਿੰਘ, ਉਪ ਜ਼ਿਲਾ ਸਿੱਖਿਆ ਅਫ਼ਸਰ ਜਗਰੂਪ ਭਾਰਤੀ, ਹਰਦੀਪ ਸਿੰਘ ਸਿੱਧੂ ਸਮੇਤ ਹੋਰ ਅਧਿਕਾਰੀ ਆਦਿ ਵੀ ਹਾਜ਼ਰ ਸਨ।