19.4 C
United Kingdom
Wednesday, June 24, 2026

More

    ਖੇਤੀ ਆਰਡੀਨੈਂਸ: ਕਿਸਾਨਾਂ ਮਜ਼ਦੂਰਾਂ ਨੇ ਬਾਦਲ ਤੇ ਪਟਿਆਲਾ ‘ਚ ਗੱਡੇ ਪੱਕੇ ਮੋਰਚੇ

    ਅਸ਼ੋਕ ਵਰਮਾ
    ਚੰਡੀਗੜ 15 ਸਤੰਬਰ । ਕਰੋਨਾ ਦੀ ਆੜ ਹੇਠ ਕਿਸਾਨ ਮਾਰੂ ਖੇਤੀ ਆਰਡੀਨੈਂਸਾਂ ਨੂੰ ਮੜਨ ‘ਤੇ ਤੁਲੀ ਹੋਈ ਕੇਂਦਰੀ ਭਾਜਪਾ- ਅਕਾਲੀ ਹਕੂਮਤ ਅਤੇ ਚੋਣ ਵਾਅਦਿਆਂ ਤੋਂ ਭੱਜੀ ਪੰਜਾਬ ਦੀ ਕਾਂਗਰਸ ਹਕੂਮਤ ਦੋਨਾਂ ਵਿਰੁੱਧ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੱਦੇ ‘ਤੇ ਹਜ਼ਾਰਾਂ ਕਿਸਾਨਾਂ ਮਜ਼ਦੂਰਾਂ ਨੇ 20 ਸਤੰਬਰ ਤੱਕ ਦਿਨ ਰਾਤ ਦੇ ਪੱਕੇ ਮੋਰਚਿਆਂ ਦੇ ਝੰਡੇ ਅੱਜ ਬਾਦਲ ਪਿੰਡ ਅਤੇ ਪਟਿਆਲਾ ਪੁੱਡਾ ਗ੍ਰਾਊਂਡ ਵਿਖੇ ਗੱਡ ਦਿੱਤੇ। ਦੋਨਾਂ ਥਾਂਵਾਂ ‘ਤੇ ਕੁੱਲ ਮਿਲਾ ਕੇ ਭਾਰੀ ਗਿਣਤੀ ‘ਚ ਔਰਤਾਂ ਅਤੇ ਨੌਜਵਾਨਾਂ ਸਮੇਤ ਲੋੜੀਂਦੇ ਰਾਸ਼ਨ ਕੱਪੜੇ ਟੈਂਟ ਅਤੇ ਮਾਸਕ ਸੈਨੇਟਾਈਜਰਾਂ ਵਗੈਰਾ ਦੇ ਪੂਰੇ ਪ੍ਰਬੰਧ ਕਰਕੇ ਹਜ਼ਾਰਾਂ ਦੀ ਤਾਦਾਦ ‘ਚ ਪੁੱਜੇ ਕਿਸਾਨਾਂ ਮਜ਼ਦੂਰਾਂ ਵੱਲੋਂ ਦੋਨਾਂ ਸਰਕਾਰਾਂ ਦੀ ਮੁਰਦਾਬਾਦ ਅਤੇ ਆਪਣੀਆਂ ਮੰਗਾਂ ਦੇ ਹੱਕ ‘ਚ ਆਕਾਸ਼ ਗੁੰਜਾਊ ਨਾਹਰਿਆਂ ਰਾਹੀਂ ਤਿੱਖਾ ਰੋਸ ਜ਼ਾਹਰ ਕੀਤਾ । ਜਥੇਬੰਦੀ ਦੇ ਸੂਬਾ  ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਅੱਜ ਜਾਰੀ ਪ੍ਰੈਸ ਬਿਆਨ ਵਿੱਚ ਦਾਅਵਾ ਕੀਤਾ  ਹੈ ਕਿ ਸਰਕਾਰਾਂ ਦੇ ਅੜੀਅਲ ਤੇ ਜਾਬਰ ਵਤੀਰੇ ਵਿਰੁੱਧ ਕਿਸਾਨਾਂ ਮਜਦੂਰਾਂ ਦਾ ਠਾਠਾਂ ਮਾਰਦਾ ਰੋਹ ਖੇਤੀ ਆਰਡੀਨੈਂਸਾਂ ਨੂੰ ਜਨਤਕ ਤਾਕਤ ਰਾਹੀਂ ਮਸਲ ਸੁੱਟਣ ਵਾਲੇ “ਕਰੋ ਜਾਂ ਮਰੋ“ ਸੰਘਰਸ਼ ਲਈ ਪੂਰੀ ਤਰਾਂ ਤਿਆਰ ਹੈ ।
                                    ਮੋਰਚਿਆਂ ਦੇ ਇਕੱਠਾਂ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਮੀਤ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ, ਰੂਪ ਸਿੰਘ ਛੰਨਾਂ, ਹਰਿੰਦਰ ਕੌਰ ਬਿੰਦੂ,ਰਾਜਵਿੰਦਰ ਸਿੰਘ ਰਾਮਨਗਰ, ਅਮਰੀਕ ਸਿੰਘ ਗੰਢੂਆਂ ਸਮੇਤ ਵੱਖ ਵੱਖ ਜਿਲਿਆਂ ਦੇ ਪ੍ਰਧਾਨ ਸਕੱਤਰ ਤੇ ਸਥਾਨਕ ਆਗੂ ਸ਼ਾਮਲ ਸਨ। ਬੁਲਾਰਿਆਂ ਨੇ ਜ਼ੋਰਦਾਰ ਮੰਗ ਕੀਤੀ ਕਿ ਤਿੰਨੇ ਕਿਸਾਨ ਮਾਰੂ ਖੇਤੀ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ 2020 ਸਮੇਤ ਭੂਮੀ- ਅਧਿਗ੍ਰਹਿਣ ਕਾਨੂੰਨ ‘ਚ ਕਿਸਾਨ ਮਾਰੂ ਸੋਧਾਂ ਰੱਦ ਕਰੋ। ਬੁਲਾਰਿਆਂ ਨੇ ਦੋਸ਼ ਲਾਇਆ ਕਿ ਇਹ ਕਾਨੂੰਨ ਪੂਰੀ ਖੇਤੀ ਮੰਡੀ ਦੇਸੀ ਵਿਦੇਸ਼ੀ ਸਾਮਰਾਜੀ ਕਾਰਪੋਰੇਟਾਂ ਦੀ ਮੁੱਠੀ ‘ਚ ਦੇਣ ਅਤੇ ਕਿਸਾਨਾਂ ਦੀਆਂ ਜ਼ਮੀਨਾਂ ਹਥਿਆ ਕੇ ਵੱਡੇ ਕਾਰਪੋਰੇਟ ਖੇਤੀ ਫਾਰਮ ਉਸਾਰਨ ਵਾਲੇ ਛੋਟੀ ਦਰਮਿਆਨੀ ਕਿਸਾਨੀ ਦੇ ਮੌਤ ਦੇ ਵਰੰਟ ਹਨ। ਕਿਸਾਨ ਇਹਨਾਂ ਨੂੰ ਹਰਗਿਜ ਲਾਗੂ ਨਹੀਂ ਹੋਣ ਦੇਣਗੇ, ਭਾਵੇਂ ਕਿੰਨੀਆਂ ਵੀ ਕੁਰਬਾਨੀਆਂ ਕਿਉਂ ਨਾ ਦੇਣੀਆਂ ਪੈ ਜਾਣ।  
                              ਉਹਨਾਂ ਮੰਗ ਕੀਤੀ ਕਿ ਸ਼ਾਂਤਮਈ ਸੰਘਰਸ਼ਾਂ ਨੂੰ ਅਤੇ ਲਿਖਣ ਬੋਲਣ ਦੇ ਜਮਹੂਰੀ ਹੱਕਾਂ ਨੂੰ ਕੁਚਲਣ ਲਈ ਝੂਠੇ ਕੇਸ ਮੜ ਕੇ ਜੇਲੀਂ ਡੱਕੇ ਬਜ਼ੁਰਗ ਕਵੀ ਵਰਵਰਾ ਰਾਓ, ਗੰਭੀਰ ਰੋਗੀ ਤੇ ਅੰਗਹੀਣ ਪ੍ਰੋ: ਜੀ ਐਨ ਸਾਂਈਂਬਾਬਾ ਸਮੇਤ ਸ਼ਾਹੀਨ ਬਾਗ ਤੇ ਜਾਮੀਆ ਯੂਨੀਵਰਸਿਟੀ ਦੇ ਕਾਰਕੁਨਾਂ ਸਭਨਾਂ ਨੂੰ ਬਿਨਾਂ ਸਰਤ ਰਿਹਾਅ ਕਰੋ। ਲਗਾਤਾਰ ਵਧ ਰਹੇ ਖੇਤੀ ਘਾਟਿਆਂ ਕਾਰਨ ਚੜੇ ਜਾਨਲੇਵਾ ਕਰਜੇ ਮੋੜਨੋਂ ਅਸਮਰੱਥ ਕਿਸਾਨਾਂ ਮਜਦੂਰਾਂ ਦੇ ਹਰ ਕਿਸਮ ਦੇ ਕਰਜੇ ਖਤਮ ਕਰੋ ਤੇ ਸੂਦਖੋਰੀ ਕਰਜਾ ਕਾਨੂੰਨ ਕਿਸਾਨ ਮਜਦੂਰ ਪੱਖੀ ਬਣਾਓ। ਘਰ ਘਰ ਰੁਜਗਾਰ ਦਾ ਵਾਅਦਾ ਪੂਰਾ ਕਰੋ ਤੇ ਉਸਤੋਂ ਪਹਿਲਾਂ ਗੁਜ਼ਾਰੇਯੋਗ ਬੇਰੁਜਗਾਰੀ ਭੱਤਾ ਦਿਓ।  ਆਦਮਖੋਰ ਨਸ਼ਾ ਮਾਫੀਆ ਦੀ ਸਿਆਸੀ ਪ੍ਰਸ਼ਾਸਕੀ ਸਰਪ੍ਰਸਤੀ ਬੰਦ ਕਰੋ। ਸਵੈ ਰੁਜਗਾਰ ਦੀ ਆੜ ਹੇਠ ਔਰਤਾਂ ਦੀ ਅੰਨੀ ਸੂਦਖੋਰੀ ਲੁੱਟ ਕਰ ਰਹੀਆਂ ਮਾਈਕ੍ਰੋ ਫਾਈਨਾਂਸ ਕੰਪਨੀਆਂ ਦੇ ਸਾਰੇ ਕਰਜੇ ਖਤਮ ਕਰੋ।
                 ਇਸੇ ਤਰਾਂ ਹੀ ਬੁਲਾਰਿਆਂ ਨੇ ਸਵਾਮੀਨਾਥਨ ਰਿਪੋਰਟ ਅਨੁਸਾਰ ਸਾਰੀਆਂ ਫਸਲਾਂ ਦੇ ਲਾਭਕਾਰੀ ਸਮਰਥਨ ਮੁੱਲ ਸੀ-2 ਜਮਾਂ 50% ਫਾਰਮੂਲੇ ਮੁਤਾਬਕ ਮਿਥੋ  ਤੇ ਪੂਰੀ ਖਰੀਦ ਦੀ ਗਰੰਟੀ ਕਰਨ। ਜ਼ਮੀਨੀ ਹੱਦਬੰਦੀ ਕਾਨੂੰਨ ਸਖਤੀ ਨਾਲ ਲਾਗੂ ਕਰਕੇ ਵੱਡੇ ਜਗੀਰਦਾਰਾਂ ਦੀ ਫਾਲਤੂ ਜ਼ਮੀਨ ਬੇਜ਼ਮੀਨੇ ਥੁੜਜ਼ਮੀਨੇ ਮਜ਼ਦੂਰਾਂ ਕਿਸਾਨਾਂ ‘ਚ ਵੰਡਣ। ਕਾਰਪੋਰੇਟ ਘਰਾਣਿਆਂ ਅਤੇ ਵੱਡੇ ਜਗੀਰਦਾਰਾਂ ਉੱਤੇ ਭਾਰੀ ਟੈਕਸ ਲਾਓੁਣ। ਬਠਿੰਡਾ ਥਰਮਲ ਬੰਦ ਕਰਨ ਤੇ ਢਾਹੁਣ ਦਾ ਫੈਸਲਾ ਰੱਦ ਕਰਨ। ਸਮੁੱਚੀਆਂ ਸਿਹਤ ਸੇਵਾਵਾਂ ਦਾ ਸਰਕਾਰੀਕਰਨ ਕਰਕੇ ਕਰੋਨਾ ਸਮੇਤ ਸਭ ਜਾਨਲੇਵਾ ਬੀਮਾਰੀਆਂ ਦੀ ਤਸੱਲੀਬਖਸ ਰੋਕਥਾਮ ਦੇ ਪੁਖਤਾ ਪ੍ਰਬੰਧ ਕਰਨ ਜਿਹੜੇ ਕਿ ਸਮੂਹ ਗਰੀਬਾਂ ਲਈ ਮੁਫਤ ਹੋਣ। ਜਲ ਸਪਲਾਈ, ਬਿਜਲੀ ਤੇ ਹੋਰ ਸਾਰੇ ਜਨਤਕ ਅਦਾਰਿਆਂ ਦੇ ਨਿਜੀਕਰਨ ਪੰਚਾਇਤੀਕਰਨ ਦੀਆਂ ਸਾਮਰਾਜ ਪੱਖੀ ਨੀਤੀਆਂ ਰੱਦ ਕਰੋ। ਬੁਲਾਰਿਆਂ ਨੇ ਐਲਾਨ ਕੀਤਾ ਕਿ ਖੇਤੀ ਆਰਡੀਨੈਂਸਾਂ ਵਿਰੁੱਧ ਕਿਸਾਨ ਜਥੇਬੰਦੀਆਂ ਨਾਲ ਸੰਭਵ ਹੱਦ ਤੱਕ ਤਾਲਮੇਲ ਬਿਠਾਕੇ ਹੋਰ ਪ੍ਰਚੰਡ ਕਰਦਿਆਂ  ਸੰਘਰਸ਼ ਨੂੰ ਅੰਤਿਮ ਜਿੱਤ ਤੱਕ ਲੜਿਆ ਜਾਵੇਗਾ।  

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!