ਮਲੇਰਕੋਟਲਾ, 22 ਸਤੰਬਰ (ਥਿੰਦ)-ਉੱਘੇ ਸਮਾਜਸੇਵੀ ਗੁਰਪਰੀਤ ਸਿੰਘ ਸੰਗਾਲੀ ਨੇ ਆਸਟਰੇਲੀਆ ਤੋਂ ਫੋਨ ਤੇ ਗੱਲਬਾਤ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਲਿਆਂਦੇ ਖੇਤੀ ਆਰਡੀਨੈਂਸਾਂ ਦਾ ਵਿਰੋਧ ਕਰਦਿਆਂ ਕਿਹਾ ਕਿ ਸਰਕਾਰ ਇਹਨਾਂ ਆਰਡੀਨੈਂਸਾਂ ਨੂੰ ਕਾਨੂੰਨ ਬਣਾ ਕੇ ਕਿਸਾਨਾਂ ਨਾਲ ਧਰੋਹ ਕਮਾ ਰਹੀ ਹੈ।ਉਹਨਾਂ ਕਿਹਾ ਕਿ ਪੰਜਾਬ ਦਾ ਕਿਸਾਨ ਤਾਂ ਪਹਿਲਾਂ ਹੀ ਆਰਥਿਕ ਤੰਗੀ ਚੋਂ ਗੁਜਰਦਿਆਂ ਖੁਦਕੁਸ਼ੀਆਂ ਦੇ ਰਾਹ ਤੁਰਿਆ ਹੋਇਆ ਹੈ ਅਤੇ ਹੁਣ ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਇਹ ਆਰਡੀਨੈਂਸ ਕਿਸਾਨਾਂ ਨੂੰ ਪੂਰੀ ਤਰਾਂ ਤਬਾਹ ਕਰਕੇ ਰੱਖ ਦੇਣਗੇ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੀ ਕਿਸਾਨੀ ਨੂੰ ਬਚਾਉਣ ਲਈ ਇਹਨਾਂ ਲਿਆਂਦੇ ਗਏ ਆਰਡੀਨੈਂਸਾਂ ਨੂੰ ਤੁਰੰਤ ਵਾਪਿਸ ਲਵੇ।ਉਹਨਾਂ ਸ਼ਰੋਮਣੀ ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਪਾਰਟੀਬਾਜੀ ਤੋਂ ਉਪਰ ਉਠ ਕੇ ਇਹਨਾਂ ਆਰਡੀਨੈਂਸਾਂ ਦਾ ਮਿਲ ਕੇ ਵਿਰੋਧ ਕਰਨ ਦੀ ਅਪੀਲ ਕੀਤੀ ਅਤੇ ਪਿੰਡ ਪੱਧਰ ਤੇ ਧੜੇਬਾਜੀ ਤੋਂ ਉਪਰ ਉੱਠਕੇ ਇਹਨਾਂ ਕੇਂਦਰ ਵਲੋਂ ਲਿਆਂਦੇ ਗਏ ਕਿਸਾਨੀ ਮਾਰੂ ਆਰਡੀਨੈਂਸਾਂ ਦਾ ਡਟ ਕੇ ਵਿਰੋਧ ਕਰਨਾ ਚਾਹੀਦਾ ਹੈ ਤਾਂ ਜੋ ਇਹਨਾਂ ਬਿਲਾਂ ਨੂੰ ਕਾਨੂੰਨ ਬਣਨ ਤੋਂ ਰੋਕਿਆ ਜਾ ਸਕੇ।