ਅਸ਼ੋਕ ਵਰਮਾ
ਬਠਿੰਡਾ, 30 ਅਕਤੂਬਰ2020: ਕੇਂਦਰ ਸਰਕਾਰ ਵੱਲੋਂ ਬਣਾਏ ਤਿੰਨ ਖੇਤੀ ਵਿਰੋਧੀ ਕਾਨੂੰਨਾਂ ਅਤੇ ਬਿਜਲੀ ਸੋਧ ਕਾਨੂੰਨ 2020 ਵਿਰੁੱਧ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੱਦੇ ਤੇ ਅੱਜ 30ਵੇਂ ਦਿਨ ਵੀ ਮੋਰਚਿਆਂ ’ਚ ਪੀਲੀਆਂ ਚੁੰਨੀਆਂ ਲੈਕੇ ਪੁੱਜੀਆਂ ਕਿਸਾਨ ਬੀਬੀਆਂ ਨੇ ਮੋਦੀ ਸਰਕਾਰ ਦਾ ਪਿੱਟ ਸਿਆਪਾ ਕੀਤਾ। ਮੋਰਚੇ ’ਚ ਸ਼ਾਮਲ ਹੋਏ ਇਕੱਠਾਂ ਨੇ ਕੇਂਦਰ ਸਰਕਾਰ ਵੱਲੋਂ ਜਾਰੀ ਪਰਾਲੀ ਆਰਡੀਨੈਂਸ ਨੂੰ ਲੈਕੇ ਤਿੱਖੇ ਰੋਹ ਦਾ ਪ੍ਰਗਟਾਵਾ ਕਰਦਿਆਂ ਆਰ ਪਾਰ ਦੀ ਲੜਾਈ ਦਾ ਅਹਿਦ ਲਿਆ। ਮੋਰਚਿਆਂ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਪ੍ਰਧਾਨ ਸ਼ਿੰਗਾਰਾ ਸਿੰਘ ਮਾਨ, ਸੂਬਾ ਸਕੱਤਰ ਹਰਿੰਦਰ ਕੌਰ ਬਿੰਦੂ, ਹਰਜਿੰਦਰ ਸਿੰਘ ਬੱਗੀ,ਕਿਸਾਨ ਆਗੂ ਰਾਜਵਿੰਦਰ ਸਿੰਘ ਰਾਜੂ , ਦਰਸ਼ਨ ਸਿੰਘ ਮਾਈਸਰਖਾਨਾ, ਬਸੰਤ ਸਿੰਘ ਕੋਠਾ ਗੁਰੂ ਅਤੇ ਜਗਦੇਵ ਸਿੰਘ ਜੋਗੇਵਾਲਾ ਨੇ ਕਿਹਾ ਕਿ ਦੇਸ਼ ਦੇ ਹਾਕਮਾਂ ਵੱਲੋਂ ਅਖੌਤੀ ਖੇਤੀ ਸੁਧਾਰਾਂ ਦੇ ਨਾਂ ਹੇਠ ਪਿਛਲੇ ਲੰਮੇ ਸਮੇਂ ਤੋ ਕਿਸਾਨਾਂ, ਮਜਦੂਰਾਂ ਕਿਰਤੀ ਲੋਕਾਂ ਤੇ ਲੋਕ-ਵਿਰੋਧੀ ਨਵੀਆਂ ਆਰਥਿਕ ਨੀਤੀਆਂ ਮੜੀਆਂ ਜਾ ਰਹੀਆਂ ਹਨ।
ਉਹਨਾਂ ਆਖਿਆ ਕਿ ਇਹਨਾਂ ਦੇ ਸਿੱਟਿਆਂ ਤਹਿਤ ਕਿਸਾਨਾਂ ਤੋਂ ਜਮੀਨ ਖੁਸ ਰਹੀ ਹੈ, ਮਜਦੂਰਾਂ ਕੋਲੋਂ ਰੋਜਗਾਰ ਖੁੱਸ ਰਿਹਾ ਹੈ , ਲੋਕ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋ ਰਹੇ ਹਨ ਜਦੋਂਕਿ ਖਾਦ,ਸਪਰੇਅ , ਮਸ਼ੀਨਰੀ ਅਤੇ ਸਿਹਤ ਖੇਤਰ ਚ ਕੰਮ ਕਰ ਰਹੀਆਂ ਦੇਸੀ ਬਦੇਸ਼ੀ ਕੰਪਨੀਆਂ ਮਾਲਾਮਾਲ ਹੋ ਗਈਆਂ ਹਨ । ਉਹਨਾਂ ਕਿਹਾ ਕਿ ਇਸੇ ਨੀਤੀ ਤੇ ਅੱਗੇ ਚੱਲਦਿਆਂ ਮੋਦੀ ਹਕੂਮਤ ਇਹ ਖੇਤੀ ਵਿਰੋਧੀ ਕਾਨੂੰਨਾਂ ਨੂੰ ਧੱਕੇ ਨਾਲ ਲਾਗੂ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਜਿਸ ਦੇ ਵਿਰੁੱਧ ਇਕੱਲੇ ਪੰਜਾਬ ਵਿੱਚ ਨਹੀਂ ਪੂਰੇ ਦੇਸ਼ ਵਿੱਚ ਕਿਸਾਨ ਸੜਕਾਂ ਤੇ ਆ ਰਹੇ ਹਨ। ਆਗੂਆਂ ਨੇ ਕਿਹਾ ਕਿ ਕਿਸਾਨ ਜਥੇਬੰਦੀਆਂ ਦੀ ਅਗਵਾਈ ਵਿੱਚ ਚੱਲ ਰਹੇ ਸੰਘਰਸ਼ ਨੂੰ ਤਾਰਪੀਡੋ ਕਰਨ ਅਤੇ ਸੰਘਰਸ਼ਾਂ ਤੇ ਟੇਕ ਰੱਖ ਕੇ ਮੈਦਾਨਾਂ ਵਿੱਚ ਆ ਰਹੇ ਕਿਰਤੀ ਲੋਕਾਂ ਵੱਖ ਕਰਨ ਲਈ ਭਾਜਪਾ ਆਗੂਆਂ ਵੱਲੋਂ ਕਦੇ ਵਿਚੋਲੀਏ, ਕਦੇ ਇਹ ਤਾਂ ਕਿਸਾਨ ਹੀ ਨਹੀਂ ਵਗੈਰਾ ਸਬਦਾਂ ਰਾਹੀਂ ਊਲ ਜਲੂਲ ਬੋਲਿਆ ਜਾ ਰਿਹਾ ਹੈ ।
ਕਿਸਾਨ ਆਗੂਆਂ ਨੇ ਕਿਹਾ ਕਿ ਇਸ ਤੋਂ ਇਲਾਵਾ ਰੇਲ ਗੱਡੀਆਂ ਤੇ ਦਿਹਾਤੀ ਵਿਕਾਸ ਫੰਡ ਬੰਦ ਕਰਨ , ਪਰਾਲੀ ਸਾੜਨ ਵਾਲੇ ਕਿਸਾਨਾਂ ਨੂੰ ਭਾਰੀ ਜੁਰਮਾਨੇ ਅਤੇ ਸਜਾਵਾਂ ਦੇ ਡਰਾਵੇ ਦਿੱਤੇ ਜਾ ਰਹੇ ਹਨ ਪਰ ਸਰਕਾਰ ਦੀਆਂ ਇਹਨਾਂ ਧਮਕੀਆਂ ਨੇ ਖੇਤੀ ਵਿਰੋਧੀ ਕਾਨੂੰਨਾਂ ਖਿਲਾਫ ਲੋਕਾਂ ਦੇ ਰੋਹ ਤੇ ਬਲਦੀ ਤੇ ਤੇਲ ਪਾਉਣ ਦਾ ਕੰਮ ਕੀਤਾ ਹੈ। ਬੁਲਾਰਿਆਂ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ 2500 ਰੁਪਏ ਪ੍ਰਤੀ ਏਕੜ ਦੇਣ ਦਾ ਜੋ ਫੈਸਲਾ ਕੀਤਾ ਹੈ ਉਹ ਤਾਂ ਅਮਲ ’ਚ ਨਹੀਂ ਲਿਆਂਦਾ ਪਰ ਕਿਸਾਨਾਂ ਤੇ ਜੁਰਮਾਨੇ ਅਤੇ ਸਜਾਵਾਂ ਦੇਣ ਦੇ ਕਾਨੂੰਨ ਬਣਾ ਦਿੱਤੇ ਹਨ। ਉਹਨਾਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਪੰਜਾਬ ਦੇ ਲੋਕਾਂ ਨਾਲ ਬਦਲਾ ਲਊ ਭਾਵਨਾ ਨਾਲ ਕੀਤੀਆਂ ਜਾ ਰਹੀਆਂ ਕਾਰਵਾਈਆਂ ਦਾ ਲੋਕ ਸੰਘਰਸ਼ ਨਾਲ ਮੂੰਹ ਤੋੜਵਾਂ ਜਵਾਬ ਦਿੱਤਾ ਜਾਵੇਗਾ । ਉਹਨਾ ਸਾਰੇ ਕਿਰਤੀਆਂ ਮੋਰਚਿਆਂ ਵਿੱਚ ਵੱਧ ਤੋਂ ਵੱਧ ਪਰਿਵਾਰਾਂ ਸਮੇਤ ਸ਼ਾਮਲ ਹੋਣ ਦੀ ਅਪੀਲ ਕੀਤੀ।
ਅੱਜ ਦੇ ਮੋਰਚਿਆਂ ਨੂੰ ਨਿੱਕਾ ਸਿੰਘ ਜੇਠੂਕੇ, ਕੁਲਵੰਤ ਸ਼ਰਮਾ, ਦਰਸਨ ਸਿੰਘ ਮਾਈਸਰਖਾਨਾ, ਹੁਸਅਿਾਰ ਸਿੰਘ ਚੱਕ ਫਤਿਹ ਸਿੰਘ ਵਾਲਾ, ਬਲਜੀਤ ਸਿੰਘ ਪੂਹਲਾ, ਪਾਲਾ ਸਿੰਘ ਕੋਠਾ ਗੁਰੂ, ਜਗਸੀਰ ਸਿੰਘ ਝੁੰਬਾ, ਅਮਰੀਕ ਸਿੰਘ ਸਿਵੀਆ, ਕੁਲਵੰਤ ਰਾਏ ਸਰਮਾ, ਰਾਮ ਸਿੰਘ ਕੋਟ ਗੁਰੂ, ਬਿੰਦਰ ਸਿੰਘ ਜੋਗੇਵਾਲਾ, ਪਰਮਜੀਤ ਕੌਰ ਪਿੱਥੋ ,ਹਰਪ੍ਰੀਤ ਕੌਰ ਜੇਠੂਕੇ , ਕਰਮਜੀਤ ਕੌਰ ਲਹਿਰਾ ਖਾਨਾ, ਚਰਨਜੀਤ ਕੌਰ ਭੁੱਚੋ ਖੁਰਦ , ਠੇਕਾ ਮੁਲਾਜਮ ਸੰਘਰਸ਼ ਕਮੇਟੀ ਲਹਿਰਾ ਥਰਮਲ ਦੇ ਆਗੂ ਜਗਰੂਪ ਸਿੰਘ ਅਤੇ ਤਰਕਸ਼ੀਲ ਸੁਸਾਇਟੀ ਦੇ ਆਗੂ ਰਾਮ ਸਿੰਘ ਨਿਰਮਾਣ ਨੇ ਵੀ ਸੰਬੋਧਨ ਕਰਦਿਆਂ ਪੰਜ ਨਵੰਬਰ ਦੇ ਦੇਸ਼ ਵਿਆਪੀ ਬੰਦ ਦੀ ਸਫਲਤਾ ਲਈ ਹੁਣੇ ਤੋਂ ਹੀ ਜੁਟਣ ਅਤੇ ਮੋਦੀ ਸਰਕਾਰ ਖਿਲਾਫ ਸੰਘਰਸ਼ ਤੇਜ ਕਰਨ ਦਾ ਸੱਦਾ ਦਿੱਤਾ । ਇਸ ਮੌਕੇ ਲੋਕ ਪੱਖੀ ਗਾਇਕ ਨਿਰਮਲ ਸਿੰਘ ਸਿਵੀਆ ਨੇ ਗੀਤ ਪੇਸ਼ ਕੀਤੇ । ਮੈਡੀਕਲ ਪ੍ਰੈਕਟੀਸ਼ਨਰਜ ਐਸੋਸੀਏਸ਼ਨ ਵੱਲੋਂ ਮੁਫਤ ਡਾਕਟਰੀ ਕੈਂਪ ਜਾਰੀ ਹਨ।