4.6 C
United Kingdom
Sunday, April 20, 2025

More

    ਸ਼ਹੀਦ ਕਿਸਾਨ ਸੁਸ਼ੀਲ ਕਾਜਲ ਨੂੰ ਪੰਜਾਬ ਭਰ ‘ਚ ਪੱਕੇ ਕਿਸਾਨ ਮੋਰਚਿਆਂ ਵਿੱਚ ਥਾਂ-ਥਾਂ ਸ਼ਰਧਾਂਜਲੀ ਭੇਂਟ ਕੀਤੀ ਗਈ

    ਚੰਡੀਗੜ੍ਹ (ਦਲਜੀਤ ਕੌਰ ਭਵਾਨੀਗੜ੍ਹ) ਕਰਨਾਲ ਵਿਖੇ ਕਿਸਾਨਾਂ ‘ਤੇ ਹਰਿਆਣਾ ਪੁਲਿਸ ਵੱਲੋਂ ਕੀਤੇ ਗਏ ਵਹਿਸ਼ੀਆਨਾ ਲਾਠੀਚਾਰਜ ਮੌਕੇ ਹੋਏ ਗੰਭੀਰ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਸ਼ਹੀਦ ਹੋਏ ਕਿਸਾਨ ਸੁਸ਼ੀਲ ਕਾਜਲ ਨੂੰ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੁਆਰਾ ਕਾਲੇ ਖੇਤੀ ਕਾਨੂੰਨਾਂ ਵਿਰੁੱਧ ਪੰਜਾਬ ਭਰ ਵਿੱਚ 39 ਥਾਂਵਾਂ’ਤੇ 11 ਮਹੀਨਿਆਂ ਤੋਂ ਚੱਲ ਰਹੇ ਪੱਕੇ ਮੋਰਚਿਆਂ ਵਿੱਚ ਥਾਂ ਥਾਂ ਸ਼ਰਧਾਂਜਲੀ ਭੇਂਟ ਕੀਤੀ ਗਈ। ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਕੁੱਝ ਥਾਂਵਾਂ ‘ਤੇ ਕੱਲ੍ਹ ਅਤੇ ਬਾਕੀ ਥਾਂਵਾਂ ‘ਤੇ ਅੱਜ ਦੋ ਮਿੰਟ ਦਾ ਮੌਨ ਧਾਰ ਕੇ ਫਾਸ਼ੀਵਾਦੀ ਭਾਜਪਾ ਖੱਟੜ ਹਕੂਮਤ ਵਿਰੁੱਧ ਰੋਹ ਭਰਪੂਰ ਨਾਹਰੇ ਲਾਉਣ ਵਾਲਿਆਂ ਵਿੱਚ ਭਾਰੀ ਗਿਣਤੀ ਔਰਤਾਂ ਤੇ ਨੌਜਵਾਨਾਂ ਸਮੇਤ ਕੁੱਲ ਮਿਲਾ ਕੇ ਹਜ਼ਾਰਾਂ ਕਿਸਾਨ ਮਜ਼ਦੂਰ ਸ਼ਾਮਲ ਸਨ। ਵੱਖ-ਵੱਖ ਥਾਂਈਂ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਹਰਦੀਪ ਸਿੰਘ ਟੱਲੇਵਾਲ, ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ, ਹਰਿੰਦਰ ਕੌਰ ਬਿੰਦੂ, ਪਰਮਜੀਤ ਕੌਰ ਪਿੱਥੋ, ਗੁਰਪ੍ਰੀਤ ਕੌਰ ਬਰਾਸ ਅਤੇ ਸਰੋਜ ਰਾਣੀ ਦਿਆਲਪੁਰਾ ਨੇ ਭਾਜਪਾ ਦੀ ਖੱਟੜ ਹਕੂਮਤ ਦੇ ਅੱਤਿਆਚਾਰਾਂ ਦੀ ਸਖ਼ਤ ਨਿਖੇਧੀ ਕਰਦਿਆਂ ਦਾਅਵਾ ਕੀਤਾ ਕਿ ਸ਼ਹੀਦ ਸੁਸ਼ੀਲ ਕਾਜਲ ਦੀ ਕੁਰਬਾਨੀ ਅਜਾਈਂ ਨਹੀਂ ਜਾਣ ਦਿੱਤੀ ਜਾਵੇਗੀ ਅਤੇ ਉਨ੍ਹਾਂ ਦੇ ਸਦੀਵੀ ਵਿਛੋੜੇ ਦੇ ਗਮ ਨੂੰ ਭਬਕਦੇ ਰੋਹ ਵਿੱਚ ਢਾਲ਼ ਕੇ ਕੌਮੀ ਕਿਸਾਨ ਮੋਰਚੇ ਨੂੰ ਬੁਲੰਦੀਆਂ ਤੇ ਪਹੁੰਚਾਇਆ ਜਾਵੇਗਾ। ਬੁਲਾਰਿਆਂ ਨੇ ਮੰਗ ਕੀਤੀ ਕਿ ਸ਼ਹੀਦ ਦੇ ਪਰਿਵਾਰ ਨੂੰ 25 ਲੱਖ ਰੁਪਏ ਦਾ ਮੁਆਵਜ਼ਾ ਅਤੇ ਇੱਕ ਜੀਅ ਨੂੰ ਪੱਕੀ ਸਰਕਾਰੀ ਨੌਕਰੀ ਦੇਣ ਤੋਂ ਇਲਾਵਾ ਸਮੁੱਚੇ ਕਰਜ਼ੇ ਦਾ ਖਾਤਮਾ ਕੀਤਾ ਜਾਵੇ, ਕਿਸਾਨਾਂ ਦੇ ਸਿਰ ਪਾੜਨ ਦੇ ਹੁਕਮ ਦੇਣ ਵਾਲੇ ਐੱਸ ਡੀ ਐੱਮ ਕਰਨਾਲ ਅਤੇ ਸਿਰ ਪਾੜਨ ਵਾਲੇ ਪੁਲਿਸ ਅਧਿਕਾਰੀਆਂ ਸਮੇਤ ਮੁੱਖ ਮੰਤਰੀ ਖੱਟੜ ਵਿਰੁੱਧ ਕਤਲ ਕੇਸ ਦਰਜ ਕਰ ਕੇ ਜੇਲ੍ਹੀਂ ਡੱਕੇ ਜਾਣ, ਸਾਰੇ ਜ਼ਖ਼ਮੀ ਕਿਸਾਨਾਂ ਦਾ ਮੁਫ਼ਤ ਇਲਾਜ ਕਰਵਾਉਣ ਤੋਂ ਇਲਾਵਾ 2-2 ਲੱਖ ਰੁਪਏ ਮੁਆਵਜ਼ਾ ਦਿੱਤਾ ਜਾਵੇ ਅਤੇ ਇਰਾਦਾ ਕਤਲ ਕੇਸਾਂ ਵਿੱਚ ਨਾਮਜ਼ਦ ਸਾਰੇ ਕਿਸਾਨਾਂ ਸਿਰ ਮੜ੍ਹੇ ਝੂਠੇ ਕੇਸ ਰੱਦ ਕੀਤੇ ਜਾਣ।  ਪੰਜਾਬ ਦੇ ਵੱਖ-ਵੱਖ ਥਾਵਾਂ ਤੇ ਕਿਸਾਨ ਧਰਨਿਆਂ ‘ਚ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦੋਸ਼ ਲਾਇਆ ਕਿ ਕੇਂਦਰੀ ਭਾਜਪਾ ਮੋਦੀ ਸਰਕਾਰ  ਕਾਲ਼ੇ ਖੇਤੀ ਕਾਨੂੰਨਾਂ ਰਾਹੀਂ ਕਿਸਾਨਾਂ ਦੀਆਂ ਜ਼ਮੀਨਾਂ ਤੇ ਫਸਲਾਂ ਤੋਂ ਇਲਾਵਾ ਅਖੌਤੀ ਨਵੀਂਆਂ ਆਰਥਿਕ ਨੀਤੀਆਂ ਤਹਿਤ ਦੇਸ਼ ਦੇ ਕੁੱਲ ਸਾਧਨ ਦੇਸੀ ਵਿਦੇਸ਼ੀ ਸਾਮਰਾਜੀ ਕਾਰਪੋਰੇਟਾਂ ਨੂੰ ਸੌਂਪਣ ‘ਤੇ ਤੁਲੀ ਹੋਈ ਹੈ। ਇਨ੍ਹਾਂ ਚੰਦਰੇ ਹਕੂਮਤੀ ਮਨਸੂਬਿਆਂ ਨੂੰ ਮਾਤ ਦੇਣ ਲਈ ਬੁਲਾਰਿਆਂ ਵੱਲੋਂ ਦੇਸ਼ ਭਰ ਦੇ ਕਿਸਾਨਾਂ ਮਜ਼ਦੂਰਾਂ ਤੇ ਇਨਸਾਫ਼ ਪਸੰਦ ਲੋਕਾਂ ਨੂੰ ਮੌਜੂਦਾ ਦੇਸ਼ ਵਿਆਪੀ ਕਿਸਾਨ ਘੋਲ਼ ਵਿੱਚ ਵਧ ਚੜ੍ਹ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ।

    Punj Darya

    LEAVE A REPLY

    Please enter your comment!
    Please enter your name here

    Latest Posts

    error: Content is protected !!