ਪਟਿਆਲੇ ਦਾ ਬੱਸ ਸਟੈਂਡ ਚੌਂਕ ਜਾਮ ਕਰਦਿਆਂ ਮਾਣ ਭੱਤਾ ਅਤੇ ਕੱਚੇ ਮੁਲਾਜ਼ਮਾਂ ਨੇ ਕੀਤਾ ਰੋਸ ਮੁਜ਼ਾਹਰਾ
ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਸਿਆਸੀ ਕਾਟੋ ਕਲੇਸ਼ ਰਾਹੀਂ ਲੋਕਾਂ ਦੇ ਬੁਨਿਆਦੀ ਮਸਲੇ ਰੋਲਣ ਦੀ ਨਿਖੇਧੀ
ਪਟਿਆਲਾ (ਦਲਜੀਤ ਕੌਰ ਭਵਾਨੀਗੜ੍ਹ)ਸੂਬੇ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚੇ ਕੱਚੇ ਮੁਲਾਜ਼ਮਾਂ ਅਤੇ ਮਾਣ-ਭੱਤਾ ਵਰਕਰਾਂ ਵੱਲੋਂ ‘ਮਾਣ-ਭੱਤਾ, ਕੱਚਾ ਤੇ ਕੰਟਰੈਕਟ ਮੁਲਾਜ਼ਮ ਮੋਰਚੇ ਦੇ ਬੈਨਰ ਹੇਠ ਪਟਿਆਲਾ ਸ਼ਹਿਰ ਵਿੱਚ ਲੱਗਿਆ ਮੋਰਚਾ ਦੂਜੇ ਦਿਨ ਵੀ ਪੂਰੇ ਜਾਹੋ ਜਲਾਲ ਨਾਲ ਜਾਰੀ ਰਿਹਾ। ਮੁਲਾਜ਼ਮਾਂ ਨੇ ਤ੍ਰਿਪੜੀ ਮੋੜ ਸਥਿਤ ਪੁੱਡਾ ਗਰਾਊਂਡ ਵਿੱਚ ਵਿਸ਼ਾਲ ਰੈਲੀ ਕਰਨ ਉਪਰੰਤ ਪਟਿਆਲੇ ਦੇ ਮੁੱਖ ਬੱਸ ਸਟੈਂਡ ਤਕ ਰੋਸ ਮੁਜ਼ਾਹਰਾ ਕੀਤਾ ਅਤੇ 19 ਸਤੰਬਰ ਨੂੰ ਪਟਿਆਲਾ ਸ਼ਹਿਰ ਵਿੱਚ ਵਿਸ਼ਾਲ ਇਕੱਠ ਕਰਕੇ ਪੰਜਾਬ ਸਰਕਾਰ ਖ਼ਿਲਾਫ਼ ਵੱਡਾ ਹੱਲਾ ਬੋਲਣ ਦਾ ਐਲਾਨ ਵੀ ਕੀਤਾ।
ਇਸ ਮੌਕੇ ਸੰਬੋਧਨ ਕਰਦਿਆਂ ਪਰਮਜੀਤ ਕੌਰ ਮਾਨ, ਲਖਵਿੰਦਰ ਕੌਰ ਫ਼ਰੀਦਕੋਟ, ਬਲਵੀਰ ਸਿੰਘ ਸਿਵੀਆ, ਕਮਲਜੀਤ ਕੌਰ, ਜਸਵਿੰਦਰ ਕੌਰ ਅਤੇ ਕਿਰਨ ਕੁਮਾਰੀ ਨੇ ਕਿਹਾ ਕਿ ਆਸ਼ਾ ਵਰਕਰਾਂ, ਆਸ਼ਾ ਫੈਸਿਲੀਟੇਟਰਾਂ ਅਤੇ ਮਿਡ ਡੇ ਮੀਲ ਕੁੱਕ ਵਰਕਰਾਂ ਵਲੋਂ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਕਰਵਾਉਣ ਅਤੇ ਜੰਗਲਾਤ ਵਿਭਾਗ ਦੇ ਕੱਚੇ ਵਰਕਰਾਂ, ਨੈਸ਼ਨਲ ਹੈਲਥ ਮਿਸ਼ਨ ਵਿੱਚ ਕੰਮ ਕਰਦੀਆਂ ਸਟਾਫ਼ ਨਰਸਾਂ, ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰਾਂ, ਐਸਐਸਏ/ ਮਿਡ ਡੇਅ ਮੀਲ ਅਧੀਨ ਕੰਮ ਕਰਦੇ ਨਾਨ ਟੀਚਿੰਗ ਸਟਾਫ਼, ਕਸਤੂਰਬਾ ਗਾਂਧੀ ਹੋਸਟਲਾਂ ਦੇ ਮੁਲਾਜ਼ਮਾਂ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਦਰਸ਼ ਸਕੂਲਾਂ ਦੇ ਮੁਲਾਜ਼ਮਾਂ ਸਮੇਤ ਸਮੂਹ ਕੱਚੇ, ਠੇਕਾ ਆਧਾਰਿਤ ਤੇ ਆਊਟਸੋਰਸ ਮੁਲਾਜਮਾਂ ਨੂੰ ਬਿਨਾਂ ਸ਼ਰਤ ਪੂਰੇ ਤਨਖ਼ਾਹਾਂ ‘ਤੇ ਰੈਗੂਲਰ ਕਰਵਾਉਣ ਲਈ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ। ਪ੍ਰੰਤੂ ਕਾਂਗਰਸ ਪਾਰਟੀ ਦੀ ਸੂਬਾ ਸਰਕਾਰ ਵਲੋਂ ਜਿੱਥੇ ਇੱਕ ਪਾਸੇ ਮਾਣ ਭੱਤਾ ਵਰਕਰਾਂ ਦਾ ਨਿਗੁਣੀਆਂ ਤਨਖਾਹਾਂ ਉਪਰ ਆਰਥਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ, ਦੂਜੇ ਪਾਸੇ ਕੱਚੇ ਮੁਲਾਜ਼ਮਾਂ ਨੂੰ ਬਿਨਾ ਸ਼ਰਤ ਪੱਕੇ ਕਰਨ ਦੀ ਥਾਂ ਤਾ-ਉਮਰ ਕੱਚਾ ਰੱਖਣ ਅਤੇ ਨਿੱਜੀਕਰਨ ਦੀ ਨੀਤੀ ਤਹਿਤ ਅਕਾਰ ਘਟਾਈ ਕਰਦਿਆਂ ਸਰਕਾਰੀ ਮਹਿਕਮਿਆਂ ਦਾ ਭੋਗ ਪਾਉਣ ਦੇ ਰਾਹ ‘ਤੇ ਚਲਿਆ ਜਾ ਰਿਹਾ ਹੈ। ਸਾਢੇ ਚਾਰ ਸਾਲ ਪਹਿਲਾਂ ਲੋਕਾਂ ਨਾਲ ਵੱਡੇ ਵਾਅਦੇ ਕਰਕੇ ਸੱਤਾ ਹਥਿਆਉਣ ਵਾਲੀ ਕਾਂਗਰਸ ਪਾਰਟੀ ਵੱਲੋਂ, ਪੰਜਾਬ ਦੇ ਲੋਕਾਂ ਦਾ ਧਿਆਨ ਕਾਂਗਰਸ ਦੇ ਅੰਦਰੂਨੀ ਸਿਆਸੀ ਕਾਟੋ ਕਲੇਸ਼ ਵਿੱਚ ਉਲਝਾ ਕੇ, ਕੱਚੇ ਅਤੇ ਮਾਣ ਭੱਤਾ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਮਿੱਟੀ ਘੱਟੇ ਪਾਇਆ ਜਾ ਰਿਹਾ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਮੋਰਚੇ ਦੇ ਆਗੂਆਂ ਰਛਪਾਲ ਸਿੰਘ ਜੋਧਾਨਗਰੀ, ਅਮਰਜੀਤ ਕੌਰ ਕੰਮੇਆਣਾ, ਮਮਤਾ ਸ਼ਰਮਾ, ਪ੍ਰਵੀਨ ਸ਼ਰਮਾ, ਸ਼ਕੁੰਤਲਾ ਸਰੋਏ, ਜਤਿੰਦਰ ਕੁਮਾਰ, ਸੰਜੂ ਸਿੰਘ ਅਤੇ ਮਨਦੀਪ ਸੰਧੂ ਨੇ ਆਖਿਆ ਕਿ ਮੋਰਚੇ ਨਾਲ ਹੋਈਆਂ ਮੀਟਿੰਗਾਂ ਦੌਰਾਨ ਮੁੱਖ ਮੰਤਰੀ ਦੇ ਚੀਫ਼ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਅਤੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਮਾਣ ਭੱਤਾ ਵਰਕਰਾਂ ਦੀ ਤਨਖਾਹ ਵਿੱਚ ਵਾਧੇ ਪ੍ਰਤੀ ਹਾਂ ਪੱਖੀ ਹੁੰਗਾਰਾ ਦਿੱਤਾ ਗਿਆ ਸੀ ਪਰ ਅੱਜ ਤੱਕ ਕਿਸੇ ਵੀ ਵਰਕਰ ਦੇ ਮਾਣ ਭੱਤੇ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ। ਕੱਚੇ ਅਤੇ ਮਾਣ ਭੱਤਾ ਵਰਕਰਾਂ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦਾ ਜਵਾਬ, ਪੰਜਾਬ ਸਰਕਾਰ ਦੇ ਮੁੱਖ ਮੰਤਰੀ, ਮੰਤਰੀਆਂ, ਵਿਧਾਇਕਾਂ ਸਮੇਤ ਸਾਰੇ ਨੁਮਾਇੰਦਿਆਂ ਨੂੰ ਸੰਘਰਸ਼ਾਂ ਰਾਹੀਂ ਘੇਰਦਿਆਂ ਲੋਕ ਕਚਿਹਰੀ ਵਿੱਚ ਮੰਗਿਆ ਜਾਵੇਗਾ। ਇਸ ਮੌਕੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਵਿੱਤ ਸਕੱਤਰ ਹਰਿੰਦਰ ਦੁਸਾਂਝ, ਗੁਰਜੀਤ ਘੱਗਾ, ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਅਤੇ ਜਿਲ੍ਹਾ ਪ੍ਰਧਾਨ ਅਤਿੰਦਰ ਘੱਗਾ ਤੋਂ ਇਲਾਵਾ ਚਮਕੌਰ ਸਿੰਘ ਅਤੇ ਹਰਦੀਪ ਸਿੰਘ ਆਦਿ ਵੀ ਮੌਜੂਦ ਰਹੇ।
