ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ, ਵਿਧਾਇਕ ਨਰਿੰਦਰ ਕੌਰ ਭਰਾਜ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਸਮੇਤ ਹੋਰ ਸ਼ਖਸੀਅਤਾਂ ਵੱਲੋਂ ਦੁੱਖ ਦਾ ਪ੍ਰਗਟਾਵਾ
ਦਲਜੀਤ ਕੌਰ ਸੰਗਰੂਰ, 30 ਮਾਰਚ, 2023:

ਸੰਗਰੂਰ ਤੋਂ ਦੈਨਿਕ ਜਾਗਰਣ ਦੇ ਸੀਨੀਅਰ ਪੱਤਰਕਾਰ ਸ੍ਰੀ ਅਸ਼ਵਨੀ ਸ਼ਰਮਾ ਦਾ ਬੀਤੀ ਦੇਰ ਰਾਤ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਉਹ ਕਰੀਬ 53 ਵਰ੍ਹਿਆਂ ਦੇ ਸਨ ਅਤੇ ਆਪਣੇ ਮਾਤਾ, ਪਿਤਾ, ਪਤਨੀ ਅਤੇ ਬੇਟੇ ਨੂੰ ਸਦੀਵੀ ਵਿਛੋੜਾ ਦੇ ਗਏ ਹਨ। ਸਵ. ਸ੍ਰੀ ਅਸ਼ਵਨੀ ਸ਼ਰਮਾ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਉਭਾਵਾਲ ਰੋਡ ‘ਤੇ ਸਥਿਤ ਸ਼ਮਸ਼ਾਨ ਘਾਟ ਵਿਖੇ ਪੂਰੀਆਂ ਧਾਰਮਿਕ ਰਹੁ ਰੀਤਾਂ ਨਾਲ ਕੀਤਾ ਗਿਆ।ਸ੍ਰੀ ਅਸ਼ਵਨੀ ਸ਼ਰਮਾ ਦੇ ਅਚਨਚੇਤ ਦਿਹਾਂਤ ‘ਤੇ ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ੍ਰੀ ਚੇਤਨ ਸਿੰਘ ਜੌੜਾਮਾਜਰਾ ਨੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪੀੜਤ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਹੈ। ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਅਤੇ ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਵੱਲੋਂ ਵੀ ਸ੍ਰੀ ਸ਼ਰਮਾ ਦੇ ਵਿਛੋੜੇ ‘ਤੇ ਅਫਸੋਸ ਜ਼ਾਹਿਰ ਕਰਦਿਆਂ ਅਰਦਾਸ ਕੀਤੀ ਕਿ ਪਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ।ਜ਼ਿਲ੍ਹਾ ਪ੍ਰਸ਼ਾਸਨ ਦੀ ਤਰਫ਼ੋਂ ਨਾਇਬ ਤਹਿਸੀਲਦਾਰ ਸ੍ਰੀ ਅਵਤਾਰ ਸਿੰਘ ਨੇ ਸਵ. ਸ੍ਰੀ ਸ਼ਰਮਾ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਦੁੱਖ ਸਾਂਝਾ ਕੀਤਾ।ਇਸ ਮੌਕੇ ਵੱਡੀ ਗਿਣਤੀ ਵਿਚ ਪੱਤਰਕਾਰ ਭਾਈਚਾਰੇ, ਸਿਆਸੀ, ਸਮਾਜਿਕ ਅਤੇ ਧਾਰਮਿਕ ਸਖਸ਼ੀਅਤਾਂ ਨੇ ਵੀ ਵਿਛੜੀ ਰੂਹ ਨੂੰ ਹੰਝੂਆਂ ਭਰੀ ਅੰਤਿਮ ਵਿਦਾਇਗੀ ਦਿੱਤੀ।