ਕੋਟਕਪੂਰਾ- ਪਿਛਲੇ ਦਿਨੀਂ ਨੇੜਲੇ ਪਿੰਡ ਹਰੀਨੌ ਵਿਖੇ ਕਤਲ ਕੀਤੇ ਗਏ ਨੌਜਵਾਨ ਗੁਰਪ੍ਰੀਤ ਸਿੰਘ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਲਈ ਪੁੱਜੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਪਰਿਵਾਰ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਨਿੱਜੀ ਦਿਲਚਸਪੀ ਲੈ ਕੇ ਹਮਲਾਵਰਾਂ ਖਿਲਾਫ ਕਾਰਵਾਈ ਕਰਵਾਉਣਗੇ ਅਤੇ ਪੀੜਤ ਪਰਿਵਾਰ ਨੂੰ ਇਨਸਾਫ ਜਰੂਰ ਦਿਵਾਉਣਗੇ। ਮਿ੍ਰਤਕ ਗੁਰਪ੍ਰੀਤ ਸਿੰਘ ਹਰੀਨੌ ਦੇ ਪਿਤਾ ਹਾਕਮ ਸਿੰਘ ਅਤੇ ਪੰਥਕ ਜਥੇਬੰਦੀਆਂ ਦੇ ਆਗੂਆਂ ਨੇ ਦੁਹਰਾਇਆ ਕਿ ਜਦੋਂ ਤੱਕ ਕਾਤਲ ਫੜੇ ਨਹੀਂ ਜਾਂਦੇ, ਉਦੋਂ ਤੱਕ ਪੋਸਟਮਾਰਟਮ ਅਤੇ ਅੰਤਿਮ ਸਸਕਾਰ ਨਹੀਂ ਕਰਵਾਇਆ ਜਾਵੇਗਾ। ਸਪੀਕਰ ਸੰਧਵਾਂ ਨੇ ਆਖਿਆ ਕਿ ਵਿਚਾਰਧਾਰਕ ਮਤਭੇਦਾਂ ਦੇ ਚੱਲਦਿਆਂ ਇਸ ਤਰਾਂ ਮਾਪਿਆਂ ਦੇ ਇਕਲੌਤੇ ਪੁੱਤਰ ਅਤੇ ਮਾਸੂਮ ਬੱਚੇ ਦੇ ਪਿਤਾ ਦਾ ਕਤਲ ਕਰ ਦੇਣਾ ਬਹੁਤ ਹੀ ਨਿੰਦਣਯੋਗ ਅਤੇ ਦੁਖਦਾਇਕ ਹੈ। ਸਪੀਕਰ ਸੰਧਵਾਂ ਨੇ ਗੌਰਵ ਯਾਦਵ ਡੀ.ਜੀ.ਪੀ. ਪੰਜਾਬ ਨਾਲ ਗੱਲਬਾਤ ਕਰਕੇ ਜਦੋਂ ਗੁਰਪ੍ਰੀਤ ਸਿੰਘ ਦੇ ਕਤਲ ਬਾਰੇ ਹੋ ਰਹੀ ਜਾਂਚ ਸਬੰਧੀ ਪੁੱਛਿਆ ਤਾਂ ਡੀਜੀਪੀ ਨੇ ਆਖਿਆ ਕਿ ਕਾਤਲਾਂ ਦੀ ਗਿ੍ਰਫਤਾਰੀ ਲਈ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਦਾ ਗਠਨ ਕਰ ਦਿੱਤਾ ਗਿਆ ਹੈ ਤੇ ਜਲਦ ਕਾਤਲਾਂ ਦਾ ਸੁਰਾਗ ਲਾ ਲਿਆ ਜਾਵੇਗਾ। ਸਪੀਕਰ ਸੰਧਵਾਂ ਨੇ ਪੀੜਤ ਪਰਿਵਾਰ ਨੂੰ ਇਨਸਾਫ ਅਤੇ ਦੋਸ਼ੀਆਂ ਨੂੰ ਸਖਤ ਸਜਾਵਾਂ ਦਿਵਾਉਣ ਸਬੰਧੀ ਵੀ ਡੀਜੀਪੀ ਪੰਜਾਬ ਨੂੰ ਹਦਾਇਤ ਕੀਤੀ। ਉਹਨਾਂ ਵੱਖ-ਵੱਖ ਜਥੇਬੰਦੀਆਂ ਦੇ ਆਗੂਆਂ ਨੂੰ ਵੀ ਬੇਨਤੀ ਕੀਤੀ ਕਿ ਉਹ ਅਮਨਸ਼ਾਂਤੀ ਬਣਾ ਕੇ ਰੱਖਣ ਤਾਂ ਜੋ ਦਬਾਅ ਦੇ ਚੱਲਦਿਆਂ ਕਿਤੇ ਕਿਸੇ ਨਿਰਦੋਸ਼ ਦੀ ਸ਼ਾਂਮਤ ਨਾ ਆ ਜਾਵੇ। ਉਹਨਾਂ ਪੰਥਕ ਜਥੇਬੰਦੀਆਂ ਦੇ ਆਗੂਆਂ ਅਤੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟਾਉਂਦਿਆਂ ਵਿਸ਼ਵਾਸ਼ ਦਿਵਾਇਆ ਕਿ ਦੋਸ਼ੀ ਬਖਸ਼ੇ ਨਹੀਂ ਜਾਣਗੇ।