6.8 C
United Kingdom
Monday, April 21, 2025

More

    ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਸੂਬੇ ਭਰ’ ‘ਚ ਕਿਸਾਨ ਜੱਥੇਬੰਦੀਆਂ ਨੇ ਚਾਰ ਘੰਟਿਆਂ ਲਈ ਪ੍ਰਮੁੱਖ ਮਾਰਗ ਕੀਤੇ ਜਾਮ

    ਚੰਡੀਗੜ੍ਹ/ਜਲੰਧਰ-ਦਲਜੀਤ ਕੌਰ -ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿੱਚ ਸ਼ਾਮਲ ਜਥੇਬੰਦੀਆਂ ਦੇ ਸੱਦੇ ਤੇ ਅੱਜ ਪੰਜਾਬ ਭਰ ਵਿੱਚ 150 ਦੇ ਲਗਭਗ ਥਾਵਾਂ ਤੇ ਚੱਕਾ ਜਾਮ ਕਰਕੇ ਕਿਸਾਨਾਂ ਨੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੀ ਸੁਸਤ ਰਫਤਾਰ ਵਿਰੁੱਧ ਆਪਣੇ ਸਖਤ ਰੋਹ ਦਾ ਪ੍ਰਗਟਾਵਾ ਕੀਤਾ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਚੱਕਾ ਜਾਮ ਕਰਨ  ਸਿਲਸਿਲਾ 11 ਵਜੇ ਸ਼ੁਰੂ ਹੋਕੇ ਸ਼ਾਮ ਦੇ ਤਿੰਨ ਵਜੇ ਤੱਕ ਜਾਰੀ ਰਿਹਾ।

    ਵਰਣਨਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ  19 ਅਕਤੂਬਰ ਨੂੰ ਸੰਯੁਕਤ ਕਿਸਾਨ ਮੋਰਚਾ ਨੂੰ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੇ ਕੰਮ ਨੂੰ ਦੋ ਦਿਨਾਂ ਵਿੱਚ ਸੁਚਾਰੂ ਕਰਨ ਦਾ ਭਰੋਸਾ ਦਿੱਤਾ ਸੀ ਜਦੋਂ ਕਿ ਸੰਯੁਕਤ ਕਿਸਾਨ ਮੋਰਚਾ ਨੇ ਚੰਡੀਗੜ੍ਹ ਧਰਨਾ ਖਤਮ ਕਰਦਿਆਂ ਮੁੱਖ ਮੰਤਰੀ ਨੂੰ ਚਾਰ ਦਿਨ ਦੀ ਮੋਹਲਤ ਦਿੱਤੀ ਸੀ।ਇਸ ਦੇ ਬਾਵਜੂਦ ਖ੍ਰੀਦ ਅਤੇ ਲਿਫਟਿੰਗ ਦਾ ਮਾਮਲਾ ਕੀੜੀ ਦੀ ਰਫਤਾਰ ਨਾਲ ਚੱਲਣ ਕਾਰਨ ਮਜਬੂਰ ਹੋ ਕੇ ਸੰਯੁਕਤ ਕਿਸਾਨ ਮੋਰਚਾ ਨੂੰ ਚੱਕਾ ਜਾਮ ਵਰਗਾ ਕਦਮ ਚੁੱਕਣਾ ਪਿਆ।

    ਵੱਖ-ਵੱਖ ਥਾਵਾਂ ਤੇ ਇਕੱਠਾ ਨੂੰ ਸੰਬੋਧਨ ਕਰਦੇ ਹੋਏ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਆਗੂਆਂ ਬਲਵੀਰ ਸਿੰਘ ਰਾਜੇਵਾਲ, ਹਰਿੰਦਰ ਸਿੰਘ ਲੱਖੋਵਾਲ, ਮਨਜੀਤ ਸਿੰਘ ਧਨੇਰ, ਬੂਟਾ ਸਿੰਘ ਬੁਰਜ ਗਿੱਲ, ਰਾਮਿੰਦਰ ਸਿੰਘ ਪਟਿਆਲਾ, ਗੁਰਮੀਤ ਸਿੰਘ ਮਹਿਮਾ, ਰੁਲਦੂ ਸਿੰਘ ਮਾਨਸਾ , ਡਾ. ਸਤਨਾਮ ਸਿੰਘ ਅਜਨਾਲਾ, ਹਰਮੀਤ ਸਿੰਘ ਕਾਦੀਆਂ, ਸੁਖਦੇਵ ਸਿੰਘ ਅਰਾਈਆਂਵਾਲਾ, ਬਲਦੇਵ ਸਿੰਘ ਨਿਹਾਲਗੜ੍ਹ, ਬਲਵਿੰਦਰ ਸਿੰਘ ਮੱਲੀ ਨੰਗਲ, ਬੋਘ ਸਿੰਘ ਮਾਨਸਾ,ਫੁਰਮਾਨ ਸਿੰਘ ਸੰਧੂ, ਮਲੂਕ ਸਿੰਘ ਹੀਰਕੇ, ਬਿੰਦਰ ਸਿੰਘ ਗੋਲੇਵਾਲਾ, ਬੂਟਾ ਸਿੰਘ ਸ਼ਾਦੀਪੁਰ, ਜੰਗਵੀਰ ਸਿੰਘ ਚੌਹਾਨ, ਹਰਦੇਵ ਸਿੰਘ ਸੰਧੂ, ਵੀਰ ਸਿੰਘ ਬੜਵਾ, ਨਛੱਤਰ ਸਿੰਘ ਜੈਤੋ, ਹਰਬੰਸ ਸੰਘਾ, ਪ੍ਰੇਮ ਸਿੰਘ ਭੰਗੂ, ਮੇਜਰ ਸਿੰਘ ਪੁੰਨਾਂਵਾਲ, ਹਰਜਿੰਦਰ ਸਿੰਘ ਟਾਂਡਾ, ਸੁੱਖ ਗਿੱਲ ਮੋਗਾ ਅਤੇ ਕੰਵਲਪ੍ਰੀਤ ਸਿੰਘ ਪੰਨੂ ਨੇ ਕਿਹਾ ਕਿ ਇੱਕ ਪਾਸੇ ਤਾਂ ਕੇਂਦਰ ਸਰਕਾਰ ਵਲੋਂ ਵਿਸ਼ਵ ਵਪਾਰ ਸੰਸਥਾ ਦੀਆਂ ਨੀਤੀਆਂ ਤਹਿਤ ਮੰਡੀਕਰਨ ਦੇ ਸਮੁੱਚੇ ਢਾਂਚੇ ਨੂੰ ਤਬਾਹ ਕਰਨ ਦੇ ਨਾਲ ਨਾਲ ਜਨਤਕ ਵੰਡ ਪ੍ਰਣਾਲੀ ਤੋਂ ਲਗਾਤਾਰ ਹੱਥ ਪਿੱਛੇ ਖਿੱਚੇ ਜਾ ਰਹੇ ਹਨ। ਦੂਜੇ ਪਾਸੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਵੀ ਕੀਤਾ ਜਾ ਰਿਹਾ ਹੈ ਜਿਸਦੇ ਸਿੱਟੇ ਵਜੋਂ ਗੋਦਾਮਾਂ ਅਤੇ ਸ਼ੈਲਰਾਂ ਵਿਚੋਂ ਲਿਫਟਿੰਗ ਨਹੀ ਕੀਤੀ ਗਈ। ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਇਸ ਮਸਲੇ ਤੇ ਘੇਸਲ ਮਾਰ ਕੇ ਬੈਠੀ ਰਹੀ। ਦੋਹਾਂ ਸਰਕਾਰਾਂ ਦੀਆਂ ਬਦਨੀਤੀ ਕਾਰਨ ਅੰਨਦਾਤਾ ਮੰਡੀਆਂ ਵਿੱਚ ਰੁਲ ਰਿਹਾ ਹੈ। ਉਸਦੀ ਮਜਬੂਰੀ ਦਾ ਫਾਇਦਾ ਉਠਾਉਂਦੇ ਹੋਏ ਰੇਟ ਤੇ ਕੱਟ ਲਗਾਕੇ ਉਸਨੂੰ ਦੂਹਰੀ ਮਾਰ ਮਾਰੀ ਜਾ ਰਹੀ ਹੈ।

    ਕਿਸਾਨ ਆਗੂਆਂ ਨੇ ਕਿਹਾ ਕਿ ਸੰਘਰਸ਼ ਦੇ ਦਬਾਅ ਸਦਕਾ ਭਾਵੇਂ ਲਿਫਟਿੰਗ ਦਾ ਕੰਮ ਸ਼ੁਰੂ ਕੀਤਾ ਗਿਆ ਹੈ ਪਰ ਪੰਜਾਬ ਸਰਕਾਰ ਨੂੰ ਇਸ ਕੰਮ ਨੂੰ ਜੰਗੀ ਮੁਹਿੰਮ ਦੀ ਤਰ੍ਹਾਂ ਹੱਥ ਲੈਣਾ ਪਵੇਗਾ ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਸੰਯੁਕਤ ਕਿਸਾਨ ਮੋਰਚਾ 29 ਅਕਤੂਬਰ ਨੂੰ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਦਾ ਘਿਰਾਓ ਕਰਨ ਲਈ ਮਜ਼ਬੂਰ ਹੋਵੇਗਾ।

    ਕਿਸਾਨ ਆਗੂਆਂ ਨੇ ਕਿਹਾ ਕਿ ਸੰਯੁਕਤ ਕਿਸਾਨ ਮੋਰਚਾ ਆਪਣੇ ਲੋਕਾਂ ਨੂੰ ਹਰਗਿਜ਼ ਵੀ ਪ੍ਰੇਸ਼ਾਨ ਨਹੀਂ ਕਰਨਾ ਚਾਹੁੰਦਾ ਪਰ ਸਰਕਾਰਾਂ ਵਲੋਂ ਅਪਣਾਈ ਜਾ ਰਹੀ ਦੂਸ਼ਣਬਾਜ਼ੀ ਦੀ ਸਿਆਸਤ ਵਿੱਚ ਪਿੱਸ ਰਹੇ ਕਿਸਾਨਾਂ ਮਜਦੂਰਾਂ ਨੂੰ ਲਵਾਰਿਸ ਨਹੀ ਛੱਡ ਸਕਦਾ। ਉਨ੍ਹਾਂ ਕਿਹਾ ਕਿ ਪਿਛਲੇ ਛੇ ਮਹੀਨਿਆਂ ਤੋਂ ਹਰ ਕਿਸਮ ਦੀ ਤਕਲੀਫਾਂ ਝੱਲ ਕੇ ਪੈਦਾ ਕੀਤੀ ਫ਼ਸਲ ਨੂੰ ਰੁਲਣ ਤੋਂ ਬਚਾਉਣ ਲਈ ਵੀ ਜੇਕਰ ਸੜਕਾਂ ਤੇ ਜੂਝਣਾ ਪੈ ਜਾਵੇ ਤਾਂ ਸਮਾਜ ਦੀ ਆਰਥਿਕਤਾ ਦੀ ਰੀੜ ਦੀ ਹੱਡੀ ਦੀ ਦੁੱਖ ਤਕਲੀਫ ਨੂੰ ਲੋਕਾਂ ਨੂੰ ਸਮਝਣਾ ਪਵੇਗਾ। ਉਨ੍ਹਾਂ ਨੇ ਪੰਜਾਬ ਦੇ ਲੋਕਾਂ ਵਲੋਂ ਚੱਕਾ ਜਾਮ ਦੌਰਾਨ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ।

    ਅੱਜ ਦੇ ਚੱਕਾ ਜਾਮ ਦੌਰਾਨ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕੀਤੀ ਗਈ ਕਿ ਡੀਏਪੀ ਦਾ ਤੁਰੰਤ ਪ੍ਰਬੰਧ ਕਰਨ ਦੇ ਨਾਲ ਨਾਲ ਖਾਦ ਦੀ ਬਲੈਕ ਮਾਰਕੀਟਿੰਗ ਨੂੰ ਨੱਥ ਪਾਈ ਜਾਵੇ। ਬਾਸਮਤੀ ਦਾ ਐਮ ਐਸ ਪੀ ਦੇਕੇ ਬਾਸਮਤੀ ਕਾਸ਼ਤਕਾਰਾਂ ਨੂੰ ਰਾਹਤ ਮੁਹੱਈਆ ਕਰਵਾਏ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!