142 ਲੋੜਵੰਦ ਪਰਿਵਾਰਾਂ ਨੂੰ ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਵੰਡਿਆ ਰਾਸ਼ਨ
ਅੰਮ੍ਰਿਤਸਰ,(ਰਾਜਿੰਦਰ ਰਿਖੀ)

ਗੁਰੂ ਨਾਨਕ ਪਾਤਸ਼ਾਹ ਦੇ ਫਲਸਫੇ ‘ਤੇ ਪਹਿਰਾ ਦੇਣ ਵਾਲੇ ਦੁਬਈ ਦੇ ਨਾਮਵਰ ਕਾਰੋਬਾਰੀ ਅਤੇ ਉੱਘੇ ਸਮਾਜ ਸੇਵਕ ਡਾ.ਐੱਸ.ਪੀ. ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਨਿਰੰਤਰ ਸੇਵਾ ਕਾਰਜ ਕਰ ਰਹੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਕਰੋਨਾ ਵਾਇਰਸ ਦੀ ਜਕੜ ‘ਚ ਆਈ ਮਨੁੱਖਤਾ ਦੀ ਮਦਦ ਦੌਰਾਨ ਅੱਜ ਪੁਲਿਸ ਪ੍ਰਸ਼ਾਸਨ ਦੀ ਮਦਦ ਨਾਲ ਨਿਊ ਅੰਮ੍ਰਿਤਸਰ ਦੇ ਫ਼ਲੈਟਾਂ ‘ਚ ਰਹਿ ਰਹੇ 142 ਲੋੜਵੰਦ ਪਰਿਵਾਰਾਂ ਨੂੰ ਸੁੱਕੇ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ।
ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਟਰੱਸਟ ਦੀ ਅੰਮ੍ਰਿਤਸਰ ਇਕਾਈ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ,ਸਲਾਹਕਾਰ ਸੁਖਦੀਪ ਸਿੰਘ ਸਿੱਧੂ, ਮੀਤ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ, ਵਿੱਤ ਸਕੱਤਰ ਨਵਜੀਤ ਸਿੰਘ ਘਈ, ਜਗਦੇਵ ਸਿੰਘ ਛੀਨਾ,ਹਰਜਿੰਦਰ ਸਿੰਘ ਹੇਰ ਨੇ ਦੱਸਿਆ ਕਿ ਨਿਊ ਅੰਮ੍ਰਿਤਸਰ ‘ਚ ਸਥਿਤ ਪੁਲਿਸ ਚੌਕੀ ਦੇ ਇੰਚਾਰਜ ਹਿਮਾਂਸ਼ੂ ਭਗਤ ਨੇ ਟਰੱਸਟ ਦੀ ਜਿਲ੍ਹਾ ਇਕਾਈ ਨਾਲ ਸੰਪਰਕ ਕਰ ਕੇ ਦੱਸਿਅਾ ਸੀ ਕਿ ਝੁੱਗੀ ਝੌਂਪੜੀਆਂ ‘ਚ ਰਹਿਣ ਵਾਲੇ ਲੋਕਾਂ ਦੇ ਮੁੜ ਵਸੇਵੇਂ ਲਈ ਸਰਕਾਰ ਵੱਲੋਂ ਨਿਊ ਅੰਮ੍ਰਿਤਸਰ ‘ਚ ਫ਼ਲੈਟ ਅਲਾਟ ਕੀਤੇ ਸਨ। ਉਨ੍ਹਾਂ ਫ਼ਲੈਟਾਂ ਅੰਦਰ ਰਹਿ ਰਹੇ 142 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦੀ ਬਹੁਤ ਜ਼ਰੂਰਤ ਹੈ। ਜਿਸ ਲਈ ਅੱਜ ਡਾ.ਐੱਸ.ਪੀ. ਸਿੰਘ ਓਬਰਾਏ ਵੱਲੋਂ ਕਰੋਨਾ ਵਾਇਰਸ ਕਾਰਨ ਬੇਰੁਜ਼ਗਾਰ ਹੋਏ ਦਿਹਾੜੀਦਾਰ ਲੋਕਾਂ ਨੂੰ ਸੁੱਕਾ ਰਾਸ਼ਨ ਦੇਣ ਦੀ ਵਿੱਢੀ ਗਈ ਮੁਹਿੰਮ ਤਹਿਤ ਟਰੱਸਟ ਦੀ ਜ਼ਿਲ੍ਹਾ ਇਕਾਈ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਪੁਲਿਸ ਪ੍ਰਸ਼ਾਸਨ ਦੀ ਹਾਜ਼ਰੀ ਵਿੱਚ ਰਾਸ਼ਨ ਵੰਡ ਦਿੱਤਾ ਗਿਅਾ ਹੈ । ਉਨ੍ਹਾਂ ਇਹ ਵੀ ਦੱਸਿਆ ਕਿ ਡਾ.ਓਬਰਾਏ ਦੀ ਯੋਗ ਸਰਪ੍ਰਸਤੀ ਹੇਠ ਟਰੱਸਟ, ਆਉਣ ਵਾਲੇ ਮਹੀਨਿਆਂ ‘ਚ ਵੀ ਲੋੜਵੰਦ ਲੋਕਾਂ ਨੂੰ ਰਾਸ਼ਨ ਮੁਹੱਈਆ ਕਰਵਾਵੇਗਾ।
ਇਸ ਦੌਰਾਨ ਬੋਲਦਿਆਂ ਚੌਂਕੀ ਇੰਚਾਰਜ ਹਿਮਾਂਸ਼ੂ ਭਗਤ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਡਾ.ਐਸ.ਪੀ. ਸਿੰਘ ਓਬਰਾਏ ਦੀ ਅਗਵਾਈ ਹੇਠ ਮਨੁੱਖੀ ਜਾਨਾਂ ਬਚਾਉਣ ਵਾਸਤੇ ਕੀਤੇ ਜਾ ਰਹੇ ਸੇਵਾ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ।