19.8 C
United Kingdom
Monday, June 22, 2026

More

    ਤੇਲ ਕੀਮਤਾਂ ’ਚ ਵਾਧੇ ਖਿਲਾਫ ਤੇਲ-ਪੰਪਾਂ ਅੱਗੇ 200 ਥਾਵਾਂ ‘ਤੇ ਰੋਸ-ਮੁਜ਼ਾਹਰੇ

    ਅਸ਼ੋਕ ਵਰਮਾ                        
    ਚੰਡੀਗੜ,30 ਜੂਨ । ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ‘ਚ ਸ਼ਾਮਿਲ 10 ਕਿਸਾਨ ਜਥੇਬੰਦੀਆਂ ਨੇ ਅੱਜ ਤੇਲ ਦੀਆਂ ਕੀਮਤਾਂ ਦੇ ਵਾਧੇ ਦੇ ਰੋਸ ਵਜੋਂ  ਸੰਗਰੂਰ, ਪਟਿਆਲਾ, ਮਾਨਸਾ, ਬਠਿੰਡਾ, ਬਰਨਾਲਾ, ਮੋਗਾ, ਮੁਕਤਸਰ, ਅੰਮਿ੍ਰਤਸਰ, ਤਰਨਤਾਰਨ, ਲੁਧਿਆਣਾ, ਫਰੀਦਕੋਟ,ਰੋਪੜ, ਕਪੂਰਥਲਾ, ਹੁਸ਼ਿਆਰਪੁਰ, ਫਿਰੋਜ਼ਪੁਰ ਅਤੇ ਜਲੰਧਰ ’ਚ ਕਰੀਬ 200 ਥਾਵਾਂ ‘ਤੇ ਰੋਸ ਮੁਜਾਹਰੇ ਕਰਕੇ ਵਾਧਾ ਵਾਪਿਸ ਲੈਣ ਦੀ ਮੰਗ ਕੀਤੀ। ਕਿਸਾਨ ਆਗੂ ਜਗਮੋਹਨ ਸਿੰਘ ਪਟਿਆਲਾ ਨੇ ਪ੍ਰੈਸ ਬਿਆਨ ਰਾਹੀਂ ਦੱਸਿਆ ਕਿ ਵੱਖ-ਵੱਖ ਥਾਵਾਂ ‘ਤੇ ਜਮਹੂਰੀ ਕਿਸਾਨ ਸਭਾ ਦੇ ਪ੍ਰਧਾਨ ਸਤਨਾਮ ਸਿੰਘ ਅਜਨਾਲਾ, ਕਿਸਾਨ ਸਭਾ ਪੰਜਾਬ(ਅਜੈ-ਭਵਨ) ਦੇ ਪ੍ਰਧਾਨ ਭੁਪਿੰਦਰ ਸਾਂਬਰ, ਭਾਰਤੀ ਕਿਸਾਨ ਯੂਨੀਅਨ(ਡਕੌਂਦਾ) ਦੇ  ਪ੍ਰਧਾਨ ਬੂਟਾ ਸਿੰਘ ਬੁਰਜ਼ਗਿੱਲ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਦੇ ਪ੍ਰਧਾਨ ਦਰਸ਼ਨ ਪਾਲ, ਕੁੱਲ ਹਿੰਦ ਕਿਸਾਨ ਸਭਾ ਦੇ ਜਨਰਲ ਸਕੱਤਰ ਮੇਜਰ ਸਿੰਘ ਪੁੰਨਾਂਵਾਲ, ਪੰਜਾਬ ਕਿਸਾਨ ਸਭਾ ਦੇ ਰੁਲਦੂ ਸਿੰਘ ਮਾਨਸਾ, ਕਿਰਤੀ ਕਿਸਾਨ ਯੂਨੀਅਨ ਦੇ ਰਜਿੰਦਰ ਸਿੰਘ , ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੇ ਪ੍ਰਧਾਨ ਇੰਦਰਜੀਤ ਸਿੰਘ ਕੋਟਬੁੱਢਾ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਟਾਂਡਾ ਅਤੇ ਜੈ ਕਿਸਾਨ ਅੰਦੋਲਨ ਦੇ ਗੁਰਬਖਸ਼ ਸਿੰਘ ਬਰਨਾਲਾ ਨੇ ਸੰਬੋਧਨ ਕੀਤਾ।
                   ਬੁਲਾਰਿਆਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧਾਉਣ ਦੀਆਂ ਸਭ ਹੱਦਾਂ ਬੰਨੇ ਪਾਰ ਕਰ ਦਿੱਤੀਆਂ ਹਨ, ਜਦੋਂ ਕਿ ਕੌਮਾਂਤਰੀ ਮੰਡੀ ‘ਚ ਕੱਚੇ ਤੇਲ ਦੀਆਂ ਕੀਮਤਾਂ ਘਟੀਆਂ ਹਨ। ਉਨਾਂ ਆਖਿਆ ਕਿ ਇਸ ਦੇ ਬਾਵਜੂਦ ਮੁਲਕ ‘ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਦਿਨ-ਬ-ਦਿਨ ਵਾਧਾ ਹੋ ਰਿਹਾ ਹੈ। ਝੋਨੇ ਦੀ ਲਵਾਈ ਮੌਕੇ ਜਦੋਂ ਕਿਸਾਨਾਂ ਨੂੰ ਡੀਜ਼ਲ ਦੀ ਬਹੁਤ ਲੋੜ ਹੈ, ਉਸ ਸਮੇਂ ਕੀਮਤਾਂ ਦੇ ਵਾਧੇ ਨੇ ਕਿਸਾਨੀ ਨੂੰ ਹੋਰ ਲੱਟਿਆ ਜਾ ਰਿਹਾ ਹੈ। ਉਨਾਂ ਕਿਹਾ ਕਿ ਸਰਕਾਰ ਇਹ ਬੇਤੁਕੀ ਦਲੀਲ ਦਿੰਦੀ ਹੈ ਕਿ ਡੀਜ਼ਲ ਪੈਟਰੋਲ ਨਾਲੋਂ ਜਿਆਦਾ ਪ੍ਰਦੂਸ਼ਣ ਕਰਦਾ ਹੈ, ਇਸ ਕਰਕੇ ਡੀਜ਼ਲ ਦੀਆਂ ਕੀਮਤਾਂ ਪੈਟਰੋਲ ਤੋਂ ਵੀ ਵਧਾਈਆਂ ਜਾ ਰਹੀਆਂ ਹਨ, ਪਰ ਸਰਕਾਰ ਖੇਤੀਬਾੜੀ ਲਈ ਡੀਜ਼ਲ ਦੀ ਵਰਤੋਂ ਉਪਰ ਸਬਸਿਡੀ ਨਹੀਂ ਦੇ ਰਹੀ।
                        ਕੇਂਦਰ ਸਰਕਾਰ ‘ਤੇ ਕਿਸਾਨੀ ਨੂੰ ਬਰਬਾਦ ਕਰਨ ਦਾ ਦੋਸ਼ ਲਾਉਂਦਿਆਂ ਆਗੂਆਂ ਨੇ ਕਿਹਾ ਕਿ ਕੀਮਤਾਂ ਦਾ ਵਧਣਾ-ਘਟਣਾ ਹਾਕਮ ਜਮਾਤਾਂ ਦੇ ਹੱਥਾਂ ਦੀ ਖ਼ੇਡ ਹੈ ਅਤੇ ਨਿੱਜੀਕਰਨ ਦੀਆਂ ਨੀਤੀਆਂ ਤਹਿਤ ਕੰਟਰੋਲ ਮੁਕਤ ਕੀਤੀਆਂ ਤੇਲ ਕੀਮਤਾਂ ਕਾਰਨ ਹਰੇਕ ਤਬਕਾ ਮਹਿੰਗਾਈ ਤੇ ਲੁੱਟ ਦਾ ਸ਼ਿਕਾਰ ਹੈ। ਉਨਾਂ ਕਿਹਾ ਕਿ ਚੋਣਾਂ ਸਮੇਂ ਪੈਟਰੋਲ ਕੀਮਤਾਂ ਅਤੇ ਮਹਿੰਗਾਈ ਦੇ ਨਾਂ ‘ਤੇ ਲੋਕਾਂ ਤੋਂ ਵੋਟਾਂ ਮੰਗਣ ਵਾਲੇ ਨਰਿੰਦਰ ਮੋਦੀ ਹੁਣ ਖੁਦ ਕੀਮਤਾਂ ਦੇ ਵਾਧੇ ਦਾ ਅਲੰਬਰਦਾਰ ਹੈ ਤੇ ਇਸ ਵਾਧੇ ਨੂੰ ਵਿਕਾਸ ਦੀ ਚਾਲ ਵਜੋਂ ਪ੍ਰਚਾਰਿਆ ਜਾ ਰਿਹਾ ਹੈ। ਜਥੇਬੰਦੀਆਂ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਸਰਕਾਰੀ ਕੰਟਰੋਲ ‘ਚ ਲਿਆਉਣ ਅਤੇ ਦੇਸ਼ੀ-ਵਿਦੇਸ਼ੀ ਕੰਪਨੀਆਂ ਦੇ ਮੁਨਾਫ਼ੇ ‘ਤੇ ਨੱਥ ਪਾਉਣ ਦੀ ਮੰਗ ਕੀਤੀ ਗਈ।  ਬੁਲਾਰਿਆਂ ਨੇ ਮੰਗਾਂ ਨਾਂ ਮੰਨਣ ਦੀ ਸੂਰਤ ’ਚ ਸੰਘਰਸ਼ ਤੇਜ ਕਰਨ ਅਤੇ ਆਰ ਪਾਰ ਦੀ ਲੜਾਈ ਦਾ ਸੱਦਾ ਵੀ ਦਿੱਤਾ ਹੈ।         

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!