ਸੰਗਰੂਰ -ਕੁਲਵੰਤ ਛਾਜਲੀ
ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਰਕਾਰ ਦੇ ਮੰਤਰਾਲੇ ਨਾਲ ਮਿਲ ਕੇ ਅੱਜ ਤੱਕ ਕੋਈ ਵੀ ਕਿਸਾਨ ਮਜ਼ਦੂਰ ਵਿਰੋਧੀ ਫੈਸਲਾ ਨਹੀਂ ਲਿਆ ਗਿਆ ਹੈ ਜਿਸ ਨਾਲ ਜਨਤਾ ਨੂੰ ਨੁਕਸਾਨ ਪਹੁੰਚੇ ਕਿਉਂਕਿ ਪਹਿਲਾਂ ਹੀ ਦੇਸ਼ ਵਿੱਚ ਕਰੋਨਾ ਵਾਇਰਸ ਵਰਗੀ ਮਹਾਮਾਰੀ ਨੇ ਵੱਡੀ ਪੱਧਰ ਤੇ ਆਪਣੇ ਪੈਰ ਪਸਾਰੇ ਹੋਏ ਹਨ ਜਿਸ ਕਾਰਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹਰ ਵਰਗ ਨੂੰ ਫਾਇਦਾ ਪਹੁੰਚਾਉਣ ਲਈ ਰਾਹਤ ਪੈਕੇਜ ਦੀ ਘੋਸ਼ਣਾ ਕੀਤੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਭਾਰਤੀ ਜਨਤਾ ਪਾਰਟੀ ਜਿਲ੍ਹਾ ਸੰਗਰੂਰ ਤੋਂ ਕਿਸਾਨ ਵਿੰਗ ਮੋਰਚੇ 2 ਦੇ ਜਿਲ੍ਹਾ ਪ੍ਰਧਾਨ ਡਾ ਜਰਨੈਲ ਸਿੰਘ ਜਵੰਧਾ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਤੇ ਆਮ ਆਦਮੀ ਪਾਰਟੀ ਦਾ ਅਧਾਰ ਜਨਤਾ ਅੰਦਰ ਘਟ ਰਿਹਾ ਹੈ ਜਿਸ ਨੂੰ ਲੈ ਕੇ ਲੋਕਾਂ ਨੂੰ ਗੁੰਮਰਾਹ ਕਰਕੇ ਝੂਠ ਦੀ ਰਾਜਨੀਤੀ ਕੀਤੀ ਜਾ ਰਹੀ ਹੈ। ਦੇਸ਼ ਦੀ ਜਨਤਾ ਹਰ ਗੱਲ ਤੋਂ ਜਾਣੂ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਜਿਹਾ ਕੋਈ ਵੀ ਫੈਸਲਾ ਨਹੀਂ ਲਿਆ ਗਿਆ ਜੋ ਜਨਤਾ ਦੇ ਖਿਲਾਫ ਹੋਵੇ। ਮੋਦੀ ਸਰਕਾਰ ਵੱਲੋਂ ਜੋ ਤਿੰਨ ਨਵੇਂ ਬਿੱਲ ਲਿਆਂਦੇ ਗਏ ਹਨ ਅਤੇ ਸਰਕਾਰ ਵੱਲੋਂ ਇਹ ਗੱਲ ਵੀ ਸਪੱਸ਼ਟ ਕਰ ਦਿੱਤੀ ਗਈ ਹੈ ਇਨ੍ਹਾਂ ਬਿੱਲਾਂ ਨਾਲ ਕਿਸਾਨੀ ਦਾ ਕੋਈ ਵੀ ਨੁਕਸਾਨ ਨਹੀਂ ਹੋਵੇਗਾ ਕਿਉਂਕਿ ਮੋਦੀ ਸਰਕਾਰ ਕਿਸਾਨੀ ਨੂੰ ਬਚਾਉਣ ਲਈ ਬਹੁਤ ਚਿੰਤਤ ਹੈ ਕਿ ਕਿਸਾਨਾਂ ਦੀ ਆਮਦਨ ਵਿਚ ਵਾਧਾ ਕੀਤਾ ਜਾ ਸਕੇ।