ਅੰਮ੍ਰਿਸਤਰ,(ਰਾਜਿੰਦਰ ਰਿਖੀ)
ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਵਿਡ-19 ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਦੌਰਾਨ ਲੋਕਾਂ ਨੂੰ ਮਾਨਸਿਕ ਤੌਰ ‘ਤੇ ਮਜਬੂਤ ਕਰਨ ਲਈ ਮਿਸ਼ਨ ਫਤਿਹ ਸ਼ੁਰੂ ਕੀਤਾ ਗਿਆ ਹੈ। ਇਸ ਮਿਸ਼ਨ ਦਾ ਉਦੇਸ਼ ਕਰੋਨਾ ਵਿਰੁੱਧ ਲੋਕਾਂ ਨੂੰ ਜਾਗਰੂਕ ਕਰਨਾ ਅਤੇ ਇਸ ’ਤੇ ਜਿੱਤ ਪ੍ਰਾਪਤ ਕਰਨਾ ਹੈ। ਇਸੇ ਹੀ ਲੜੀ ਤਹਿਤ ਅੱਜ ਸਿਖਿਆ ਵਿਭਾਗ ਵੱਲੋਂ ਜਿਲੇ ਦੇ 419 ਮਿਡਲ, ਹਾਈ ਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਅਧਿਆਪਕਾਂ ਤੇ ਬੱਚਿਆਂ ਨੇ ਮਿਲ ਕੇ ਕਰੋਨਾ ਵਿਰੁੱਧ ਘਰ ਘਰ ਦਸਤਕ ਦਿੱਤੀ ਅਤੇ ਲੋਕਾਂ ਨੂੰ ਇਸ ਮਹਾਂਮਾਰੀ ਪ੍ਰਤੀ ਜਾਗਰੂਕ ਕੀਤਾ।

ਸਤਿੰਦਰਬੀਰ ਸਿੰਘ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਸਕੂਲੀ ਬੱਚਿਆਂ ਵੱਲੋਂ ਕਰੋਨਾ ਮਹਾਂਮਾਰੀ ਵਿਰੁੱਧ ਪੋਸਟਰ ਵੀ ਤਿਆਰ ਕੀਤੇ ਗਏ ਅਤੇ ਵਧੀਆ ਪੋਸਟਰ ਬਣਾਉਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਤ ਵੀ ਕੀਤਾ ਗਿਆ। ਜਿਲ੍ਹਾ ਸਿਖਿਆ ਅਫਸਰ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਦੱਸਿਆ ਕਿ ਸਕੂਲੀ ਬੱਚਿਆਂ ਵੱਲੋਂ ਖੁਦ ਵੀ ਮਾਸਕ ਤਿਆਰ ਕੀਤੇ ਗਏ ਸਨ ਅਤੇ ਉਨ੍ਹਾਂ ਵੱਲੋਂ ਹੀ ਘਰ ਘਰ ਜਾ ਕੇ ਮਾਸਕਾਂ ਦੀ ਵੰਡ ਕੀਤੀ ਗਈ। ਉਨ੍ਹਾਂ ਕਿਹਾ ਕਿ ਸਕੂਲੀ ਬੱਚੇ ਵੀ ਇਸ ਮਹਾਂਮਾਰੀ ਪ੍ਰਤੀ ਜਾਗਰੂਕ ਹੋ ਰਹੇ ਹਨ ਅਤੇ ਆਪਣੇ ਆਲੇ ਦੁਆਲੇ ਦੇ ਲੋਕਾਂ ਨੂੰ ਇਸ ਮਹਾਂਮਾਰੀ ਪ੍ਰਤੀ ਜਾਗਰੂਕ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਮਿਸ਼ਨ ਫਤਿਹ ਯੌੋਧਾ ਬਣਨ ਲਈ ਸਕੂਲੀ ਬੱਚਿਆਂ ਵੱਲੋਂ ਕੋਵਾ ਐਪ ਡਾਉਨਲੋਡ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸਕੂਲੀ ਬੱਚਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਆਂਢ-ਗੁਆਂਢ, ਰਿਸ਼ਤੇਦਾਰਾਂ ਨੂੰ ਵੀ ਕੋਵਾ ਐਪ ਡਾਊਨਲੋਡ ਕਰਨ ਲਈ ਪ੍ਰੇਰਿਤ ਕਰਨ ਅਤੇ ਉਨ੍ਹਾਂ ਨੂੰ ਸਿਹਤ ਵਿਭਾਗ ਵੱਲੋਂ ਦਿੱਤੀਆਂ ਗਈਆਂ ਸਾਵਧਾਨੀਆਂ ਬਾਰੇ ਜਗਾਰੂਕ ਕਰਵਾਉਣ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਮਿਲ ਕੇ ਹੀ ਇਸ ਮਹਾਂਮਾਰੀ ਤੇ ਕਾਬੂ ਪਾ ਸਕਦੇ ਹਾਂ। ਇਸ ਮੌਕੇ ਉਨ੍ਹਾਂ ਨਾਲ ਉਪ ਜਿਲ੍ਹਾ ਸਿਖਿਆ ਅਫਸਰ ਰਾਜੇਸ਼ ਸ਼ਰਮਾ ਤੇ ਹਰਭਗਵੰਤ ਸਿੰਘ ਵੀ ਹਾਜਰ ਸਨ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਸਤਿੰਦਰਬੀਰ ਸਿੰਘ ਜਿਲ੍ਹਾ ਸਿਖਿਆ ਅਫਸਰ ਸੈਕੰਡਰੀ ਨੇ ਦੱਸਿਆ ਕਿ ਜਿਲੇ੍ਹ ਦੇ 419 ਸਕੂਲਾਂ ਦੇ ਅਧਿਆਪਕਾਂ ਵੱਲੋਂ ਇਸ ਮਹਾਂਮਾਰੀ ਨਾਲ ਨਜਿੱਠਣ ਲਈ ਖੁਦ ਮਾਸਕ ਤਿਆਰ ਕਰਕੇ ਘਰ ਘਰ ਜਾ ਕੇ ਲੋਕਾਂ ਨੂੰ ਮਾਸਕ ਵੰਡੇ ਗਏ ਅਤੇ ਲੋਕਾਂ ਨੂੰ ਇਸ ਦੇ ਬਚਾਓ ਲਈ ਸਾਵਧਾਨੀਆਂ ਅਪਣਾਉਣ ਬਾਰੇ ਦੱਸਿਆ। ਉਨ੍ਹਾਂ ਦੱਸਿਆ ਕਿ ਅਧਿਆਪਕਾਂ ਵੱਲੋਂ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਘਰੋਂ ਬਾਹਰ ਨਿਕਲਦੇ ਸਮੇਂ ਮਾਸਕ ਦੀ ਵਰਤੋਂ ਜਰੂਰ ਕੀਤੀ ਜਾਵੇ, ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ, ਜਨਤਕ ਥਾਂਵਾਂ ‘ਤੇ ਥੁੱਕਣ ਤੋਂ ਪ੍ਰਹੇਜ ਅਤੇ ਬੇਵਜਾ ਘਰੋਂ ਨਿਕਲਣ ਤੋਂ ਗੁਰੇਜ ਕਰਨ ਬਾਰੇ ਦੱਸਿਆ। ਜਿਲ੍ਹਾ ਸਿਖਿਆ ਅਫਸਰ ਨੇ ਦੱਸਿਆ ਕਿ ਅਧਿਆਪਕਾਂ ਵੱਲੋਂ ਘਰ ਘਰ ਜਾ ਕੇ ਲੋਕਾਂ ਨੂੰ ਸਮੇਂ ਸਮੇਂ ਸਿਰ ਹੱਥ ਧੋਣ ਦੀ ਵਿਧੀ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਚਲਾਇਆ ਜਾ ਰਿਹਾ ਮਿਸ਼ਨ ਫਤਿਹ ਤਾਂ ਹੀ ਕਾਮਯਾਬ ਹੋ ਸਕਦਾ ਹੈ ਜੇਕਰ ਲੋਕ ਸਾਥ ਦੇਣ। ਉਨ੍ਹਾਂ ਦੱਸਿਆ ਕਿ ਅਧਿਆਪਕਾਂ ਵੱਲੋਂ ਘਰ ਘਰ ਜਾ ਕੇ ਲੋਕਾਂ ਨੂੰ ਕੋਵਾ ਐਪ ਡਾਊਨਲੋਡ ਸਬੰਧੀ ਵੀ ਜਾਣਕਾਰੀ ਦਿੱਤੀ ਗਈ ਅਤੇ ਦੱਸਿਆ ਗਿਆ ਕਿ ਉਹ ਮਿਸ਼ਨ ਫਤਿਹ ਵਿੱਚ ਰਜਿਸਟਰਡ ਹੋ ਕੇ ਮੁੱਖ ਮੰਤਰੀ ਪੰਜਾਬ ਦੇ ਹਸਤਾਖਰਾਂ ਵਾਲਾ ਸਰਟੀਫਿਕੇਟ ਵੀ ਜਿੱਤ ਸਕਦੇ ਹਨ।