14.8 C
United Kingdom
Monday, June 22, 2026

More

    ਸਾਉਣੀ ਰੁੱਤ ਦੀ ਮੂੰਗੀ ਅਤੇ ਮਾਂਹ ਦੀ ਬਿਜਾਈ ਲਈ ਕਿਸਾਨਾਂ ਨੂੰ ਦਿੱਤੇ ਸੁਝਾਅ

    ਅਸ਼ੋਕ ਵਰਮਾ
    ਬਠਿੰਡਾ, 3 ਜੁਲਾਈ :

    ਖੇਤੀਬਾੜੀ  ਅਤੇ ਕਿਸਾਨ ਭਲਾਈ ਵਿਭਾਗ ਦੇ ਡਿਪਟੀ ਡਾਇਰੈਕਟਰ ਖੇਤੀਬਾੜੀ (ਦਾਲਾਂ), ਪੰਜਾਬ, ਬਠਿੰਡਾ ਡਾ. ਬਹਾਦਰ ਸਿੰਘ ਸਿੱਧੂ ਨੇ ਕਿਸਾਨਾਂ ਨੂੰ ਜੁਲਾਈ ਦੇ ਦੂਜੇ ਪੰਦਰਵਾੜੇ ਵਿੱਚ ਮੂੰਗੀ ਦੀ ਫਸਲ ਦੀ ਬਿਜਾਈ ਵੱਧ ਤੋਂ ਵੱਧ ਰਕਬੇ ਵਿੱਚ ਕਰਨ ਦੀ ਅਪੀਲ ਕੀਤੀ। ਉਹਨਾਂ ਨੇ ਜਾਣਕਾਰੀ ਦਿੱਤੀ ਕਿ ਮੂੰਗੀ ਦੀਆਂ ਉੱਨਤ ਕਿਸਮਾਂ ਐਮ. ਐਲ. 2056 ਅਤੇ  ਐਮ. ਐਲ 818 ਦੀ ਬੀਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਅਣਾ ਅਤੇ ਆਪਣੇ ਜ਼ਿਲੇ ਦੇ ਖੇਤਰੀ ਖੋਜ ਕੇਂਦਰਾਂ ਵਿੱਚੋਂ ਵੀ ਪ੍ਰਾਪਤ ਕੀਤਾ ਜਾ ਸਕਦਾ ਹੈ। ਬੀਜ ਨੂੰ ਰਾਈਜ਼ੋਬੀਅਮ ਦਾ ਟੀਕਾ ਲਗਾ ਕੇ ਸਹੀ ਸਮੇਂ ’ਤੇ ਬਿਜਾਈ ਕਰਨ ਨਾਲ ਕਿਸਾਨ ਮੂੰਗੀ ਦੀ ਫਸਲ ਦਾ ਵਧੀਆ ਝਾੜ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ ਜੁਲਾਈ ਦੇ ਪਹਿਲੇ ਹਫਤੇ ਤੱਕ ਮਾਂਹ ਦੀ ਬਿਜਾਈ ਵੀ ਕੀਤੀ ਜਾ ਸਕਦੀ ਹੈ। ਮਾਂਹ ਦੀਆਂ ਉੱਨਤ ਕਿਸਮਾਂ ਮਾਂਹ 114 ਅਤੇ ਮਾਂਹ 338 ਦੀ ਬਿਜਾਈ ਕੀਤੀ ਜਾ ਸਕਦੀ ਹੈ।
    ਖੇਤੀਬਾੜੀ ਵਿਕਾਸ ਅਫਸਰ ਡਾ. ਨਵਰਤਨ ਕੌਰ ਨੇ ਦੱਸਿਆ ਕਿ ਮੂੰਗੀ ਦੀਆਂ ਪੀ.ਏ.ਯੂ. ਵੱਲੋਂ ਸਿਫਾਰਿਸ਼ ਕੀਤੀਆਂ ਉੱਨਤ ਕਿਸਮਾਂ ਐਮ. ਐਲ 2056 ਅਤੇ ਐਮ. ਐਲ 818 ਪੀਲੇ ਚਿਤਕਬਰਾ ਰੋਗ ਅਤੇ ਪੱਤਿਆਂ ਦੇ ਧੱਬਿਆਂ ਦੇ ਰੋਗਾਂ ਦਾ ਟਾਕਰਾ ਕਰਨ ਵਿੱਚ ਸਮਰੱਥਾ ਰੱਖਦੀਆਂ ਹਨ। ਇਹ ਕਿਸਮਾਂ ਤਕਰੀਬਨ 71-72 ਦਿਨਾਂ ਵਿੱਚ ਪੱਕ ਕੇ ਤਿਆਰ ਹੋ ਜਾਂਦੀਆਂ ਹਨ ਅਤੇ ਔਸਤਨ ਝਾੜ ਕ੍ਰਮਵਾਰ 4.6 ਕੁਇੰਟਲ ਪ੍ਰਤੀ ਏਕੜ ਅਤੇ 4.2 ਕੁਇੰਟਲ ਪ੍ਰਤੀ ਏਕੜ ਦਿੰਦੀਆਂ ਹਨ। ਮਾਂਹ ਦੀਆਂ ਉੱਨਤ ਕਿਸਮਾਂ ਮਾਂਹ 114 ਅਤੇ ਮਾਂਹ 338 ਵਿਸ਼ਾਣੂ ਰੋਗ ਅਤੇ ਪੱਤਿਆਂ ’ਤੇ ਧੱਬਿਆਂ ਦੇ ਰੋਗ ਦਾ ਟਾਕਰਾ ਕਰਨ ਵਿੱਚ ਸਮਰੱਥ ਹੈ।
    ਖੇਤੀਬਾੜੀ ਅਧਿਕਾਰੀਆਂ ਵੱਲੋਂ ਕਿਸਾਨਾਂ ਨੂੰ ਸਲਾਹ ਦਿੱਤੀ ਗਈ ਕਿ ਵੱਧ ਤੋਂ ਵੱਧ ਰਕਬੇ ਵਿੱਚ ਦਾਲਾਂ ਦੀਆਂ ਫਸਲਾਂ ਦੀ ਬਿਜਾਈ ਕੀਤੀ ਜਾਵੇ ਤਾਂ ਜੋ ਦੇਸ਼ ਅੰਨ ਸੁਰੱਖਿਆ ਵਿੱਚ ਆਤਮ ਨਿਰਭਰ ਬਣ ਸਕੇ। ਉਹਨਾਂ ਕਿਹਾ ਕਿ ਸਮੇਂ ਸਿਰ ਸਮਰ ਮੂੰਗ ਦੀ ਵਾਢੀ ਕਰ ਲਈ ਜਾਵੇ ਅਤੇ ਬਰਸਾਤ ਤੋਂ ਪਹਿਲਾਂ ਇਸ ਦੀ ਸਾਂਭ ਸੰਭਾਲ ਕਰ ਲਈ ਜਾਵੇ ਤਾਂ ਜੋ ਕਿਸਾਨਾਂ ਵੱਲੋਂ ਫਸਲ ਦਾ ਚੰਗਾ ਮੁੱਲ ਪ੍ਰਾਪਤ ਕੀਤਾ ਜਾ ਸਕੇ। ਇਸ ਦੇ ਨਾਲ-ਨਾਲ ਡਾ. ਬਹਾਦਰ ਸਿੰਘ ਸਿੱਧੂ ਵੱਲੋਂ ਕਿਸਾਨਾਂ ਨੂੰ ਟਿੱਡੀ ਦਲ ਦੇ ਹਮਲੇ ਤੋਂ ਆਉਣ ਵਾਲੇ ਦਿਨਾਂ ਵਿੱਚ ਸੁਚੇਤ ਰਹਿਣ ਲਈ ਸਲਾਹ ਦਿੱਤੀ ਅਤੇ ਜੇਕਰ ਕਿਸੇ ਪਿੰਡ ਵਿੱਚ ਇਹ ਹਮਲਾ ਨਜ਼ਰ ਆਉਂਦਾ ਹੈ ਤਾਂ ਤੁਰੰਤ ਖੇਤੀਬਾੜੀ ਅਧਿਕਾਰੀਆਂ ਨੂੰ ਸੂਚਨਾ ਦਿੱਤੀ ਜਾਵੇ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!