ਦੋ ਨਵੇਂ ਮਾਮਲੇ ਸਾਹਮਣੇ ਆਏ
ਅਸ਼ੋਕ ਵਰਮਾ
ਬਠਿੰਡਾ, 15 ਜੁਲਾਈ : ਜ਼ਿਲੇ ਦੇ ਡਿਪਟੀ ਕਮਿਸ਼ਨਰ ਸ਼੍ਰੀ ਬੀ.ਸ਼੍ਰੀਨਿਵਾਸਨ ਨੇ ਦੱਸਿਆ ਕਿ ਜ਼ਿਲੇ ਅੰਦਰ ਬੁੱਧਵਾਰ ਦੀ ਸ਼ਾਮ ਤੱਕ 4 ਹੋਰ ਵਿਅਕਤੀ ਸਿਹਤਯਾਬ ਹੋ ਕੇ ਆਪੋ-ਆਪਣੇ ਘਰ ਪਹੁੰਚੇ ਹਨ। ਪ੍ਰਾਪਤ ਰਿਪੋਰਟ ਅਨੁਸਾਰ ਅੱਜ 312 ਨਮੂਨਿਆਂ ਦੀ ਰਿਪੋਰਟ ਨੈਗੇਟਿਵ ਤੇ 2 ਕੇਸ ਪਾਜੀਟਿਵ ਆਏ ਹਨ, ਜਦਕਿ ਜ਼ਿਲੇ ਅੰਦਰ ਐਕਟਿਵ ਕੇਸਾਂ ਦੀ ਗਿਣਤੀ ਹੁਣ 42 ਹੈ। ਜ਼ਿਲੇ ਅੰਦਰ ਭਾਵੇਂ ਕੁੱਲ ਐਕਟਿਵ ਕੇਸਾਂ ਦੀ ਗਿਣਤੀ 153 ਸੀ ਜਿਨਾਂ ’ਚੋਂ 107 ਵਿਅਕਤੀ ਪਹਿਲਾਂ ਹੀ ਠੀਕ ਹੋ ਕੇ ਆਪੋ-ਆਪਣੇ ਘਰਾਂ ਨੂੰ ਪਰਤ ਚੁੱਕੇ ਹਨ।
ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ ਨੇ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਰੋਨਾ ਇੱਕ ਭਿਆਨਕ ਵਾਇਰਸ ਹੈ ਜੋ ਕਿ ਇੱਕ ਦੂਜੇ ਦੇ ਸੰਪਰਕ ਵਿਚ ਆਉਣ ਨਾਲ ਫੈਲਦਾ ਹੈ। ਇਸ ਤੋਂ ਬਚਣ ਲਈ ਸਿਰਫ਼ ਪ੍ਰਹੇਜ਼ ਹੀ ਦਵਾਈ ਹੈ। ਡਿਪਟੀ ਕਮਿਸ਼ਨਰ ਨੇ ਜ਼ਿਲਾ ਵਾਸੀਆਂ ਨੂੰ ਕਿਹਾ ਕਿ ਇਸ ਵਾਇਰਸ ਤੋਂ ਬਚਾਓ ਲਈ ਹਰ ਵਿਅਕਤੀ ਲਈ ਮਾਸਕ ਪਹਿਨਣਾ ਪਹਿਨਣਾ ਲਾਜ਼ਮੀ ਹੈ। ਇਸ ਤੋਂ ਇਲਾਵਾ ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ ਅਤੇ ਆਪਸੀ ਤਾਲਮੇਲ ਨੂੰ ਘਟਾਇਆ ਜਾਵੇ ਅਤੇ ਹੱਥਾਂ ਨੂੰ ਵਾਰ-ਵਾਰ ਸਾਬਣ ਜਾਂ ਸੈਨੀਟਾਈਜ਼ ਨਾਲ ਸਾਫ਼ ਕੀਤਾ ਜਾਵੇ। ਉਨਾਂ ਬਜ਼ੁਰਗਾਂ ’ਤੇ ਬੱਚਿਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਘਰ ਤੋਂ ਬਾਹਰ ਨਿਕਲਣ ਤੋਂ ਪ੍ਰਹੇਜ਼ ਕਰਨ।
ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਸਰਕਾਰ ਵਲੋਂ ਮਿਲੀਆਂ ਹਦਾਇਤਾਂ ਅਨੁਸਾਰ ਜ਼ਿਲੇ ਅੰਦਰ ਵਿਆਹ ਜਾਂ ਹੋਰ ਸਮਾਗਮਾਂ ਵਿਚ 30 ਤੋਂ ਵੱਧ ਵਿਅਕਤੀਆਂ ਦੇ ਇਕੱਠ ’ਤੇ ਰੋਕ ਲਗਾਈ ਗਈ ਹੈ, ਜੇਕਰ ਕੋਈ ਵੀ ਵਿਅਕਤੀ ਸਰਕਾਰ ਵਲੋਂ ਦਿੱਤੀਆਂ ਹਦਾਇਤਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
