ਅਸ਼ੋਕ ਵਰਮਾ
ਮਾਨਸਾ, 16 ਜੁਲਾਈ: ਡਿਪਟੀ ਕਮਿਸ਼ਨਰ ਮਾਨਸਾ ਮਹਿੰਦਰਪਾਲ ਨੇ ਅੱਜ ਬੱਚਤ ਭਵਨ ਵਿਖੇ ਘਰ ਘਰ ਰੋਜ਼ਗਾਰ ਯੋਜਨਾ ਨੂੰ ਲਾਗੂ ਕਰਨ ਲਈ ਵੱਖ ਵੱਖ ਵਿਭਾਗਾਂ ਦੁਆਰਾ ਜ਼ਮੀਨੀ ਪੱਧਰ ’ਤੇ ਕੀਤੇ ਜਾ ਰਹੇ ਉਪਰਾਲਿਆਂ ਦੀ ਵਿਸਥਾਰ ਵਿੱਚ ਸਮੀਖਿਆ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਫਲੈਗਸ਼ਿਪ ਪ੍ਰੋਗਰਾਮ ਹੈ ਜਿਸ ਨੂੰ ਜ਼ਮੀਨੀ ਪੱਧਰ ’ਤੇ ਲਾਗੂ ਕਰਨ ਲਈ ਸਬੰਧਤ ਵਿਭਾਗੀ ਅਧਿਕਾਰੀਆਂ ਨੂੰ ਪੂਰੀ ਦਿਲਚਸਪੀ ਅਤੇ ਮਿਹਨਤ ਨਾਲ ਕਾਰਜਸ਼ੀਲ ਰਹਿਣਾ ਚਾਹੀਦਾ ਹੈ। ਉਨਾਂ ਕਿਹਾ ਕਿ ਵਿਭਾਗੀ ਟੀਚਿਆਂ ਨੂੰ ਪੂਰਾ ਕਰਨ ਵਿੱਚ ਅਸਫ਼ਲ ਰਹਿਣ ਵਾਲੇ ਅਧਿਕਾਰੀਆਂ ਨੂੰ ਜਵਾਬਦੇਹ ਬਣਾਇਆ ਜਾਵੇਗਾ ਤਾਂ ਜੋ ਸਰਕਾਰ ਦੁਆਰਾ ਵੱਧ ਤੋਂ ਵੱਧ ਲੋੜਵੰਦਾਂ ਨੂੰ ਰੋਜ਼ਗਾਰ ਤੇ ਸਵੈ ਰੋਜ਼ਗਾਰ ਦੇ ਸਮਰੱਥ ਬਣਾਉਣ ਲਈ ਉਲੀਕੇ ਜਾ ਰਹੇ ਪ੍ਰੋਗਰਾਮਾਂ ਨੂੰ ਸਫ਼ਲ ਬਣਾਇਆ ਜਾ ਸਕੇ।
ਡਿਪਟੀ ਕਮਿਸ਼ਨਰ ਨੇ ਮੀਟਿੰਗ ਵਿੱਚ ਸ਼ਾਮਲ ਅਧਿਕਾਰੀਆਂ ਨੂੰ ਇਹ ਹਦਾਇਤ ਵੀ ਕੀਤੀ ਕਿ ਏਜੰਡੇ ਮੁਤਾਬਕ ਪੂਰੀ ਤਿਆਰੀ ਅਤੇ ਅੰਕੜਿਆਂ ਸਮੇਤ ਮੀਟਿੰਗ ਵਿੱਚ ਸ਼ਾਮਲ ਹੋਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਸਰਕਾਰੀ ਸਮਾਂ ਅਜਾਈਂ ਨਸ਼ਟ ਨਾ ਹੋਵੇ। ਡਿਪਟੀ ਕਮਿਸ਼ਨਰ ਵੱਲੋਂ ਜ਼ਿਲਾ ਮਾਨਸਾ ਵਿਖੇ ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ ਦੇ ਪ੍ਰਬੰਧਾਂ ਹੇਠ ਰੋਜ਼ਗਾਰ ਤੇ ਸਵੈ ਰੋਜ਼ਗਾਰ ਨੂੰ ਉਤਸ਼ਾਹਿਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼ ਦਿੱਤੇ। ਉਨਾਂ ਕਿਹਾ ਕਿ ਸਰਕਾਰ ਦੁਆਰਾ ਸਤੰਬਰ ਮਹੀਨੇ ਵਿੱਚ ਰੋਜ਼ਗਾਰ ਮੇਲੇ ਲਗਾਉਣ ਦਾ ਪ੍ਰੋਗਰਾਮ ਉਲੀਕਿਆ ਜਾ ਰਿਹਾ ਹੈ ਜਿਸ ਸਬੰਧੀ ਹੁਣ ਤੋਂ ਹੀ ਹੁਨਰਮੰਦਾਂ ਦੀ ਰਜਿਸਟਰੇਸ਼ਨ ਕਰਵਾਉਣ ਦੀ ਪ੍ਰਕਿਰਿਆ ਸਮੇਤ ਹੋਰ ਲੋੜੀਂਦੇ ਕਾਰਜਾਂ ਨੂੰ ਅਮਲ ਵਿੱਚ ਲਿਆਉਣਾ ਆਰੰਭ ਕਰ ਦਿੱਤਾ ਜਾਵੇ।
ਡਿਪਟੀ ਕਮਿਸ਼ਨਰ ਵੱਲੋਂ ਸਮੀਖਿਆ ਮੀਟਿੰਗ ਦੌਰਾਨ ਮਗਨਰੇਗਾ ਕਾਮਿਆਂ, ਸਵੈ ਸਹਾਇਤਾ ਸਮੂਹਾਂ, ਦੁਕਾਨਾਂ, ਉਸਾਰੀ ਕਾਰਜਾਂ, ਫੈਕਟਰੀਆਂ ਸਮੇਤ ਹੋਰ ਥਾਵਾਂ ’ਤੇ ਕਾਰਜ ਕਰ ਰਹੇ ਕਾਮਿਆਂ ਦੇ ਵੇਰਵੇ ਮੁਹੱਈਆ ਕਰਵਾਉਣ ਦੀ ਹਦਾਇਤ ਕੀਤੀ। ਉਨਾਂ ਕਿਹਾ ਕਿ ਰੋਜ਼ਗਾਰ ਤੇ ਸਵੈ ਰੋਜ਼ਗਾਰ ਲਈ ਕੋਈ ਵੀ ਪ੍ਰਾਰਥੀ ਵੈਬਸਾਈਟ www.pgrkam.com ਤੇ ਆਪਣੀ ਰਜਿਸਟਰੇਸ਼ਨ .. ’ਤੇ ਕਰਵਾ ਸਕਦਾ ਹੈ ਅਤੇ ਇਸ ਰਜਿਸਟਰੇਸ਼ਨ ਦੀ ਕੋਈ ਫੀਸ ਨਹੀਂ ਲਗਦੀ ਹੈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਜ਼ਿਲਾ ਰੋਜ਼ਗਾਰ ਅਫ਼ਸਰ ਮੇਜਰ ਹਰਪ੍ਰੀਤ ਸਿੰਘ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।