
ਅਸ਼ੋਕ ਵਰਮਾ
ਬਠਿੰਡਾ 19 ਜੁਲਾਈ: ਸ੍ਰੀ ਗੁਰੁ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤੇ ਗਏ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਗੀਤ ਮੁਕਾਬਲੇ 20 ਜੁਲਾਈ ਤੋਂ ਕਰਵਾਏ ਜਾ ਰਹੇ ਹਨ। ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਅਗਵਾਈ ‘ਚ ਕਰਵਾਏ ਜਾ ਰਹੇ ਇਹ ਆਨਲਾਈਨ ਗੀਤ ਮੁਕਾਬਲੇ 26 ਜੁਲਾਈ ਤੱਕ ਹੋਣਗੇ । ਸਕੱਤਰ ਸਕੂਲ ਸਿੱਖਿਆ ਸ੍ਰੀ ਕਿ੍ਰਸ਼ਨ ਕੁਮਾਰ ਦੀ ਦੇਖ-ਰੇਖ ‘ਚ ਹੋਣ ਵਾਲੀ ਇਸ ਦੂਸਰੀ ਗੀਤ ਮੁਕਾਬਾਲਿਆਂ ਦੀ ਪ੍ਰਤੀਯੋਗਤਾ ਵਿੱਚ ਸਰਕਾਰੀ ਸਕੂਲਾਂ ਦੇ ਸੈਕੰਡਰੀ, ਮਿਡਲ ਤੇ ਪ੍ਰਾਇਮਰੀ ਵਰਗ ਦੇ ਵਿਦਿਆਰਥੀ ਪੂਰੇ ਉਤਸ਼ਾਹ ਨਾਲ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦਾ ਗਾਇਨ ਕਰਕੇ, ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰ ਸਕਣਗੇ । ਇਸ ਦੇ ਨਾਲ ਹੀ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆ ਵੀ ਤਿੰਨੇ ਵਰਗਾਂ ‘ਚ ਹਿੱਸਾ ਲੈ ਸਕਣਗੇ ।
ਗੀਤ ਮੁਕਾਬਲਿਆਂ ਬਾਰੇ ਹੋਰ ਜਾਣਕਾਰੀ ਦਿੰਦਿਆਂ ਜਿਲਾ ਸਿੱਖਿਆ ਅਫਸਰ (ਐਲੀ.) ਹਰਦੀਪ ਸਿੰਘ ਤੱਗੜ ਅਤੇ ਉਪ ਜ਼ਿਲਾ ਸਿੱਖਿਆ ਅਫਸਰ (ਸੈ.) ਇਕਬਾਲ ਸਿੰਘ ਬੁੱਟਰ ਨੇ ਦੱਸਿਆ ਕਿ ਰਾਜ ਸਿੱਖਿਆ, ਸਿਖਲਾਈ ਤੇ ਖੋਜ ਪ੍ਰੀਸ਼ਦ ਵੱਲੋਂ ਕਰਵਾਏ ਜਾ ਰਹੇ ਇੰਨਾਂ ਸਕੂਲ ਪੱਧਰ ਦੇ ਗੀਤ ਗਾਇਨ ਮੁਕਾਬਲਿਆਂ ‘ਚ ਹਿੱਸਾ ਲੈਣ ਵਾਲੇ ਪ੍ਰਤੀਯੋਗੀ 20 ਤੋਂ 24 ਜੁਲਾਈ ਰਾਤ 12 ਵਜੇ ਤੱਕ ਆਪਣੀ ਪੇਸ਼ਕਾਰੀ ਦੀਆਂ ਵੀਡੀਓਜ਼ ਸ਼ੋਸ਼ਲ ਮੀਡੀਆ ਦੇ ਵੱਖ-ਵੱਖ ਮਾਧਿਅਮਾਂ ‘ਤੇ ਅਪਲੋਡ (ਪਬਲਿਕ ਲਈ) ਕਰ ਸਕਦੇ ਹਨ। ਪ੍ਰਤੀਯੋਗੀ ਆਪਣੇ ਨਾਲ ਵੱਧ ਤੋਂ ਵੱਧ ਦੋ ਸਜ਼ਿੰਦੇ ਰੱਖ ਸਕਦਾ ਹੈ। ਸਾਰੇ ਵਰਗਾਂ ਦੇ ਪ੍ਰਤੀਯੋਗੀ 3 ਤੋਂ 5 ਮਿੰਟ ‘ਚ ਗੀਤ ਗਾਇਨ ਕਰਕੇ, ਆਪਣੀ ਦਾਅਵੇਦਾਰੀ ਪੇਸ਼ ਕਰ ਸਕਦੇ ਹਨ। ਗੀਤ ਪੂਰੀ ਤਰਾਂ ਗੁਰ ਮਰਿਆਦਾ ਤੇ ਨਿਯਮਾਂ ਅਨੁਸਾਰ ਸ੍ਰੀ ਗੁਰੁ ਤੇਗ ਬਹਾਦਰ ਜੀ ਦੀਆਂ ਸਿੱਖਿਆਵਾਂ, ਜੀਵਨ, ਸਿਧਾਂਤਾਂ, ਉਦੇਸ਼ਾਂ, ਉਸਤਤ ਤੇ ਕੁਰਬਾਨੀ ‘ਤੇ ਅਧਾਰਤ ਪੇਸ਼ ਕੀਤ ਜਾ ਸਕਣਗੇ । 25 ਜੁਲਾਈ ਨੂੰ ਵੱਖ-ਵੱਖ ਸਕੂਲਾਂ ਦੇ ਪਹਿਲੇ ਸਥਾਨ ‘ਤੇ ਰਹਿਣ ਵਾਲੇ ਪ੍ਰਤੀਯੋਗੀਆਂ ਦੀਆਂ ਵੀਡੀਓਜ਼ ਦੇ ਲਿੰਕ ਅਤੇ ਬਾਕੀ ਪ੍ਰਤੀਯੋਗੀਆਂ ਦੇ ਵੇਰਵੇ ਸਬੰਧਤ ਸਕੂਲ ਮੁਖੀ ਤੇ ਅਧਿਆਪਕ ਵਿਭਾਗ ਦੀ ਤਕਨੀਕੀ ਟੀਮ ਵੱਲੋਂ ਦਿੱਤੇ ਗਏ ਗੂਗਲ ਫਾਰਮ ‘ਚ ਭਰਨਗੇ। ਇਸ ਤੋਂ ਅੱਗੇ ਬਲਾਕ, ਜਿਲਾ ਤੇ ਰਾਜ ਪੱਧਰੀ ਦੇ ਨਤੀਜਿਆਂ ਦੀ ਪ੍ਰਕਿਰਿਆ ਆਰੰਭ ਹੋਵੇਗੀ।
ਉਪ ਜ਼ਿਲਾ ਸਿੱਖਿਆ ਅਫਸਰ ਇਕਬਾਲ ਸਿੰਘ ਬੁੱਟਰ ਨੇ ਇਹ ਵੀ ਸਪੱਸ਼ਟ ਕੀਤਾ ਕਿ ਗੀਤ ਗਾਇਨ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਪ੍ਰਤੀ ਸਕੂਲ ਜਿਨੇ ਮਰਜੀ ਵਿਦਿਆਰਥੀ ਭਾਗ ਲੈ ਸਕਦੇ ਹਨ ਪਰ ਭਾਗ ਲੈਣ ਵਾਲੇ ਵਿਦਿਆਰਥੀਆਂ ਲਈ ਆਪਣੇ ਸਕੂਲ ਤੇ ਜ਼ਿਲੇ ਦੀ ਪਛਾਣ ਗੁਪਤ ਰੱਖਣੀ ਲਾਜ਼ਮੀ ਹੋਵੇਗੀ। ਉਨਾਂ ਇਹ ਵੀ ਦੱਸਿਆ ਕਿ ਗੀਤ ਮੁਕਾਬਲਿਆਂ ਦੀ ਜੱਜਮੈਂਟ ਲਈ ਜ਼ਿਲੇ ਅੰਦਰ ਪੈਂਦੇ ਸਾਰੇ 7 ਸਿੱਖਿਆ ਬਲਾਕਾਂ ਲਈ ਪ੍ਰਤੀ ਬਲਾਕ 3-3 ਜੱਜ ਨਿਯੁਕਤ ਕੀਤੇ ਗਏ ਹਨ , ਇਸ ਤੋਂ ਇਲਾਵਾ ਪ੍ਰਤੀ ਬਲਾਕ 2-2 ਨੋਡਲ ਅਫਸਰ ਵੀ ਲਗਾਏ ਗਏ ਹਨ ।