ਅਸ਼ੋਕ ਵਰਮਾ
ਬਠਿੰਡਾ 21 ਜੁਲਾਈ। ਕਿਸਾਨ ਮਾਰੂ ਖੇਤੀ ਆਰਡੀਨੈਂਸਾਂ ਦੀ ਵਾਪਸੀ ਲਈ ਪੰਜਾਬ ਦੀਆਂ 13 ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਦੇ ਤਾਲਮੇਲਵੇਂ ਸੰਘਰਸ਼ ਤਹਿਤ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੀ ਅਗਵਾਈ ਹੇਠ ਅੱਜ ਦੂਜੇ ਦਿਨ ਵੀ ਕੇਂਦਰ ਦੀ ਮੋਦੀ ਸਰਕਾਰ ਦੇ ਅਰਥੀ ਸਾੜ ਮੁਜ਼ਾਹਰੇ ਪਿੰਡ-ਪਿੰਡ ਜਾਰੀ ਰਹੇ। ਜਥੇਬੰਦੀ ਦੇ ਕਾਰਜਕਾਰੀ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਲੌਂਗੋਵਾਲ ਅਤੇ ਜਨਰਲ ਸਕੱਤਰ ਹਰਿੰਦਰ ਕੌਰ ਬਿੰਦੂ ਨੇ ਲਿਖਤੀ ਸੂਬਾਈ ਪ੍ਰੈਸ ਰਿਲੀਜ਼ ਰਾਹੀਂ ਦੱਸਿਆ ਕਿ ਅੱਜ ਸੰਗਰੂਰ, ਪਟਿਆਲਾ, ਮਾਨਸਾ, ਬਰਨਾਲਾ, ਬਠਿੰਡਾ, ਮੋਗਾ, ਫਰੀਦਕੋਟ, ਫਾਜ਼ਿਲਕਾ, ਫਿਰੋਜ਼ਪੁਰ, ਅੰਮਿ੍ਰਤਸਰ ਤੇ ਗੁਰਦਾਸਪੁਰ 11 ਜ਼ਿਲਿਆਂ ਦੇ 56 ਪਿੰਡਾਂ ਵਿੱਚ ਕੁੱਲ ਰਲ਼ਾ ਕੇ ਹਜ਼ਾਰਾਂ ਕਿਸਾਨ ਮਜ਼ਦੂਰ ਪਰਿਵਾਰਾਂ ਸਮੇਤ ਸ਼ਾਮਲ ਹੋਏ। ਇਕੱਠਾਂ ਵੱਲੋਂ ਮੋਦੀ ਸਰਕਾਰ ਮੁਰਦਾਬਾਦ ਦੇ ਰੋਹ ਭਰਪੂਰ ਨਾਹਰੇ ਮਾਰਦਿਆਂ 5 ਜੂਨ ਦੇ ਤਿੰਨੇ ਖੇਤੀ ਆਰਡੀਨੈਂਸ ਅਤੇ ਬਿਜਲੀ ਸੋਧ ਬਿੱਲ 2020 ਰੱਦ ਕਰਨ ਸਮੇਤ ਪੈਟ੍ਰੋਲ ਡੀਜ਼ਲ ਦਾ ਮੁਕੰਮਲ ਕੰਟਰੋਲ ਸਰਕਾਰੀ ਹੱਥਾਂ ਵਿੱਚ ਲੈਣ ਦੀ ਜ਼ੋਰਦਾਰ ਮੰਗ ਕੀਤੀ ਗਈ।
ਇੰਨਾਂ ਅਰਥੀ ਫੂਕ ਮਬਜਾਹਰਰਿਆਂ ਦੌਰਾਨ ਥਾਂ-ਥਾਂ ਇਕੱਠਾਂ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਕਾਰਜਕਾਰੀ ਸੂਬਾ ਆਗੂਆਂ ਅਮਰੀਕ ਸਿੰਘ ਗੰਢੂਆਂ, ਸੰਦੀਪ ਸਿੰਘ ਚੀਮਾ ਤੇ ਰਾਜਵਿੰਦਰ ਰਾਮ ਨਗਰ ਸਮੇਤ ਜ਼ਿਲਾ ਤੇ ਬਲਾਕ ਪੱਧਰੇ ਸਰਗਰਮ ਆਗੂ ਸ਼ਾਮਲ ਸਨ। ਬੁਲਾਰਿਆਂ ਨੇ ਦਾਅਵਾ ਕੀਤਾ ਕਿ ਕਰੋਨਾ ਦੀ ਆੜ ਹੇਠ ਇਹ ਆਰਡੀਨੈਂਸ ਲਾਗੂ ਹੋਣ ਨਾਲ ਪੰਜਾਬ ਹਰਿਆਣੇ ਵਿੱਚ ਹੋ ਰਹੀ ਕਣਕ, ਝੋਨੇ, ਨਰਮੇ, ਗੰਨੇ ਦੀ ਸਰਕਾਰੀ ਖਰੀਦ ਵੀ ਠੱਪ ਹੋ ਜਾਣੀ ਹੈ ਅਤੇ ਐਮ.ਐਸ.ਪੀ. ਮਿਥੇ ਜਾਣ ਦੀ ਕੋਈ ਤੁਕ ਨਹੀਂ ਰਹਿਣੀ ਹੈ। ਆਗੂਆਂ ਨੇ ਕਿਹਾ ਕਿ ਬਿਜਲੀ ਸੋਧ ਬਿੱਲ ਲਾਗੂ ਹੋਇਆ ਤਾਂ ਕਿਸਾਨਾਂ ਮਜ਼ਦੂਰਾਂ ਦੀ ਬਿੱਲ ਸਬਸਿਡੀ ਖਤਮ ਹੋਣ ਨਾਲ ਖੇਤੀ ਘਾਟੇ ਹੋਰ ਵੀ ਜਿਆਦਾ ਵਧਣੇ ਹਨ। ਪਹਿਲਾਂ ਹੀ ਭਾਰੀ ਖੇਤੀ ਘਾਟਿਆਂ ਕਾਰਨ ਕਰਜ਼ੇ ਮੋੜਨੋਂ ਅਸਮਰੱਥ ਖੁਦਕੁਸ਼ੀਆਂ ਦਾ ਸ਼ਿਕਾਰ ਹੋ ਰਹੇ ਕਿਸਾਨਾਂ ਮਜ਼ਦੂੁਰਾਂ ਦੀ ਮੁਕੰਮਲ ਆਰਥਿਕ ਤਬਾਹੀ ਹੋਣੀ ਹੈ।
ਕਿਸਾਨ ਆਗੂਆਂ ਨੇ ਚਿੰਤਾ ਜਤਾਈ ਕਿ ਖੁਦਕੁਸ਼ੀਆਂ ਦਾ ਵਰਤਾਰਾ ਵੀ ਅਤੇ ਕਿਸਾਨਾਂ ਦੀਆਂ ਬਚੀਆਂ ਖੁਚੀਆਂ ਜ਼ਮੀਨਾਂ ਧਨਾਢ ਘਰਾਣਿਆਂ ਦੇ ਕਬਜ਼ੇ ਹੇਠ ਜਾਣ ਦਾ ਅਮਲ ਵੀ ਹੋਰ ਤੇਜ਼ ਹੋਣਾ ਹੈ। ਬੁਲਾਰਿਆਂ ਨੇ ਪੰਜਾਬ ਦੀ ਕੈਪਟਨ ਸਰਕਾਰ ਦੁਆਰਾ ਵੀ ਕਰੋਨਾ ਦੀ ਆੜ ਵਿੱਚ ਇਕੱਠਾਂ ‘ਤੇ ਪਾਬੰਦੀ ਦੀ ਸਖਤ ਨਿਖੇਧੀ ਕੀਤੀ ਅਤੇ ਤਹਿਸ਼ੁਦਾ ਕਿਸਾਨ ਸੰਘਰਸ਼ ਕਰੋਨਾ ਸਾਵਧਾਨੀਆਂ ਦੀ ਪਾਲਣਾ ਸਹਿਤ ਹਰ ਹੀਲੇ ਜਾਰੀ ਰੱਖਣ ਦਾ ਐਲਾਨ ਕੀਤਾ । ਇਸ ਮੌਕੇ ਮਤੇ ਪਾਸ ਕਰਕੇ 81 ਸਾਲਾਂ ਦੇ ਗੰਭੀਰ ਬੀਮਾਰ ਇਨਕਲਾਬੀ ਕਵੀ ਵਰਵਰਾ ਰਾਓ ਨੂੰ ਤੁਰੰਤ ਰਿਹਾਅ ਕਰਕੇ ਉਸਦੇ ਪਰਿਵਾਰ ਨੂੰ ਉਹਨਾਂ ਦਾ ਸਹੀ ਇਲਾਜ ਕਰਾਉਣ ਦਾ ਹੱਕ ਦੇਣ ਦੀ ਮੰਗ ਕੀਤੀ । ਬੁਲਾਰਿਆਂ ਨੇਪੰਜਾਬ ਭਰ ਦੇ ਕਿਸਾਨਾਂ ਨੂੰ ਆਪਣੀ ਹੋਂਦ ਬਚਾਉਣ ਵਾਲੇ ਮੌਜੂਦਾ ਸੰਘਰਸ਼ ਵਿੱਚ 26 ਜੁਲਾਈ ਤੱਕ ਅਰਥੀ ਸਾੜ ਮੁਜ਼ਾਹਰਿਆਂ ਅਤੇ 27 ਨੂੰ ਜ਼ਿਲਾ ਪੱਧਰ ‘ਤੇ ਭਾਜਪਾ ਅਕਾਲੀ ਕੇਂਦਰੀ ਮੰਤਰੀਆਂ, ਸੰਸਦ ਮੈਂਬਰਾਂ ਜਾਂ ਮੁੱਖ ਪਾਰਟੀ ਆਗੂਆਂ ਦੇ ਘਰਾਂ ਤੱਕ ਕੀਤੇ ਜਾਣ ਵਾਲੇ ਟਰੈਕਟਰ ਮਾਰਚਾਂ ਵਿੱਚ ਵਧ ਚੜ ਕੇ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ।