‘ਜੇ’ ਫਾਰਮ ਵਾਲੇ ਸਾਰੇ ਕਿਸਾਨਾਂ ਨੂੰ ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਮਿਲੇਗਾ
ਮੋਗਾ (ਮਿੰਟੂ ਖੁਰਮੀ, ਕੁਲਦੀਪ ਗੋਹਲ)
ਸੂਬੇ ਦੇ 9.50 ਲੱਖ ਕਿਸਾਨਾਂ ਅਤੇ ਉਹਨਾਂ ਦੇ ਪਰਿਵਾਰਾਂ ਨੂੰ ਸਾਲ 2020-21 ਲਈ ‘ਆਯੂਸ਼ਮਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ’ ਤਹਿਤ ਸਿਹਤ ਬੀਮੇ ਦਾ ਲਾਭ ਦੇਣ ਲਈ ਅਰਜ਼ੀਆਂ ਦੇਣ ਦਾ ਸਮਾਂ ਵਧਾ ਕੇ 5 ਅਗਸਤ, 2020 ਤੱਕ ਕਰ ਦਿੱਤਾ ਹੈ ਤਾਂ ਕਿ ਕੋਈ ਵੀ ਕਿਸਾਨ ਇਸ ਯੋਜਨਾ ਦਾ ਲਾਭ ਲੈਣ ਤੋਂ ਵਾਂਝਾ ਨਾ ਰਹੇ।
ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਦੱਸਿਆ ਕਿ ‘ਜੇ’ ਫਾਰਮ ਅਤੇ ‘ਗੰਨਾ ਤੋਲ ਪਰਚੀ’ ਵਾਲੇ ਸਾਰੇ ਯੋਗ ਕਿਸਾਨਾਂ ਪਾਸੋਂ ਲੋੜੀਂਦੇ ਦਸਤਾਵੇਜ਼ਾਂ ਸਮੇਤ ਘੋਸ਼ਣਾ ਪੱਤਰ ਸਬੰਧਤ ਮਾਰਕੀਟ ਕਮੇਟੀ ਦਫ਼ਤਰ ਜਾਂ ਆੜਤੀਏ ਕੋਲ 24 ਜੁਲਾਈ ਤੱਕ ਜਮ੍ਹਾਂ ਕਰਵਾਉਣ ਦੀ ਤਾਰੀਕ ਮਿੱਥੀ ਗਈ ਸੀ ਜਿਸ ਨੂੰ ਹੁਣ ਵਧਾ ਕੇ 5 ਅਗਸਤ ਕਰ ਦਿੱਤਾ ਗਿਆ। ਉਹਨਾਂ ਦੱਸਿਆ ਕਿ ਮੰਡੀ ਬੋਰਡ ਵੱਲੋਂ ਕਿਸਾਨਾਂ ਦੇ ਬੀਮੇ ਦਾ ਸਮੁੱਚਾ ਪ੍ਰੀਮੀਅਮ ਅਦਾ ਕੀਤਾ ਜਾਵੇਗਾ ਜਿਨ੍ਹਾਂ ਨੂੰ ਸਾਲ ਭਰ ਲਈ ਪੰਜ ਲੱਖ ਰੁਪਏ ਦਾ ਨਗਦੀ ਰਹਿਤ ਇਲਾਜ ਮੁਹੱਈਆ ਹੋਵੇਗਾ।
ਸ਼੍ਰੀ ਹੰਸ ਨੇ ਦੱਸਿਆ ਕਿ ਸਾਲ 2020-21 ਦੌਰਾਨ 8.70 ਲੱਖ ‘ਜੇ’ ਫਾਰਮ ਹੋਲਡਰ ਕਿਸਾਨਾਂ ਅਤੇ 80,000 ਗੰਨਾ ਉਤਪਾਦਕਾਂ ਨੂੰ ਸਿਹਤ ਬੀਮਾ ਯੋਜਨਾ ਦਾ ਲਾਭ ਮਿਲੇਗਾ। ਮੰਡੀ ਬੋਰਡ ਵੱਲੋਂ ਇਕ ਜਨਵਰੀ, 2020 ਨੂੰ ਅਤੇ ਉਸ ਤੋਂ ਬਾਅਦ 8.70 ਲੱਖ ਕਿਸਾਨਾਂ ਨੂੰ ਉਹਨਾਂ ਦੀ ਖੇਤੀਬਾੜੀ ਉਪਜ ਵੇਚਣ ਲਈ ‘ਜੇ’ ਫਾਰਮ ਹੋਲਰਡਾਂ ਵਜੋਂ ਰਜਿਸਟਰਡ ਕੀਤਾ ਗਿਆ ਹੈ ਅਤੇ ਇਸੇ ਤਰ੍ਹਾਂ ਇਕ ਨਵੰਬਰ, 2019 ਤੋਂ 31 ਮਾਰਚ, 2020 ਦੇ ਪਿੜਾਈ ਸੀਜ਼ਨ ਦੌਰਾਨ ਗੰਨੇ ਦੀ ਫਸਲ ਵੇਚਣ ਵਾਲੇ 80,000 ਗੰਨਾ ਉਤਪਾਦਕ ਹਨ, ਜੋ ਇਸ ਯੋਜਨਾ ਲਈ ਯੋਗ ਮੰਨੇ ਜਾਣਗੇ। ਉਹਨਾਂ ਨੇ ਦੱਸਿਆ ਕਿ ਸਾਰੇ ਕਿਸਾਨ ਤੇ ਉਹਨਾਂ ਦੇ ਪਰਿਵਾਰ 20 ਅਗਸਤ, 2020 ਜਿਸ ਦਿਨ ਇਹ ਸਕੀਮ ਲਾਗੂ ਹੋਣੀ ਹੈ, ਦਾ ਲਾਭ ਲੈਣ ਦੇ ਹੱਕਦਾਰ ਬਣ ਜਾਣਗੇ । ઠ
ਉਹਨਾਂ ਦੱਸਿਆ ਕਿ ਇਸ ਸਿਹਤ ਬੀਮਾ ਸਕੀਮ ਤਹਿਤ ਲਾਭਪਾਤਰੀ ਦਿਲ ਦੇ ਅਪ੍ਰੇਸ਼ਨ, ਕੈਂਸਰ ਦੇ ਇਲਾਜ, ਜੋੜ ਬਦਲਾਉਣ ਅਤੇ ਦੁਰਘਟਨਾ ਆਦਿ ਦੇ ਕੇਸਾਂ ਵਰਗੇ ਵੱਡੇ ਅਪ੍ਰੇਸ਼ਨਾਂ ਦੇ ਇਲਾਜ ਸਮੇਤ 1396 ਬਿਮਾਰੀਆਂ ਲਈ 546 ਸੂਚੀਬੱਧ ਹਸਪਤਾਲਾਂ ਅਤੇ 208 ਸਰਕਾਰੀ ਹਸਪਤਾਲਾਂ ਵਿੱਚ ਪੰਜ ਲੱਖ ਰੁਪਏ ਤੱਕ ਦਾ ਇਲਾਜ ਕਰਵਾ ਸਕਦੇ ਹਨ।
ਉਹਨਾਂ ਨੇ ਦੱਸਿਆ ਕਿ ਇਛੁੱਕ ਕਿਸਾਨਾਂ ਵੱਲੋਂ ਸਵੈ-ਘੋਸ਼ਣਾ ਪੱਤਰ ਵਾਲਾ ਫਾਰਮ ਸਬੰਧਤ ਮਾਰਕੀਟ ਕਮੇਟੀ ਦਫ਼ਤਰ ਜਾਂ ਆੜਤੀਏ ਤੋਂ ਫ਼ਾਰਮ ਤੋਂ ਪ੍ਰਾਪਤ ਕੀਤਾ ਜਾ ਸਕਦਾ ਹੈ ਜਾਂ ਫੇਰ ਪੰਜਾਬ ਮੰਡੀ ਬੋਰਡ ਦੀ ਵੈੱਬਸਾਈਟઠwww.mandiboard.nic.in ਤੋਂ ਵੀ ਡਾਊਨਲੋਡ ਕੀਤਾ ਜਾ ਸਕਦਾ ਹੈ। ਉਹਨਾਂ ਨੇ ਦੱਸਿਆ ਕਿ ਕੋਈ ਵੀ ਹੋਰ ਜਾਣਕਾਰੀ ਹਾਸਲ ਕਰਨ ਲਈ ਟੋਲ ਫਰੀ ਨੰਬਰ 1800-180-1551 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।