ਭਦੌੜ 5 ਅਗਸਤ ( ਵਰਮਾ, ਗਰਗ)
ਸਥਾਨਕ ਪੱਤੀ ਦੀਪ ਸਿੰਘ ਭਦੌੜ ਵਿਖੇ ਬੀ.ਡੀ.ਪੀ.ਓ. ਸ਼ਹਿਣਾ ਜਗਰਾਜ ਸਿੰਘ ਅਤੇ ਸਰਪੰਚ ਗੁਰਪ੍ਰੀਤ ਸਿੰਘ ਵਾਲੀਆ ਦੀ ਅਗਵਾਈ ਹੇਠ ਡੋਰ-ਟੂ-ਡੋਰ ਜਾ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਪ੍ਰਤੀ ਜਾਗਰੂਕ ਕੀਤਾ ਗਿਆ।
ਇਸ ਮੌਕੇ ਬੀ.ਡੀ.ਪੀ.ਓ. ਸ਼ਹਿਣਾ ਜਗਰਾਜ ਸਿੰਘ ਅਤੇ ਸਰਪੰਚ ਗੁਰਪ੍ਰੀਤ ਸਿੰਘ ਵਾਲੀਆ ਨੇ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਲੋਕਾਂ ਨੂੰ ਸਾਬਣ ਨਾਲ 20 ਸੈਕਿੰਡ ਤੱਕ ਹੱਥ ਧੋਣ, ਮਾਸਕ ਪਾ ਕੇ ਰੱਖਣ, ਘੱਟੋ-ਘੱਟ 6 ਫੁੱਟ ਦੀ ਦੂਰੀ ਬਣਾ ਕੇ ਰੱਖਣ, ਬਗੈਰ ਕੰਮ ਤੋਂ ਘਰ ਤੋਂ ਬਾਹਰ ਨਾ ਜਾਣ ਤੇ ਹੱਥ ਨਹੀਂ ਮਿਲਾਉਣ ਆਦਿ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਸਮੂਹ ਪਿੰਡ ਵਾਸੀਆਂ ਨੂੰ ਕਿਹਾ ਕਿ ਜੇਕਰ ਅਸੀਂ ਇਹ ਸਾਰੀਆਂ ਗੱਲਾਂ ਨੂੰ ਧਿਆਨ ਵਿਚ ਰੱਖਾਂਗੇ ਤਾਂ ਅਸੀਂ ਕੋਵਿਡ-19 ਨੂੰ ਹਰਾ ਕੇ ਪੰਜਾਬ ਸਰਕਾਰ ਦੇ ਮਿਸ਼ਨ ਫਤਿਹ ਦੇ ਸੁਪਨੇ ਨੂੰ ਪੂਰਾ ਕਰ ਸਕਦੇ ਹਾਂ।
ਉਨ੍ਹਾਂ ਨੇ ਲੋਕਾਂ ਨੂੰ ਕੋਵਾ ਐਪ ਡਾਊਨਲੋਡ ਕਰਨ ਬਾਰੇ ਜਾਣਕਾਰੀ ਦਿੱਤੀ ਅਤੇ ਨਾਲ ਹੀ ਸਰਕਾਰ ਵੱਲੋਂ ਸ਼ੁਰੂ ਕੀਤੇ ਮਿਸ਼ਨ ਫਤਿਹ ਨਾਲ ਜੁੜਨ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕੋਰੋਨਾ ਵਾਇਰਸ ਤੋਂ ਬਚਣ ਲਈ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਜਰੂਰ ਕਰਨ। ਇਸ ਮੌਕੇ ਉਹਨਾਂ ਨਾਲ ਪੰਚਾਇਤ ਸੈਕਟਰੀ ਗੁਰਦੀਪ ਸਿੰਘ ਅਤੇ ਪਟਵਾਰੀ ਅੰਮ੍ਰਿਤਪਾਲ ਸਿੰਘ ਵੀ ਹਾਜ਼ਰ ਸਨ।