ਮਲੇਰਕੋਟਲਾ, 7 ਅਗਸਤ (ਥਿੰਦ-ਜੌੜਾ)
ਹਾਲ ਹੀ ‘ਚ ਪੰਜਾਬ ਸਰਕਾਰ ਵੱਲੋਂ ਕੀਤੇ ਗਏ ਤਬਾਦਲਿਆਂ ‘ਚ ਮਾਲੇਰਕੋਟਲਾ ਵਿਖੇ ਤਾਇਨਾਤ ਕੀਤੀ ਗਈ ਨਵੀਂ ਐਸ.ਪੀ ਗੁਰਪ੍ਰੀਤ ਕੌਰ ਪੁਰੇਵਾਲ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ ਜੋ ਕਿ ਇਸ ਤੋਂ ਪਹਿਲਾਂ (ਏ.ਡੀ.ਸੀ.ਪੀ-3 (ਲੁਧਿਆਣਾ), ਵਜੋਂ ਅਪਣੀਆਂ ਸੇਵਾਵਾਂ ਨਿਭਾਅ ਰਹੇ ਸਨ। ਅਹੁਦਾ ਸੰਭਾਲਣ ਮੌਕੇ ਗੁਰਪ੍ਰੀਤ ਕੌਰ ਪੁਰੇਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੋਵਿਡ-19 ਤੋਂ ਬਚਾਅ ਅਤੇ ਜੁਰਮ ਦੀ ਰੋਕਥਾਮ ਲਈ ਲੋਕਾਂ ਦਾ ਸਹਿਯੋਗ ਲਾਜਮੀ ਹੈ। ਇਸ ਦੌਰਾਨ ਸ੍ਰੀਮਤੀ ਪੂਰੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੋਵਿਡ-19 ਨੂੰ ਫੈਲਣ ਤੋਂ ਰੋਕਣ ਸਮੇਤ ਜੁਰਮ ਅਤੇ ਨਸ਼ਿਆਂ ਦੇ ਪਸਾਰ ਨੂੰ ਰੋਕਣ ਲਈ ਬਹੁਤ ਸ਼ਿੱਦਤ ਨਾਲ ਕੰਮ ਕਰ ਰਹੀ ਹੈ, ਜਿਸ ਨੂੰ ਹੋਰ ਵੀ ਜ਼ੋਰ-ਸ਼ੋਰ ਨਾਲ ਜਾਰੀ ਰੱਖਿਆ ਜਾਵੇਗਾ, ਉੱਥੇ ਕੋਵਿਡ-19 ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਲਈ ਵੀ ਹਰ ਤਰ੍ਹਾਂ ਦੇ ਸੰਭਵ ਕਦਮ ਚੁੱਕੇ ਜਾਣਗੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ-19 ਮਹਾਂਮਾਰੀ ਤੋਂ ਆਪਣੇ ਅਤੇ ਆਪਣੇ ਪਰਿਵਾਰ ਦੇ ਬਚਾਅ ਲਈ ਲੋਕ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ। ਉਨ੍ਹਾਂ ਕਿਹਾ ਕਿ ਸਮਾਜ ‘ਚੋਂ ਅਪਰਾਧ ਨੂੰ ਖ਼ਤਮ ਕਰਨ ਲਈ ਲੋਕ ਪੁਲਿਸ ਦਾ ਸਹਿਯੋਗ ਕਰਨ ਤਾਂ ਜੋ ਪੁਲਿਸ ਅਧਿਕਾਰੀ ਅਤੇ ਕਰਮਚਾਰੀ ਉਨ੍ਹਾਂ ਨੂੰ ਵਧੀਆ ਸੇਵਾਵਾਂ ਦੇ ਸਕਣ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਦਫਤਰ ਲੋਕਾਂ ਦੀਆ ਮੁਸ਼ਿਕਲਾਂ ਦੇ ਹੱਲ ਲਈ ਹਰ ਸਮੇਂ ਖੁੱਲਾ ਹੈ ਅਤੇ ਕੋਈ ਵੀ ਬਿਨ੍ਹਾਂ ਕਿਸੇ ਝਿਜਕ ਦੇ ਉਨ੍ਹਾਂ ਨੂੰ ਮਿਲ ਸਕਦਾ ਹੈ। ਐਸ.ਪੀ ਗੁਰਪ੍ਰੀਤ ਕੌਰ ਪੁਰੇਵਾਲ ਦਾ ਅਹੁਦਾ ਸੰਭਾਲਣ ਮੌਕੇ ਪੰਜਾਬ ਦੇ ਉੱਘੇ ਸਮਾਜਸੇਵੀ ਤੇ ਵਾਤਾਵਰਣ ਪ੍ਰੇਮੀ ਸ. ਇੰਦਰਜੀਤ ਸਿੰਘ ਮੁੰਡੇ ਵੱਲੋਂ ਉਨ੍ਹਾਂ ਨੂੰ ਗੁਲਦਸਤਾ ਭੇਂਟ ਕਰਕੇ ਸ਼ਾਨਦਾਰ ਸਵਾਗਤ ਕੀਤਾ।