ਅਸ਼ੋਕ ਵਰਮਾ
ਬਠਿੰਡਾ, 9 ਅਗਸਤ। ਭਾਰਤੀ ਕਿਸਾਨ ਯੂਨੀਅਨ ਉਗਰਾਹਾ ਨੇ ਕਰੋਨਾ ਦੀ ਆੜ ਹੇਠ ਕਿਸਾਨ ਮਾਰੂ ਖੇਤੀ ਆਰਡੀਨੈਂਸ ਮੜ ਰਹੀ ਕੇਂਦਰ ਦੀ ਮੋਦੀ ਹਕੂਮਤ ਖਿਲਾਫ ਸੰਘਰਸ਼ ਨੂੰ ਤਿੱਖਾ ਰੂਪ ਦਿੰਦਿਆਂ 15 ਤੋਂ 21 ਅਗਸਤ ਤੱਕ ਪੰਜਾਬ ਦੇ ਪਿੰਡਾਂ ਵਿੱਚ ਪਹੁੰਚਣ ਵਾਲੇ ਅਕਾਲੀ- ਭਾਜਪਾ ਦੇ ਮੰਤਰੀਆਂ, ਸੰਸਦ ਮੈਬਰਾਂ ਅਤੇ ਵਿਧਾਇਕਾਂ ਦੇ ਘਿਰਾਓ ਕਰਕੇ ਪਿੰਡਾਂ ਵਿੱਚ ਵੜਨ ਤੋਂ ਰੋਕਣ ਦੇ ਫੈਸਲੇ ਲਈ ਲਾਮਬੰਦੀ ਤੇਜ ਕਰ ਦਿੱਤੀ ਹੈ। ਜੱਥੇਬੰਦੀ ਵੱਲੋਂ ਪਿੰਡਾਂ ’ਚ ਕਿਸਾਨਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਅਤੇ ਇਸ ਸੰਘਰਸ਼ ਦੀ ਸਫਲਤਾ ਲਈ ਰੈਲੀਆਂ ਅਤੇ ਝੰਡਾ ਮਾਰਚਾਂ ਵਰਗੇ ਢੰਗ ਅਪਣਾਏ ਜਾ ਰਹੇ ਹਨ। ਜਿਲਾ ਬਠਿੰਡਾ ਦੇ ਪਿੰਡ ਭੁੱਚੋ ਖੁਰਦ ’ਚ ਜਿਲਾ ਪ੍ਰਧਾਨ ਰਾਜਵਿੰਦਰ ਸਿੰਘ ( ਰਾਜੂ ) ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਜਿਸ ਵਿੱਚ ਸਾਰੀ ਪੁਰਾਣੀ ਅਤੇ ਨਵੀ ਕਾਰਜਕਾਰੀ ਟੀਮ ਸ਼ਾਮਲ ਹੋਈ। ਪ੍ਰੈਸ ਨੂੰ ਜਾਣਕਾਰੀ ਦਿੰਦਿਆ ਸ਼ਿੰਗਾਰਾ ਸਿੰਘ ਮਾਨ ਨੇ ਦੱਸਿਆ ਕਿ ਮੀਟਿੰਗ ਦੇ ਫੈਸਲੇ ਅਨੁਸਾਰ ਸੱਤਾਧਾਰੀ ਨੁਮਾਇੰਦਿਆਂ ਲਈ ਪਿੰਡਾਂ ਵਿੱਚ ਕੋਈ ਦਾਖਲਾ ਨਹੀਂ ਦੇ ਲਿਖਤੀ ਬੈਨਰ ਪਿੰਡਾਂ ਦੇ ਮੁੱਖ ਰਸਤਿਆਂ ‘ਤੇ ਲਟਕਾ ਕੇ ਜਨਤਕ ਨਾਕਾਬੰਦੀ ਕੀਤੀ ਜਾਵੇਗੀ ਜਦੋਕਿ ਬਾਕੀ ਰਸਤਿਆਂ ‘ਤੇ ਪਹਿਰਾ ਸਕੁਐਡ ਤਾਇਨਾਤ ਕੀਤੇ ਜਾਣਗੇ। ਅਕਾਲੀ ਅਤੇ ਭਾਜਪਾ ਲੀਡਰਾਂ ਤੋਂ ਕਿਸਾਨ ਮਾਰੂ ਆਰਡੀਨੈਂਸ ਤੇ ਧਾਰੀ ਚੁੱਪ ਸਬੰਧੀ ਸਵਾਲ ਕਰਨ ਦੀ ਰਣਨੀਤੀ ਘੜੀ ਗਈ ਹੈ।
ਇਸ ਸੰਘਰਸ਼ ਦੀਆਂ ਮੁੱਖ ਮੰਗਾਂ ’ਚ ਤਿੰਨੇ ਖੇਤੀ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ2020 ਸਮੇਤ ਜ਼ਮੀਨਾਂ ਅਕਵਾਇਰ ਕਾਨੂੰਨ ‘ਚ ਕਿਸਾਨ ਵਿਰੋਧੀ ਸੋਧਾਂ ਦੀ ਤਜਵੀਜ ਦਾ ਖਰੜਾ ਵਾਪਸ ਲਏ ਜਾਣ, ਡੀਜ਼ਲ ਪੈਟ੍ਰੋਲ ਕਾਰੋਬਾਰ ਦਾ ਸਰਕਾਰੀਕਰਨ ਕਰਕੇ ਭਾਰੀ ਟੈਕਸ ਵਾਪਸ ਲੈਣ ,ਜ਼ਮੀਨੀ ਹੱਦਬੰਦੀ ਕਾਨੂੰਨ ਸਖਤੀ ਨਾਲ ਲਾਗੂ ਕਰਕੇ ਫਾਲਤੂ ਜ਼ਮੀਨਾਂ ਬੇਜ਼ਮੀਨੇ ਥੁੜਜ਼ਮੀਨੇ ਕਿਸਾਨਾਂ ਤੇ ਖੇਤ ਮਜਦੂਰਾਂ ‘ਚ ਵੰਡਣ, ਕਿਸਾਨਾਂ ਮਜਦੂਰਾਂ ਸਿਰ ਖੜੇ ਸਾਰੇ ਕਰਜੇ ਖਤਮ ਕਰਨ, ਸੂਦਖੋਰੀ ਕਰਜਾ ਕਾਨੂੰਨ ਕਿਸਾਨ ਮਜਦੂਰ ਪੱਖੀ ਬਨਾਉਣ, ਸਾਰੀਆਂ ਫਸਲਾਂ ਦੇ ਲਾਹੇਵੰਦੇ ਸਮਰਥਨ ਮੁੱਲ ਖੇਤੀ ਲਾਗਤਾਂ ’ਚ ਮੁਨਾਫਾ ਜੋੜ ਕੇ ਮਿਥਣ ਤੇ ਪੂਰੀ ਖਰੀਦ ਦੀ ਗਰੰਟੀ , ਭਾਰੀ ਮੀਂਹਾਂ ਨਾਲ ਤਬਾਹ ਹੋਈਆਂ ਫਸਲਾਂ ਦਾ ਪੂਰਾ ਮੁਆਵਜਾ , ਵਾਹੀਯੋਗ ਜਮੀਨਾਂ ਦੇ ਠੇਕਾ ਮੁੱਲ ‘ਤੇ 18ਫੀਸਦੀ ਟੈਕਸ ਦਾ ਫੈਸਲਾ ਵਾਪਸ ਲੈਣ, ਕਿਰਤ ਕਾਨੂੰਨਾਂ ਵਿੱਚ ਮਜਦੂਰ ਮਾਰੂ ਸੋਧਾਂ ਰੱਦ ਤੇ ਛਾਂਟੀ ਕੀਤੇ ਕਾਮੇ ਬਹਾਲ ਕਰਨ, ਅਖੌਤੀ ਵਿਕਾਸ ਅਤੇ ਕਰੋਨਾ ਦੀ ਆੜ ਹੇਠ ਜ਼ਮੀਨਾਂ ਸਣੇ ਸਾਰੇ ਪੈਦਾਵਾਰੀ ਸਾਧਨ ਕਾਰਪੋਰੇਟਾਂ ਹਵਾਲੇ ਕਰਨ ਵਾਲੀ ਨਿਜੀਕਰਨ ਦੀ ਨੀਤੀ ਰੱਦ ਅਤੇ 27 ਜੁਲਾਈ ਦੇ ਸੰਘਰਸ਼ ਸਮੇਂ ਅਜਨਾਲਾ ਵਿਖੇ ਕਿਸਾਨਾਂ ਤੋਂ ਇਲਾਵਾ ਹੋਰ ਥਾਵਾਂ ‘ਤੇ ਕਿਸਾਨਾਂ ਮਜਦੂਰਾਂ,ਮੁਲਾਜਮਾਂ,ਠੇਕਾ ਕਾਮਿਆਂ ਵਿੱਦਿਆਰਥੀਆਂ,ਬੁੱਧੀਜੀਵੀਆਂ ‘ਤੇ ਮੜੇ ਕੇਸ ਵੀ ਰੱਦ ਕਰਨ ਆਦਿ ਸ਼ਾਮਲ ਹਨ।
ਉਨਾਂ ਕਿਹਾ ਕਿ ਜੇਕਰ ਕਿਸਾਨਾਂ ਦੀਆਂ ਇੰਨਾਂ ਮੰਗਾਂ ਪ੍ਰਤੀ ਜੇਕਰ ਸਰਕਾਰਾਂ ਦਾ ਅੜੀਅਲ ਵਤੀਰਾ ਜਾਰੀ ਰਿਹਾ ਤਾਂ ਅਗਲੇ ਪੜਾਅ ਵਿੱਚ ਸੰਘਰਸ਼ ਹੋਰ ਵਿਸ਼ਾਲ ਅਤੇ ਤੇਜ਼ ਕਰਨ ਲਈ ਪੰਜਾਬ ਭਰ ਦੇ ਕਿਸਾਨਾਂ-ਮਜ਼ਦੂਰਾਂ ਤੇ ਕਿਰਤੀ ਲੋਕਾਂ ਨੂੰ ਸੱਦਾ ਦਿੱਤਾ ਜਾਵੇਗਾ ਕਿ ਇਸ ਵੱਡੇ ਆਰਥਿਕ ਤੇ ਜਾਬਰ ਹਮਲੇ ਨੂੰ ਪੂਰੀ ਤਰਾਂ ਠੱਲਣ ਲਈ ਪ੍ਰੀਵਾਰਾਂ ਦੇ ਪ੍ਰੀਵਾਰ ਸੰਘਰਸ਼ ਦੇ ਮੈਦਾਨ ਵਿੱਚ ਆਉਣ। ਮੀਟਿੰਗ ਵਿੱਚ ਹਰਿੰਦਰ ਕੌਰ ਬਿੰਦੂ, ਅਮਰੀਕ ਸਿੰਘ ਸਿਵੀਆਂ, ਰਾਜਵਿੰਦਰ ਸਿੰਘ, ਜਗਦੇਵ ਸਿੰਘ, ਗੁਲਾਬ ਸਿੰਘ, ਪਰਮਜੀਤ ਕੌਰ ਅਤੇ ਸਾਰੇ ਬਲਾਕ ਪ੍ਰਧਾਨ ਸਕੱਤਰ ਹਾਜ਼ਰ ਸਨ।