2.1 C
United Kingdom
Saturday, March 7, 2026

More

    ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਖੇਤੀ ਆਰਡੀਨੈਂਸਾਂ ਖਿਲਾਫ਼ ਪਿੰਡ ਚੀਮਾ ਵਿਖੇ ਸੂਬਾ ਪੱਧਰੀ ਮੀਟਿੰਗ

    ਅਕਾਲੀ ਭਾਜਪਾ ਆਗੂਆਂ ਦੀ ਨਾਕਾਬੰਦੀ ਹੁਣ 25 ਤੋਂ 29 ਅਗਸਤ ਤੱਕ- ਉਗਰਾਹਾਂ
    ਚੀਮਾ,16 ਅਗਸਤ (ਅਵਤਾਰ ਸਿੰਘ ਚੀਮਾ)

    ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵੱਲੋਂ ਖੇਤੀ ਆਰਡੀਨੈਂਸਾਂ ਖਿਲਾਫ਼ ਪਿੰਡ ਚੀਮਾ ਦੇ ਵੱਡਾ ਗੁਰਦੁਆਰਾ ਸਾਹਿਬ ਵਿਖੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਅਗਵਾਈ ‘ਚ ਸੂਬਾ ਪੱਧਰੀ ਮੰਟਿੰਗ ਕੀਤੀ ਗਈ । ਮੀਟਿੰਗ ਨੂੰ ਸੰਬੋਧਨ ਕਰਦਿਆ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੂਬਾ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸੂਬਾ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਤੇ ਹਰਿੰਦਰ ਕੌਰ ਬਿੰਦੂ ਨੇ ਕਿਹਾ ਕਿ ਕਰੋਨਾ ਦੀ ਆੜ ਹੇਠ ਕਿਸਾਨ ਮਾਰੂ ਖੇਤੀ ਆਰਡੀਨੈਂਸ ਮੜ੍ਹ ਰਹੀ ਕੇਂਦਰ ਦੀ ਮੋਦੀ ਹਕੂਮਤ ਖਿਲਾਫ 15 ਤੋਂ 21 ਅਗਸਤ ਤੱਕ ਕੀਤਾ ਜਾਣ ਵਾਲਾ ਨਾਕਾਬੰਦੀ ਪਰੋਗ੍ਰਾਮ ਹੁਣ 25 ਤੋਂ 29 ਅਗਸਤ ਤੱਕ ਕਰਨ ਦਾ ਫੈਸਲਾ ਕੀਤਾ ਹੈ। ਫੈਸਲੇ ਅਨੁਸਾਰ ਪੰਜਾਬ ਦੇ ਪਿੰਡਾਂ ਵਿੱਚ ਪਹੁੰਚਣ ਵਾਲੇ ਅਕਾਲੀ- ਭਾਜਪਾ ਦੇ ਮੰਤਰੀਆਂ, ਸੰਸਦ ਮੈਬਰਾਂ ਅਤੇ ਵਿਧਾਇਕਾਂ ਦੇ ਘਿਰਾਓ ਕਰਕੇ ਪਿੰਡਾਂ ਵਿੱਚ ਵੜਨ ਤੋਂ ਰੋਕਿਆ ਜਾਵੇਗਾ। ਕੇਂਦਰੀ ਸੱਤਾਧਾਰੀ ਨੁਮਾਇੰਦਿਆਂ ਲਈ ” ਕੋਈ ਦਾਖਲਾ ਨਹੀਂ” ਦੇ ਲਿਖਤੀ ਬੈਨਰ ਪਿੰਡਾਂ ਦੇ ਦਾਖਲਾ ਰਸਤਿਆਂ ‘ਤੇ ਲਟਕਾ ਕੇ ਮੁੱਖ ਰਸਤੇ ‘ਤੇ ਜਨਤਕ ਨਾਕਾਬੰਦੀ ਕੀਤੀ ਜਾਵੇਗੀ ਅਤੇ ਬਾਕੀ ਰਸਤਿਆਂ ‘ਤੇ ਪਹਿਰਾ ਸਕੁਐਡ ਤਾਇਨਾਤ ਕੀਤੇ ਜਾਣਗੇ। ਇਹਨਾਂ ਤੋਂ ਬਿਨਾਂ ਆਉਣ ਵਾਲੇ ਹੋਰਨਾਂ ਅਕਾਲੀ ਅਤੇ ਭਾਜਪਾ ਲੀਡਰਾਂ ਤੋਂ ਸਿਰਫ ਸੁਆਲ ਪੁੱਛੇ ਜਾਣਗੇ ਕਿ ਕਿਸਾਨ ਮਾਰੂ ਆਰਡੀਨੈਂਸਾਂ ਬਾਰੇ ਉਹ ਕਿਉਂ ਚੁੱਪ ਹਨ। ਇਸ ਸੰਘਰਸ਼ ਦੀ ਤਿਆਰੀ ਲਈ ਪਿੰਡਾਂ ਵਿੱਚ ਪੱਤੀਵਾਰ ਮੀਟਿੰਗਾਂ, ਰੈਲੀਆਂ, ਝੰਡਾ ਮਾਰਚ, ਢੋਲ ਮਾਰਚ ਆਦਿ ਕਰਕੇ ਵਿਸ਼ਾਲ ਲੋਕ ਲਹਿਰ ਲਾਮਬੰਦ ਕਰਨ ਸਮੇਂ ਨੌਜਵਾਨਾਂ ਤੇ ਔਰਤਾਂ ਦੀ ਲਾਮਬੰਦੀ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ। ਸੰਘਰਸ਼ ਦੀਆਂ ਮੁੱਖ ਮੰਗਾਂ ਤਿੰਨੇ ਖੇਤੀ ਆਰਡੀਨੈਂਸ ਤੇ ਬਿਜਲੀ ਸੋਧ ਬਿੱਲ 2020 ਸਮੇਤ ਜ਼ਮੀਨਾਂ ਅਕਵਾਇਰ ਕਾਨੂੰਨ ‘ਚ ਕਿਸਾਨ ਵਿਰੋਧੀ ਸੋਧਾਂ ਦੀ ਤਜਵੀਜ ਦਾ ਖਰੜਾ ਸਾਰੇ ਵਾਪਸ ਲਏ ਜਾਣ। ਡੀਜ਼ਲ ਪੈਟ੍ਰੋਲ ਕਾਰੋਬਾਰ ਦਾ ਸਰਕਾਰੀਕਰਨ ਕਰਕੇ ਭਾਰੀ ਟੈਕਸ ਵੀ ਵਾਪਸ ਲਏ ਜਾਣ। ਵਾਹੀਯੋਗ ਜ਼ਮੀਨੀ ਠੇਕਾ ਰਕਮ ‘ਤੇ ਲਾਇਆ ਗਿਆ 18 ਪ੍ਰਤੀਸ਼ਤ ਜੀ ਐਸ ਟੀ ਖਤਮ ਕੀਤਾ ਜਾਵੇ। ਇਸ ਤੋਂ ਇਲਾਵਾ ਜ਼ਮੀਨੀ ਹੱਦਬੰਦੀ ਕਾਨੂੰਨ ਸਖਤੀ ਨਾਲ ਲਾਗੂ ਕਰਨ, ਕਿਸਾਨਾਂ ਮਜ਼ਦੂਰਾਂ ਸਿਰ ਖੜ੍ਹੇ ਸਾਰੇ ਕਰਜੇ ਖਤਮ ਕਰਨ , ਸੂਦਖੋਰੀ ਕਰਜਾ ਕਾਨੂੰਨ ਕਿਸਾਨ ਮਜ਼ਦੂਰ ਪੱਖੀ ਬਣਾਉਣ, ਸਾਰੀਆਂ ਫਸਲਾਂ ਦੇ ਲਾਹੇਵੰਦੇ ਸਮਰਥਨ ਮੁੱਲ ਖੇਤੀ ਲਾਗਤਾਂ ਵਿੱਚ 50 ਪ੍ਰਤੀਸ਼ਤ ਮੁਨਾਫ਼ਾ ਜੋੜ ਕੇ ਮਿਥਣ ਅਤੇ ਪੂਰੀ ਖਰੀਦ ਦੀ ਗਰੰਟੀ ਕਰਨ, ਭਾਰੀ ਮੀਂਹਾਂ ਨਾਲ ਤਬਾਹ ਹੋਈਆਂ ਫਸਲਾਂ ਦਾ ਪੂਰਾ ਮੁਆਵਜ਼ਾ ਦੇਣ, ਕਿਰਤ ਕਾਨੂੰਨਾਂ ਵਿੱਚ ਮਜ਼ਦੂਰ ਮਾਰੂ ਸੋਧਾਂ ਰੱਦ ਕਰਨ ਅਤੇ ਛਾਂਟੀ ਕੀਤੇ ਕਾਮੇ ਬਹਾਲ ਕਰਨ, ਅਖੌਤੀ ਵਿਕਾਸ ਅਤੇ ਕਰੋਨਾ ਦੀ ਆੜ ਹੇਠ ਜ਼ਮੀਨਾਂ ਸਣੇ ਸਾਰੇ ਪੈਦਾਵਾਰੀ ਸਾਧਨ ਕਾਰਪੋਰੇਟਾਂ ਹਵਾਲੇ ਕਰਨ ਵਾਲੀ ਨਿਜੀਕਰਨ ਦੀ ਨੀਤੀ ਰੱਦ ਕਰਨ ਵਰਗੀਆਂ ਅਹਿਮ ਮੰਗਾਂ ਉੱਤੇ ਵੀ ਵਿਸ਼ੇਸ਼ ਜ਼ੋਰ ਦਿੱਤਾ ਜਾਵੇਗਾ। 27 ਜੁਲਾਈ ਦੇ ਸੰਘਰਸ਼ ਸਮੇਂ ਅਜਨਾਲਾ ਵਿਖੇ ਕਿਸਾਨਾਂ ‘ਤੇ ਮੜ੍ਹੇ ਝੂਠੇ ਪਰਚੇ ਰੱਦ ਕੀਤੇ ਜਾਣ। ਉਹਨਾਂ ਕਿਹਾ ਕਿ ਹੋਰਨਾਂ ਥਾਂਵਾਂ ‘ਤੇ ਸੰਘਰਸ਼ਸ਼ੀਲ ਕਿਸਾਨਾਂ ਮਜ਼ਦੂਰਾਂ, ਮੁਲਾਜ਼ਮਾਂ, ਠੇਕਾ ਕਾਮਿਆਂ, ਵਿੱਦਿਆਰਥੀਆਂ,ਬੁੱਧੀਜੀਵੀਆਂ ਸਮੇਤ ਸ਼ਾਹੀਨ ਬਾਗ ਦੀਆਂ ਔਰਤਾਂ ਤੇ ਜਾਮੀਆ ਯੂਨੀਵਰਸਿਟੀ ਦੇ ਵਿਦਿਆਰਥੀਆਂ ‘ਤੇ ਮੜ੍ਹੇ ਕੇਸ ਵੀ ਰੱਦ ਕੀਤੇ ਜਾਣ ਅਤੇ ਨਜ਼ਰਬੰਦਾਂ ਨੂੰ ਰਿਹਾਅ ਕੀਤਾ ਜਾਵੇ। ਕਰੋਨਾ ਦੀ ਆੜ ਹੇਠ ਪੰਜਾਬ ਸਰਕਾਰ ਵੱਲੋਂ ਜਨਤਕ ਇਕੱਠਾਂ ‘ਤੇ ਲਾਈ ਪਾਬੰਦੀ ਖਤਮ ਕੀਤੀ ਜਾਵੇ । ਉਪਰੋਕਤ ਸਮੂਹ ਮੰਗਾਂ ਪ੍ਰਤੀ ਜੇਕਰ ਸਰਕਾਰਾਂ ਦਾ ਅੜੀਅਲ ਵਤੀਰਾ ਜਾਰੀ ਰਿਹਾ ਤਾਂ ਅਗਲੇ ਪੜਾਅ ਵਿੱਚ ਸੰਘਰਸ਼ ਹੋਰ ਵਿਸ਼ਾਲ ਅਤੇ ਤੇਜ਼ ਕੀਤਾ ਜਾਵੇਗਾ। ਜਿਸ ਤਹਿਤ ਪੰਜਾਬ ਭਰ ਦੇ ਕਿਸਾਨਾਂ-ਮਜ਼ਦੂਰਾਂ ਤੇ ਕਿਰਤੀ ਲੋਕਾਂ ਨੂੰ ਸੱਦਾ ਦਿੱਤਾ ਜਾਵੇਗਾ ਕਿ ਇਸ ਵੱਡੇ ਆਰਥਿਕ ਤੇ ਜਾਬਰ ਹਮਲੇ ਨੂੰ ਪੂਰੀ ਤਰ੍ਹਾਂ ਠੱਲ੍ਹਣ ਲਈ ਪ੍ਰੀਵਾਰਾਂ ਦੇ ਪ੍ਰੀਵਾਰ ਸੰਘਰਸ਼ ਦੇ ਮੈਦਾਨ ਵਿੱਚ ਆਉਣ। ਮੀਟਿੰਗ ਵਿੱਚ ਹਰਦੀਪ ਸਿੰਘ ਟੱਲੇਵਾਲ, ਸ਼ਿੰਗਾਰਾ ਸਿੰਘ ਮਾਨ,ਰੂਪ ਸਿੰਘ ਛੰਨਾ, ਜਸਵਿੰਦਰ ਸਿੰਘ ਲੌਗੋਵਾਲ, ਅਮਰੀਕ ਸਿੰਘ ਗੰਢੂਆਂ ਤੇ ਰਾਜਵਿੰਦਰ ਸਿੰਘ ਸੂਬਾ ਆਗੂ , ਚਮਕੌਰ ਸਿੰਘ ਨੈਣੇਵਾਲ, ਬੁੱਕਣ ਸਿੰਘ ਸੱਦੋਵਾਲ, ਸੁਖਦੇਵ ਸਿੰਘ ਭੋਤਨਾ, ਜੱਜ ਸਿੰਘ ਗਹਿਲ, ਦਰਸ਼ਨ ਸਿੰਘ ਚੀਮਾ, ਰਾਜਵਿੰਦਰ ਸਿੰਘ ਚੀਮਾ, ਕਰਨੈਲ ਸਿੰਘ ਚੀਮਾ, ਵਿੰਦਰ ਸਿੰਘ ਭੋਤਨਾ ਤੋਂ ਇਲਾਵਾ ਜ਼ਿਲ੍ਹਾ ਅਤੇ ਬਲਾਕ ਕਮੇਟੀਆਂ ਦੇ ਸਮੂਹ ਅਹੁਦੇਦਾਰ ਹਾਜ਼ਰ ਸਨ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!