ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਵੱਲੋਂ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੂੰ ਮੁੜ ਤਾਕੀਦ
ਲੁਧਿਆਣਾ 27ਅਗਸਤ (ਆਰ.ਐਸ.ਖਾਲਸਾ )
ਸ਼੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਇੱਕ ਵਾਰ ਮੁੜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰੀਆਂ ਨੂੰ ਮੁੜ ਤਾਕੀਦ ਕਰਦਿਆਂ ਹੋਇਆਂ ਕਿਹਾ ਕਿ ਉਹ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਆਉਂਦੇ ਸਮੂਹ ਇਤਿਹਾਸਕ ਗੁਰਦੁਆਰਿਆਂ ਅੰਦਰ ਗਾਇਨ ਕੀਤੇ ਜਾਣ ਵਾਲੇ ਗੁਰਬਾਣੀ ਕੀਰਤਨ ਦਾ ਪਹਿਲਾ ਸ਼ਬਦ ਕੀਰਤਨੀ ਜੱਥਿਆਂ ਤੋ ਨਿਰਧਾਰਤ ਰਾਗਾਂ ਵਿੱਚ ਕਰਵਾਉਣ ਲਈ ਤੁਰੰਤ ਕਦਮ ਚੁਕੱਣ ਤਾਂ ਕਿ ਪੁਰਾਤਨ ਸ਼ੈਲੀ ਵਿਚ ਕੀਰਤਨ ਕਰਨ ਦੀ ਪ੍ਰੰਪਰਾ ਮੁੜ ਬਹਾਲ ਹੇ ਸਕੇ।ਅੱਜ ਜਵੱਦੀ ਟਕਸਾਲ ਲੁਧਿਆਣਾ ਵਿਖੇ ਉਕਤ ਵਿਸ਼ੇ ਸਬੰਧੀ ਵਿਸ਼ੇਸ਼ ਤੌਰ ਤੇ ਗੱਲਬਾਤ ਕਰਦਿਆਂ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਗੁਰੂ ਸਾਹਿਬਾਂ ਵੱਲੋਂ ਬਖਸ਼ੇ ਨਿਰਧਾਰਤ ਰਾਗਾਂ ਵਿੱਚ ਗੁਰਬਾਣੀ ਕੀਰਤਨ ਕਰਨ ਦੀ ਪ੍ਰੰਪਰਾ ਅਤੇ ਗੁਰਮਤਿ ਸੰਗੀਤ ਨੂੰ ਹੋਰ ਪ੍ਰਫੁੱਲਤ ਕਰਨ ਹਿੱਤ ਅਗਲੀ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇੱਕਤਰਤਾ ਵਿਚ ਵਿਚਾਰ ਵਟਾਂਦਰਾ ਕੀਤਾ ਜਾਵੇਗਾ ਅਤੇ ਨਾਲ ਹੀ ਲਿਖਤੀ ਰੂਪ ਵਿੱਚ ਸ਼੍ਰੋਮਣੀ ਕਮੇਟੀ ਨੂੰ ਆਦੇਸ਼ ਵੀ ਜਾਰੀ ਕੀਤੇ ਜਾਣਗੇ।ਇਸ ਦੌਰਾਨ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਹਜ਼ੂਰੀ ਕੀਰਤਨੀ ਜੱਥਿਆਂ ਦਰਮਿਆਨ ਚਲ ਰਹੇ ਵਿਵਾਦ ਸਬੰਧੀ ਪੁੱਛੇ ਗਏ ਸਵਾਲ ਦਾ ਗੋਲ ਮੋਲ ਜਵਾਬ ਦਿੰਦਿਆਂ ਉਨ੍ਹਾਂ ਨੇ ਕਿਹਾ ਕਿ ਕੀਰਤਨੀ ਜੱਥਿਆਂ ਨੂੰ ਗੁਰਮਤਿ ਦੇ ਸਿਧਾਂਤਾਂ ਅਤੇ ਮਰਿਆਦਾ ਨੂੰ ਤੋੜਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ ਬਾਕੀ ਦੀ ਬਣਦੀ ਕਾਰਵਾਈ ਸ਼੍ਰੋਮਣੀ ਕਮੇਟੀ ਕਰੇਗੀ। ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਅਤੇ ਸੰਤ ਰਣਜੀਤ ਸਿੰਘ ਢੱਡਰੀਆਂ ਵਾਲੇ ਸਬੰਧੀ ਪੁੱਛੇ ਗਏ ਸਵਾਲਾ ਦਾ ਉਨ੍ਹਾਂ ਨੇ ਕੁੱਝ ਵੀ ਕਹਿਣ ਤੋ ਨਾਹ ਕਰਦਿਆਂ ਕਿਹਾ ਕਿ ਅੱਜ ਉਕਤ ਮੁੱਦਿਆਂ ਉਪਰ ਕੋਈ ਗੱਲਬਾਤ ਨਹੀਂ ਕਰਨਗੇ।ਇਸ ਸਮੇਂ ਉਨ੍ਹਾਂ ਦੇ ਨਾਲ ਭਾਈ ਪਰਮਜੀਤ ਸਿੰਘ ਖਾਲਸਾ, ਭਾਈ ਮੇਜ਼ਰ ਸਿੰਘ ਸਮੇਤ ਕਈ ਪ੍ਰਮੁੱਖ ਸਖਸ਼ੀਅਤਾਂ ਹਾਜਰ ਸਨ।