ਮਲੇਰਕੋਟਲਾ/ਸੰਗਰੂਰ, 9 ਅਕਤੂਬਰ (ਜਮੀਲ ਜੌੜਾ) :ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਅੱਗ ਲਗਾਉਣ ਨਾਲ ਖੇਤਾਂ ਅਤੇ ਵਾਤਾਵਰਨ ਨੂੰ ਹੁੰਦੇ ਨੁਕਸਾਨ ਤੋਂ ਕਿਸਾਨਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਸ਼੍ਰੀ ਰਾਮਵੀਰ ਦੀਆਂ ਹਦਾਇਤਾਂ ‘ਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਜ਼ਿਲੇ ‘ਚ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਅੱਜ ਮਾਲੇਰਕੋਟਲਾ ਦੇ ਨੇੜਲੇ ਪਿੰਡ ਰਾਏਪੁਰ ਵਿਖੇ ਖੇਤੀਬਾੜੀ ਇੰਸਪੈਕਟਰ ਇੰਦਰਦੀਪ ਕੌਰ ਪੰਨੂੰ ਵੱਲੋਂ ਵਿਸ਼ੇਸ਼ ਕੈਂਪ ਲਗਾਕੇ ਕਿਸਾਨਾਂ ਨੂੰ ਜਾਗਰੂਕ ਕੀਤਾ ਗਿਆ।
ਇਸ ਮੌਕੇ ਖੇਤੀਬਾੜੀ ਇੰਸਪੈਕਟਰ ਨੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਗਾਉਣ ਨਾਲ ਹੁੰਦੇ ਨੁਕਸਾਨ ਅਤੇ ਪਰਾਲੀ ਨੂੰ ਖੇਤਾਂ ‘ਚ ਵਾਹੁਣ ਨਾਲ ਹੁੰਦੇ ਲਾਭ ਸਬੰਧੀ ਵਿਸਥਾਰ ਵਿਚ ਜਾਣਕਾਰੀ ਦਿੱਤੀ। ਕੈਂਪ ਦੌਰਾਨ ਉਨਾਂ ਕਿਸਾਨਾਂ ਨੂੰ ਦੱਸਿਆ ਕਿ ਅੱਗ ਲਗਾਉਣ ਨਾਲ ਜਿਥੇ ਵਾਤਾਵਰਨ ਪਲੀਤ ਹੁੰਦਾ ਹੈ, ਉਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਘੱਟ ਜਾਂਦੀ ਹੈ। ਉਨਾਂ ਕਿਹਾ ਕਿ ਇਸ ਦੇ ਉਲਟ ਖੇਤਾਂ ‘ਚ ਹੀ ਪਰਾਲੀ ਵਾਹੁਣ ਨਾਲ ਜਿਥੇ ਖੇਤਾਂ ਦੀ ਉਪਜਾਊ ਸ਼ਕਤੀ ਬਰਕਰਾਰ ਰਹਿੰਦੀ ਹੈ, ਉਥੇ ਹੀ ਰਸਾਇਣਿਕ ਖਾਦਾਂ ਅਤੇ ਕੀੜੇਮਾਰ ਦਵਾਈ ਦੀ ਵਰਤੋਂ ਦੀ ਵੀ ਲੋੜ ਘੱਟ ਪੈਂਦੀ ਹੈ।
ਇੰਦਰਦੀਪ ਕੌਰ ਪੰਨੂੰ ਨੇ ਕਿਸਾਨਾਂ ਨੂੰ ਦੱਸਿਆ ਕਿ ਖੇਤੀਬਾੜੀ ਬਹੁਮੰਤਵੀ ਸਹਿਕਾਰੀ ਸਭਾਵਾਂ, ਕਿਸਾਨਾਂ ਵੱਲੋਂ ਬਣਾਏ ਗਰੁੱਪਾਂ ਅਤੇ ਕਿਸਾਨਾਂ ਨੂੰ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦੇ ਕੁਦਰਤੀ ਢੰਗ ਨਾਲ ਨਿਬੇੜੇ ਵਾਲੇ ਸੰਦ ਸਬਸਿਡੀ ‘ਤੇ ਮੁਹੱਈਆ ਕਰਵਾਏ ਜਾਂਦੇ ਹਨ, ਕਿਸਾਨ ਇਨਾਂ ਮਸ਼ੀਨਰੀਆਂ ਦੀ ਵਰਤੋਂ ਕਰਕੇ ਫ਼ਸਲਾਂ ਦੀ ਰਹਿੰਦ-ਖੂਹੰਦ ਨੂੰ ਖੇਤਾਂ ‘ਚ ਹੀ ਵਾਹ ਸਕਦੇ ਹਨ। ਉਨਾਂ ਕਿਹਾ ਕਿ ਪਰਾਲੀ ਖੇਤਾਂ ਵਿਚ ਵਾਹੁਣ ਨਾਲ ਮਿੱਤਰ ਕੀੜਿਆਂ ਦਾ ਵੀ ਨੁਕਸਾਨ ਹੋਣ ਤੋਂ ਬੱਚ ਜਾਂਦਾ ਹੈ ਅਤੇ ਇਹ ਮਿੱਤਰ ਕੀੜੇ ਅਗਲੀ ਫਸਲ ਦੀ ਵਧੇਰੇ ਪੈਦਾਵਾਰ ‘ਚ ਮਦਦ ਕਰਦੇ ਹਨ।
ਇਸ ਮੌਕੇ ਏ.ਟੀ.ਐਮ. ਰਮਨਦੀਪ ਸਿੰਘ ਅਤੇ ਪਿੰਡ ਦੇ ਕਿਸਾਨ ਹਾਜ਼ਰ ਸਨ।