ਨਵੀਂ ਦਿੱਲੀ 2 ਨਵੰਬਰ (ਮਨਪ੍ਰੀਤ ਸਿੰਘ ਖਾਲਸਾ)
ਜਾਗੋ ਪਾਰਟੀ ਦੇ ਅੰਤਰਰਾਸ਼ਟਰੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਅੱਜ ਪੰਥਕ ਮਸਲਿਆਂ ਨੂੰ ਕੇਂਦਰ ਸਰਕਾਰ ਤੋਂ ਹੱਲ ਕਰਵਾਉਣ ਦੀ ਦਿਸ਼ਾ ਵਿੱਚ ਪਹਿਲਕਦਮੀ ਕਰਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਉਨ੍ਹਾਂ ਦੀ ਦਿੱਲੀ ਰਿਹਾਇਸ਼ ਉੱਤੇ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਜੀਕੇ ਨੇ ਪੰਜਾਬ ਅਤੇ ਸਿੱਖਾਂ ਨਾਲ ਜੁਡ਼ੇ ਕਈ ਮਸਲਿਆਂ ਦੇ ਹੱਲ ਲਈ ਗ੍ਰਹਿ ਮੰਤਰੀ ਨੂੰ ਪੱਤਰ ਵੀ ਸੌਂਪੇ। ਮੁਲਾਕਾਤ ਦੇ ਬਾਅਦ ਪਾਰਟੀ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਜੀਕੇ ਨੇ ਮੁਲਾਕਾਤ ਦੌਰਾਨ ਹੋਈ ਵਿਚਾਰ ਚਰਚਾ ਦਾ ਵਿਸਥਾਰ ਨਾਲ ਵੇਰਵਾ ਦਿੱਤਾ। ਜੀਕੇ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਰਕਾਰ ਵੱਲੋਂ ਸਿੱਖ ਮਸਲਿਆਂ ਉੱਤੇ ਕੀਤੇ ਗਏ ਕੰਮਾਂ ਲਈ ਗ੍ਰਹਿ ਮੰਤਰੀ ਦਾ ਧੰਨਵਾਦ ਕਰਦੇ ਹੋਏ ਮੈਂ ਲਟਕਦੇ ਪੰਥਕ ਮਸਲਿਆਂ ਉੱਤੇ ਸਰਕਾਰ ਦਾ ਸਹਿਯੋਗ ਮੰਗਿਆ ਹੈਂ। ਨਾਲ ਹੀ ਕਿਸਾਨਾਂ ਦੇ ਮਾਮਲੇ ਵਿੱਚ ਪ੍ਰਧਾਨ ਮੰਤਰੀ ਨੂੰ ਕਿਸਾਨ ਨੇਤਾਵਾਂ ਨਾਲ ਸਿੱਧੀ ਗੱਲਬਾਤ ਕਰਨ ਦਾ ਸੁਝਾਅ ਵੀ ਦਿੱਤਾ ਹੈ। ਕਿਉਂਕਿ ਪੰਜਾਬ ਵਿੱਚ ਕਾਂਗਰਸ, ਅਕਾਲੀ ਦਲ ਅਤੇ ਆਪ ਪਾਰਟੀ ਕਿਸਾਨਾਂ ਦੇ ਨਾਂਅ ਉੱਤੇ ਆਪਣੀ ਸਿਆਸਤ ਚਮਕਾਉਣ ਦੇ ਚੱਕਰ ਵਿੱਚ ਕਿਸਾਨਾਂ ਦੇ ਮਾਮਲਿਆਂ ਨੂੰ ਹੱਲ ਕਰਵਾਉਣ ਦੇ ਪ੍ਰਤੀ ਗੰਭੀਰ ਨਜ਼ਰ ਨਹੀਂ ਆ ਰਹੇ ਹਨ। ਹਾਲਾਂਕਿ ਪੰਜਾਬ ਵਿੱਚ ਕਿਸਾਨ ਲੰਬੇ ਸਮੇਂ ਤੋਂ ਅੰਦੋਲਨ ਕਰ ਰਹੇ ਹਨ। ਇਸ ਲਈ ਕਿਸਾਨਾਂ ਦੀ ਫ਼ਸਲ ਨੂੰ ਘੱਟੋ-ਘੱਟ ਸਮਰਥਨ ਮੁੱਲ ਉੱਤੇ ਖ਼ਰੀਦਣ ਨੂੰ ਯਕੀਨੀ ਘੋਸ਼ਿਤ ਕਰ ਕੇ ਪੰਜਾਬ ਦੇ ਕਿਸਾਨਾਂ ਨੂੰ ਸਰਕਾਰ ਵੱਲੋਂ ਵੱਡੀ ਰਾਹਤ ਦਿੱਤੇ ਜਾਣ ਦੀ ਵਿਵਸਥਾ ਕਰਨੀ ਚਾਹੀਦੀ ਹੈ।
ਜੀਕੇ ਨੇ ਦੱਸਿਆ ਕਿ ਧਾਰਮਿਕ ਆਜ਼ਾਦੀ ਲਈ ਸ਼ਹੀਦ ਹੋਣ ਵਾਲੇ ਗੁਰੂ ਤੇਗ਼ ਬਹਾਦਰ ਸਾਹਿਬ ਦਾ 400ਵਾਂ ਪ੍ਰਕਾਸ਼ ਦਿਹਾੜਾ 2021 ਵਿੱਚ ਆ ਰਿਹਾ ਹੈ। ਜਿਸ ਦੇ ਲਈ ਹਾਲ ਹੀ ਵਿੱਚ ਸਰਕਾਰ ਵੱਲੋਂ ਕਮੇਟੀ ਦਾ ਗਠਨ ਵੀ ਕੀਤਾ ਗਿਆ ਹੈ। ਇਸ ਲਈ ਅਸੀਂ ਦਿੱਲੀ ਵਿੱਚ ਗੁਰੂ ਤੇਗ਼ ਬਹਾਦਰ ਸਾਹਿਬ ਦੀ ਯਾਦਗਾਰ ਇੰਡੀਆ ਗੇਟ ਲਾਨ ਜਾਂ ਲਾਲ ਕਿੱਲਾ ਮੈਦਾਨ ਵਿਖੇ ਸਥਾਪਤ ਕਰਨ ਦੀ ਮੰਗ ਕੀਤੀ ਹੈਂ।ਕਿਉਂਕਿ ਗੁਰੂ ਸਾਹਿਬ ਨੇ ਮੁਗ਼ਲ ਬਾਦਸ਼ਾਹ ਔਰੰਗਜ਼ੇਬ ਵੱਲੋਂ ਕੀਤੀ ਜਾ ਰਹੀ ਧਰਮ ਤਬਦੀਲੀ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰ ਕੇ ਆਪਣੀ ਸ਼ਹਾਦਤ ਦਿੱਤੀ ਸੀ। ਭਾਰਤ ਦੇ ਸੰਵਿਧਾਨ ਦੀ ਪ੍ਰਸਤਾਵਨਾ ਵਿੱਚ ਵੀ ਸਾਰੇ ਨਾਗਰਿਕਾਂ ਨੂੰ ਧਾਰਮਿਕ ਆਜ਼ਾਦੀ ਦੇਣਾ ਯਕੀਨੀ ਬਣਾਇਆ ਗਿਆ ਹੈਂ। ਇਸ ਲਈ ਗੁਰੂ ਸਾਹਿਬ ਦੇ ਪ੍ਰਕਾਸ਼ ਪੂਰਬ ਦੀ ਚੌਥੀ ਸ਼ਤਾਬਦੀ ਮੌਕੇ ਉੱਤੇ ਸਰਕਾਰ ਨੂੰ ਦਿੱਲੀ ਵਿੱਚ ‘ਧਾਰਮਿਕ ਆਜ਼ਾਦੀ ਯਾਦਗਾਰ’ ਬਣਾਉਣ ਦੀ ਸਲਾਹ ਦਿੱਤੀ ਹੈ। ਤਾਂਕਿ ਧਰਮ ਤਬਦੀਲੀ ਦੇ ਸਹਾਰੇ ਆਪਣਾ ਧਰਮ ਦੂਜਿਆਂ ਉੱਤੇ ਥੋਪਣ ਵਾਲੀਆਂ ਬਾਰੇ ਦੁਨੀਆ ਨੂੰ ਪਤਾ ਚੱਲ ਸਕੇ। ਜੀਕੇ ਨੇ ਦੱਸਿਆ ਕਿ ਉਨ੍ਹਾਂ ਨੇ ਕੋਵਿਡ ਦੀ ਮਹਾਂਮਾਰੀ ਦੇ ਬਾਅਦ ਤੋਂ ਬੰਦ ਕਰਤਾਰਪੁਰ ਕਾਰੀਡੋਰ ਨੂੰ ਵੀ ਤੁਰੰਤ ਖ਼ੋਲ ਕੇ ਗੁਰੂ ਨਾਨਕ ਸਾਹਿਬ ਦੇ 551ਵੇਂ ਪ੍ਰਕਾਸ਼ ਪੁਰਬ ਉੱਤੇ ਸੰਗਤਾਂ ਨੂੰ ਦਰਸ਼ਨ ਕਰਨ ਦੀ ਸਰਕਾਰ ਨੂੰ ਖੁੱਲ ਦੇਣ ਦੀ ਮੰਗ ਕੀਤੀ ਹੈ। ਇਸ ਦੇ ਨਾਲ ਹੀ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿੱਚ ਪ੍ਰਬੰਧ ਲਈ ਚਲ਼ ਦੇ ਪੁਰਾਣੇ ਸੈਨੇਟ ਸਿਸਟਮ ਨੂੰ ਬਹਾਲ ਰੱਖ ਕੇ ਬੁੱਧੀਜੀਵੀਆਂ ਦੇ ਖ਼ਦਸ਼ਿਆਂ ਦਾ ਤੁਰੰਤ ਨਿਪਟਾਰਾ ਕਰਨ ਦਾ ਸੁਝਾਅ ਦਿੰਦੇ ਹੋਏ ਗੁਰਦਵਾਰਾ ਗਿਆਨ ਗੋਦੜੀ ਸਾਹਿਬ ਹਰਿਦੁਆਰ ਅਤੇ ਗੁਰਦੁਆਰਾ ਡਾਂਗਮਾਰ ਸਾਹਿਬ ਸਿੱਕਮ ਸਿੱਖ ਸੰਗਤਾਂ ਦੇ ਹਵਾਲੇ ਕਰਨ ਦੀ ਗੱਲ ਕਹੀ ਹੈ।
ਜੀਕੇ ਨੇ ਕਿਹਾ ਕਿ 1984 ਸਿੱਖ ਕਤਲੇਆਮ ਦੇ ਇਨਸਾਫ਼ ਦੀ ਲੜਾਈ ਵਿੱਚ ਮੋਦੀ ਸਰਕਾਰ ਨੇ ਸਾਨੂੰ ਬਹੁਤ ਸਹਿਯੋਗ ਦਿੱਤਾ ਹੈਂ। ਇਸ ਲਈ ਗ੍ਰਹਿ ਮੰਤਰੀ ਤੋਂ ਅਸੀਂ ਮੰਗ ਕੀਤੀ ਹੈ ਕਿ ਕਾਂਗਰਸ ਨੇਤਾ ਕਮਲਨਾਥ ਅਤੇ ਜਗਦੀਸ਼ ਟਾਈਟਲਰ ਦੇ ਖ਼ਿਲਾਫ਼ ਕੇਂਦਰ ਸਰਕਾਰ ਦੀ ਐਸਆਈਟੀ ਅਤੇ ਸੀਬੀਆਈ ਵੱਲੋਂ ਵਿਖਾਈ ਜਾ ਰਹੇ ਢਿੱਲਾਈ ਨੂੰ ਠੀਕ ਕੀਤਾ ਜਾਵੇ। ਕਮਲਨਾਥ ਦੇ ਖ਼ਿਲਾਫ਼ ਪੱਤਰਕਾਰ ਸੰਜੇ ਸੂਰੀ ਅਤੇ ਦਿੱਲੀ ਕਮੇਟੀ ਦੇ ਸਾਬਕਾ ਮੈਨੇਜਰ ਮੁਖ਼ਤਿਆਰ ਸਿੰਘ ਦੀਆਂ ਗਵਾਹੀਆਂ ਐਸਆਈਟੀ ਨੂੰ ਤੁਰੰਤ ਦਰਜ ਕਰਨੀ ਚਾਹੀਦੀ ਹਨ। ਸੀਬੀਆਈ ਨੂੰ ਟਾਈਟਲਰ ਦੇ ਖ਼ਿਲਾਫ਼ ਅਭਿਸ਼ੇਕ ਵਰਮਾ ਵੱਲੋਂ ਦਿੱਤੇ ਗਏ ਸਬੂਤਾਂ ਨੂੰ ਖਾਰਿਜ ਕਰਨ ਤੋਂ ਬਚਦੇ ਹੋਏ ਕੋਰਟ ਵਿੱਚ ਟਾਈਟਲਰ ਦੇ ਖ਼ਿਲਾਫ਼ ਸਾਰੇ ਪ੍ਰਮਾਣ ਰੱਖਣੇ ਚਾਹੀਦੇ ਹਨ। ਜੀਕੇ ਨੇ ਜੰਮੂ- ਕਸ਼ਮੀਰ ਵਿੱਚ ਪੰਜਾਬੀ ਭਾਸ਼ਾ ਨੂੰ ਦੂਜੀ ਰਾਜ-ਭਾਸ਼ਾ ਦੇ ਤੌਰ ਉੱਤੇ ਮਾਨਤਾ ਦਿੰਦੇ ਹੋਏ ਸਰਕਾਰ ਨੂੰ ਪਾਕਿਸਤਾਨ ਦੇ ਕਬਜੇ ਵਾਲੇ ਕਸ਼ਮੀਰ ਤੋਂ 1947 ਵਿੱਚ ਉੱਜੜ ਕੇ ਆਏ ਸਿੱਖਾਂ ਨੂੰ ਕਸ਼ਮੀਰੀ ਪੰਡਿਤਾਂ ਦੇ ਬਰਾਬਰ ਦੀ ਸਾਰੀਆਂ ਸੁਵਿਧਾਵਾਂ ਦੇਣ ਦੀ ਮੰਗ ਕੀਤੀ ਹੈ। ਕਿਉਂਕਿ ਅੱਤਵਾਦ ਦੇ ਦੌਰ ਵਿੱਚ ਵੀ ਸਿੱਖਾਂ ਨੇ ਘਾਟੀ ਨਹੀਂ ਛੱਡੀ ਸੀ।