ਅਸ਼ੋਕ ਵਰਮਾ
ਬਠਿੰਡਾ,3 ਨਵੰਬਰ2020:ਕਿਸਾਨ ਜਥੇਬੰਦੀਆਂ ਦੇ ਸਾਂਝੇ ਮੰਚ ’ਚ ਸ਼ਾਮਲ ਜਥੇਬੰਦੀਆਂ ਵੱਲੋਂ ਅੱਜ ਬਠਿੰਡਾ ’ਚ ਲਾਮਬੰਦੀ ਮੀਟਿੰਗ ਦੌਰਾਨ ਪੰਜ ਨਵੰਬਰ ਚੱਕਾ ਜਾਮ ਲਈ ਵਿਚਾਰਾਂ ਕੀਤੀਆਂ ਗਈਆਂ। ਕਿਰਤੀ ਕਿਸਾਨ ਯੂਨੀਅਨ ਦੇ ਆਗੂ ਅਮਰਜੀਤ ਹਨੀ ਨੇ ਦੱਸਿਆ ਕਿ ਮੋਦੀ ਸਰਕਾਰ ਕਿਸਾਨਾਂ ਨੂੰ ਸਬਕ ਸਿਖਾਉਣ ਲਈ ਨਵੇਂ ਤੋਂ ਨਵੇਂ ਕਾਨੂੰਨ ਕਿਸਾਨਾਂ ਤੇ ਠੋਸੇ ਜਾ ਰਹੇ ਹਨ ਅਤੇ ਖੇਤੀ ਖੇਤਰ ਨੂੰ ਕਰਜ਼ਾ ਮੁਆਫੀ ਦੇ ਘੇਰੇ ਚੋਂ ਬਾਹਰ ਕਰਕੇ ਕਿਸਾਨਾਂ ਦੇ ਜ਼ਖ਼ਮਾਂ ਤੇ ਲੂਣ ਭੁੱਕਣ ਦਾ ਕੋਝਾ ਯਤਨ ਕੀਤਾ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਸੰਘਰਸ਼ ਨੂੰ ਕੁਚਲਣ ਲਈ ਪ੍ਰਦੂਸ਼ਣ ਦੇ ਨਾਂ ਤੇ ਲਿਆਂਦਾ ਗਿਆ ਕਾਲਾ ਕਾਨੂੰਨ ਇੱਕ ਕਰੋੜ ਜੁਰਮਾਨਾ ਅਤੇ ਪੰਜ ਸਾਲ ਦੀ ਸਜਾ ਤੋਂ ਸਪਸ਼ਟ ਹੈ ਕਿ ਮੋਦੀ ਸਰਕਾਰ ਪਿੱਛੇ ਹਟਣ ਲਈ ਤਿਆਰ ਨਹੀਂ ਤਾਂ ਕਿਸਾਨ ਜੱਥੇਬੰਦੀਆਂ ਨੇ ਵੀ ਆਰ ਪਾਰ ਦਾ ਫੈਸਲਾ ਲਿਆ ਹੈ। ਉਹਨਾਂ ਦੱਸਿਆ ਕਿ ਲੋਕ ਮਾਰੂ ਫ਼ੈਸਲੇ ਰੱਦ ਕਰਵਾਉਣ ਲਈ ਭਾਰਤ ਦੀਆਂ ਤਿੰਨ ਸੌ ਤੋਂ ਵੱਧ ਜਥੇਬੰਦੀਆਂ ਵੱਲੋਂ ਪੂਰੇ ਭਾਰਤ ’ਚ ਪੰਜ ਨਵੰਬਰ ਨੂੰ 12 ਤੋਂ 4 ਤੱਕ ਚੱਕਾ ਜਾਮ ਕੀਤਾ ਜਾ ਰਿਹਾ ਹੈ
ਉਹਨਾਂ ਦੱਸਿਆ ਕਿ ਇਸ ਪ੍ਰੋਗਰਾਮ ਨੂੰ ਸਫਲ ਬਨਾਉਣ ਪਿੰਡਾਂ ਦੇ ਲੋਕਾਂ ਨੂੰ ਲਾਮਬੰਦ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਵੱਖ ਵੱਖ ਆਗੂਆਂ ਤੇ ਵਰਕਰਾਂ ਦੀਆਂ ਡਿਊਟੀਆਂ ਵੀ ਲਾ ਦਿੱਤੀਆਂ ਗਈਆਂ ਹਨ। ਆਗੂਆਂ ਨੇ ਮੋਦੀ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇ ਕਾਲੇ ਕਾਨੂੰਨ ਵਾਪਸ ਨਾ ਲਏ ਤਾਂ ਕੇਂਦਰ ਸਰਕਾਰ ਦੇ ਨੱਕ ਵਿੱਚ ਦਮ ਬੰਦ ਕੀਤਾ ਜਾਵੇਗਾ। ਇਸ ਮੌਕੇ ਕੁੱਲ ਹਿੰਦ ਕਿਸਾਨ ਸਭਾ ਦੇ ਸੂਬਾ ਵਰਕਿੰਗ ਪ੍ਰਧਾਨ ਬਲਕਰਨ ਸਿੰਘ ਬਰਾੜ, ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਜ਼ਿਲਾ ਪ੍ਰਧਾਨ ਬਲਦੇਵ ਸਿੰਘ ਸੰਦੋਹਾ, ਪ੍ਰੈੱਸ ਸਕੱਤਰ ਰਣਜੀਤ ਸਿੰਘ ਜੀਦਾ, ਭਾਰਤੀ ਕਿਸਾਨ ਯੂਨੀਅਨ ਮਾਨਸਾ ਦੇ ਜ਼ਿਲਾ ਪ੍ਰਧਾਨ ਜਗਸੀਰ ਸਿੰਘ ਜੀਦਾ , ਜਨਰਲ ਸਕੱਤਰ ਸੁਖਦਰਸ਼ਨ ਸਿੰਘ ਖੇਮੂਆਣਾ , ਜਮਹੂਰੀ ਕਿਸਾਨ ਸਭਾ ਦੇ ਜ਼ਿਲਾ ਮੀਤ ਪ੍ਰਧਾਨ ਨੈਬ ਸਿੰਘ ਫੂਸ ਮੰਡੀ , ਭਾਰਤੀ ਕਿਸਾਨ ਯੂਨੀਅਨ ਡਕੌਂਦਾ ਦੇ ਬਲਾਕ ਪ੍ਰਧਾਨ ਬਿੰਦਰ ਸਿੰਘ ਫਰੀਦਕੋਟ ਕੋਟਲੀ , ਅਤੇ ਦਿਹਾਤੀ ਮਜ਼ਦੂਰ ਸਭਾ ਦੇ ਜ਼ਿਲਾ ਪ੍ਰਧਾਨ ਮਿੱਠੂ ਸਿੰਘ ਘੁੱਦਾ ਨੇ ਸਮੂਹ ਲੋਕਾਂ ਨੂੰ ਜਾਮ ’ਚ ਸ਼ਾਮਲ ਹੋਣ ਦਾ ਸੱਦਾ ਦਿੱਤਾ।