
ਮਲੇਰਕੋਟਲਾ, 12 ਜਨਵਰੀ (ਜਮੀਲ ਜੌੜਾ): ਪੰਜਾਬ ਸਰਕਾਰ ਦੀਆਂ ਸਕੀਮਾਂ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵਚਨਬੱਧ ਹੈ ਅਤੇ ਇਨ੍ਹਾਂ ਸਕੀਮਾਂ ਦਾ ਲਾਭ ਯੋਗ ਲਾਭਪਾਤਰੀਆਂ ਤੱਕ ਪੁੱਜਦਾ ਕਰਨ ਲਈ ਹਰ ਲੋੜੀਂਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ ਨੇ ਪੰਜਾਬ ਸਰਕਾਰ ਵੱਲੋਂ ਲੁਧਿਆਣਾ ਵਿਖੇ ‘ਪੰਜਾਬ ਯਕਮੁਸ਼ਤ ਨਿਪਟਾਰਾ ਸਕੀਮ-2021’ ਅਤੇ ਹੋਰਨਾਂ ਵਿਕਾਸ ਕਾਰਜਾਂ ਦੇ ਉਦਘਾਟਨ ਸਮਾਰੋਹ ਦੇ ਮਲੇਰਕੋਟਲਾ ਵਿਖੇ ਕਰਵਾਏ ਗਏ ਵਰਚੂਅਲ ਸਮਾਗਮ ਦੀ ਪ੍ਰਧਾਨਗੀ ਕਰਦਿਆਂ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 1 ਫਰਵਰੀ 2021 ਤੋਂ ਪੰਜਾਬ ਵਿਚ ਲਾਗੂ ਕੀਤੀ ਜਾ ਰਹੀ ਇਸ ਯੋਜਨਾ ਤਹਿਤ ਸਾਰੇ ਕਾਰੋਬਾਰੀ ਜਿਨ੍ਹਾਂ ਦੀਆਂ ਅਸੈਸਮੈਂਟਸ 31 ਦਸੰਬਰ, 2020 ਤੱਕ ਕੀਤੀਆਂ ਜਾ ਚੁੱਕੀਆਂ ਹਨ, ਉਹ 30 ਅਪ੍ਰੈਲ ਤੱਕ ਇਸ ਸਕੀਮ ਤਹਿਤ ਅਪਲਾਈ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਕਾਰੋਬਾਰੀ ਕਾਨੂੰਨੀ ਫਾਰਮ ਜਿਵੇਂ ਸੀ-ਫਾਰਮ ਵੀ ਜਮ੍ਹਾਂ ਕਰਵਾ ਸਕਦਾ ਹੈ ਜੋ ਕਿ ਅਸੈਸਮੈਂਟ ਦੇ ਸਮੇਂ ਐਪਲੀਕੇਸਨ ਫਾਰਮ ਦੇ ਨਾਲ ਨਹੀਂ ਦਿੱਤਾ ਗਿਆ ਅਤੇ ਕਾਰੋਬਾਰੀ ਨੂੰ ਸਵੈ-ਅਸੈਸਮੈਂਟ ਕਰਨੀ ਹੋਵੇਗੀ ਅਤੇ ਨਿਪਟਾਰੇ ਦੇ ਨਤੀਜੇ ਵਜੋਂ ਦੇਣਯੋਗ ਮੂਲ ਟੈਕਸ ਦੀ ਅਦਾਇਗੀ ਦੇ ਸਬੂਤ ਜਮ੍ਹਾਂ ਕਰਵਾਉਣੇ ਹੋਣਗੇ। ਸਬੰਧਤ ਵਾਰਡ ਇੰਚਾਰਜ ਨਿਪਟਾਰੇ ਦਾ ਹੁਕਮ ਜਾਰੀ ਕਰੇਗਾ ਜਿਸਨੂੰ ਕਿਸੇ ਵੀ ਤਰ੍ਹਾਂ ਦੀ ਸਮੀਖਿਆ ਜਾਂ ਸੁਧਾਈ ਦੇ ਤੌਰ ‘ਤੇ ਦੁਬਾਰਾ ਨਹੀਂ ਖੋਲ੍ਹਿਆ ਜਾਵੇਗਾ। ਸ਼੍ਰੀ ਰਾਮਵੀਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੀ ਗਈ ਯਕਮੁਸ਼ਤ ਨਿਪਟਾਰਾ ਸਕੀਮ ਨਾਲ ਕਾਰੋਬਾਰੀਆਂ ਨੂੰ ਜ਼ੁਰਮਾਨੇ ਤੋਂ ਇਲਾਵਾ ਟੈਕਸ ਤੋਂ ਵੀ ਛੋਟ ਮਿਲੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿਚ ਇਸ ਸਕੀਮ ਤਹਿਤ ਆਉਣ ਵਾਲੇ ਹਰ ਯੋਗ ਕਾਰੋਬਾਰੀ ਨੂੰ ਇਸ ਸਕੀਮ ਦਾ ਲਾਭ ਦੇਣ ਲਈ ਸਬੰਧਤ ਵਿਭਾਗਾਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਜਾਬ ਸਰਕਾਰ ਦੀਆਂ ਹੋਰਨਾਂ ਭਲਾਈ ਸਕੀਮਾਂ ਨੂੰ ਵੀ ਪਾਰਦਰਸ਼ੀ ਤਰੀਕੇ ਨਾਲ ਪੂਰੇ ਜ਼ਿਲ੍ਹੇ ‘ਚ ਲਾਗੂ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਐਸ.ਡੀ.ਐਮ. ਮਲੇਰਕੋਟਲਾ ਟੀ. ਬੈਨਿਥ, ਤਹਿਸੀਲਦਾਰ ਬਾਦਲਦੀਨ, ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਵੱਲੋਂ ਭੇਜੇ ਨੁਮਾਇੰਦੇ ਦਰਬਾਰਾ ਸਿੰਘ ਤੇ ਮੁਹੰਮਦ ਤਾਰਿਕ ਅਤੇ ਵੱਡੀ ਗਿਣਤੀ ਵਿਚ ਸਨਅਤਕਾਰ ਵੀ ਹਾਜ਼ਰ ਸਨ।