ਚੰਡੀਗੜ੍ਹ (ਪੰਜ ਦਰਿਆ ਬਿਊਰੋ)

‘ਆਪ’ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਉਹ ਪੰਜਾਬ ਦੇ ਉਦਯੋਗਿਕ ਯੂਨਿਟਾਂ, ਵਪਾਰਕ ਅਦਾਰਿਆਂ, ਦੁਕਾਨਾਂ ਤੇ ਕਾਰੋਬਾਰੀਆਂ ਕੋਲ ਕੰਮ ਕਰਦੇ ਕਰੀਬ 45 ਲੱਖ ਮੁਲਾਜ਼ਮਾਂ ਅਤੇ ਕਾਮਿਆਂ ਨੂੰ ਮੌਜੂਦਾ ਹਾਲਾਤ ‘ਚ ਮਾਸਿਕ ਤਨਖ਼ਾਹ ਬਾਰੇ ਸਰਕਾਰ ਦੀ ਪਹੁੰਚ ਅਤੇ ਮਾਲੀ ਰਾਹਤ ਜਾਂ ਮਦਦ ਬਾਰੇ ਸਪੱਸ਼ਟ ਕਰਨ, ਕਿਉਂਕਿ ਇਸ ਮੁੱਦੇ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਿਖੀ ਗਈ ਚਿੱਠੀ ਅਤੇ ਪੰਜਾਬ ਦੇ ਲੇਬਰ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਦੇ ਦਿਸ਼ਾ=ਨਿਰਦੇਸ਼ਾਂ ਮੁਤਾਬਿਕ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵੱਲੋਂ 11 ਅਪ੍ਰੈਲ 2020 ਨੂੰ ਜਾਰੀ ਪੱਤਰ ਇੱਕ-ਦੂਜੇ ਦੇ ਵਿਰੋਧਾਭਾਸੀ (ਕੰਟਰਾਡਿਕਟਰੀ) ਕਦਮ ਹਨ, ਜਿਸ ਕਾਰਨ ਰੁਜ਼ਗਾਰ ਦਾਤਿਆਂ ਅਤੇ ਕਾਮਿਆਂ ਦਰਮਿਆਨ ਨਾ ਕੇਵਲ ਭੰਬਲਭੂਸਾ ਪੈਦਾ ਹੋ ਰਿਹਾ ਹੈ, ਸਗੋਂ ਆਪਸੀ ਸੰਬੰਧ ਵੀ ਪ੍ਰਭਾਵਿਤ ਹੋ ਰਹੇ ਹਨ।
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਵਿਧਾਇਕ ਅਮਨ ਅਰੋੜਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਇਨ੍ਹਾਂ ਚੁਣੌਤੀ ਭਰੇ ਹਲਾਤਾਂ ‘ਚ ਉਹ ਪੰਜਾਬ ‘ਚ ਸਭ ਛੋਟੇ-ਵੱਡੇ ਸਨਅਤਕਾਰਾਂ, ਵਪਾਰੀਆਂ, ਦੁਕਾਨਦਾਰਾਂ, ਕਾਰੋਬਾਰੀਆਂ ਅਤੇ ਉਨ੍ਹਾਂ ਕੋਲ ਕੰਮ ਕਰਨ ਵਾਲੇ ਕਰਮਚਾਰੀਆਂ ਅਤੇ ਕਾਮਿਆਂ ਦਰਮਿਆਨ ਭੰਬਲਭੂਸਾ ਪੈਦਾ ਕਰਨ ਦੀ ਥਾਂ ਸਭ ਦੀ ਬਾਂਹ ਫੜਨ ਅਤੇ ਵਿਸ਼ੇਸ਼ ਰਾਹਤਾਂ ਅਤੇ ਵਿੱਤੀ ਪੈਕੇਜ ਦਾ ਐਲਾਨ ਕਰਨ, ਕਿਉਂਕਿ ਇਹ ਮਸਲਾ ਨਾ ਕੇਵਲ ਲੱਖਾਂ ਪਰਿਵਾਰਾਂ ਦੀ 2 ਡੰਗ ਰੋਟੀ ਨਾਲ ਜੁੜਿਆ ਹੋਇਆ ਹੈ, ਸਗੋਂ ਸੂਬੇ ਦੀ ਆਰਥਿਕਤਾ ਨਾਲ ਵੀ ਜੁੜਿਆ ਹੋਇਆ ਹੈ।