
ਅਸ਼ੋਕ ਵਰਮਾ
ਬਠਿੰਡਾ,19 ਜੁਲਾਈ2021:ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਦੀ ਅਗਵਾਈ ਹੇਠ ਪਿਛਲੇ 13 ਦਿਨਾਂ ਦੌਰਾਨ 40 ਵਿਧਾਇਕਾਂ ਦੇ ਘਰਾਂ ਅੱਗੇ ਧਰਨਿਆਂ ਤੋਂ ਉਤਸ਼ਾਹਿਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਹੁਣ ਆਪਣੀਆਂ ਮੰਗਾਂ ਦੇ ਸਬੰਧ ਵਿੱਚ ਕੈਪਟਨ ਸਰਕਾਰ ਦੇ ਮੰਤਰੀਆਂ ਨੂੰ ਘੇਰਨ ਦੀ ਰਣਨੀਤੀ ਬਣਾ ਲਈ ਹੈ। ਆਂਗਣਵਾੜੀ ਮੁਲਾਜਮਾਂ ਦਾ ਕਹਿਣਾ ਹੈ ਕਿ ਪਹਿਲੀ ਅਗਸਤ ਨੂੰ ਮੰਤਰੀਆਂ ਦੇ ਘਰਾਂ ਅੱਗੇ ਧਰਨੇ ਦੇਣ ਮੌਕੇ ਖੂਨ ਨਾਲ ਲਿਖਕੇ ਮੰਗ ਪੱਤਰ ਦਿੱਤੇ ਜਾਣਗੇ ਜਿਨ੍ਹਾਂ ’ਚ ਮੰਗਾਂ ਪ੍ਰਵਾਨ ਕਰਨ ਦੀ ਮੰਗ ਕੀਤੀ ਜਾਏਗੀ। ਉਨ੍ਹਾਂ ਆਖਿਆ ਕਿ ਜੇਕਰ ਫਿਰ ਵੀ ਸਰਕਾਰ ਨਾਂ ਜਾਗੀ ਤਾਂ ਫੈਸਲਾਕੁੰਨ ਸੰਘਰਸ਼ ਵਿੱਢਣ ਰਾਹੀਂ ਸਰਕਾਰ ਦੇ ਨੱਕ ’ਚ ਦਮ ਕਰਕੇ ਮੰਗਾਂ ਲਾਗੂ ਕਰਨ ਲਈ ਮਜਬੂਰ ਕੀਤਾ ਜਾਏਗਾ। ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦਾ ਕਹਿਣਾ ਸੀ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਖਿਆਲ ਕਰੇ ਨਹੀਂ ਤਾਂ ਅਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਵਰਕਰਾਂ ਅਤੇ ਹੈਲਪਰਾਂ ਹਾਕਮ ਧਿਰ ਨੂੰ ਸਿਆਸੀ ਸੱਟ ਮਾਰਨਗੀਆਂ।
ਉਹਨਾਂ ਕਿਹਾ ਕਿ ਸੂਬਾ ਕਮੇਟੀ ਦੇ ਫੈਸਲੇ ਅਨੁਸਾਰ ਬਾਕੀ ਰਹਿੰਦੇ ਕਾਂਗਰਸੀ ਵਿਧਾਇਕਾ ਦੇ ਘਰਾਂ ਦਾ ਘਿਰਾਓ 25 ਜੁਲਾਈ ਤੋਂ 31 ਜੁਲਾਈ ਤੱਕ ਕੀਤਾ ਜਾਵੇਗਾ ਜਦੋਂ ਕਿ 1 ਅਗਸਤ ਤੋਂ ਕਾਂਗਰਸੀ ਮੰਤਰੀਆਂ ਦੇ ਘਰਾਂ ਦਾ ਘਿਰਾਓ ਕੀਤੇ ਜਾਣਗੇ । ਉਨ੍ਹਾਂ ਕਿਹਾ ਕਿ ਗੁਆਂਢੀ ਸੂਬਿਆਂ ਦੀਆਂ ਸਰਕਾਰਾਂ ਨੇ ਵਰਕਰਾਂ ਤੇ ਹੈਲਪਰਾਂ ਦੇ ਮਾਣ ਭੱਤੇ ਵਿਚ ਕਈ ਗੁਣਾ ਵਾਧਾ ਕਰ ਦਿੱਤਾ ਹੈ ਜਦੋਂਕਿ ਪੰਜਾਬ ਸਰਕਾਰ ਨੇ ਵਾਧਾ ਤਾਂ ਕੀ ਕਰਨਾ ਸੀ ਉਲਟਾ ਉਨ੍ਹਾਂ ਦੇ ਪੈਸੇ ਦੱਬੀ ਬੈਠੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੀਆਂ ਕਰੀਬ 54 ਹਜਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਮਾਣ ਭੱਤਾ ਸਿਰੇ ਦਾ ਨਿਗੂਣਾ ਅਤੇ ਨਿਭਾਈਆਂ ਜਾਣ ਵਾਲੀਆਂ ਸੇਵਾਵਾਂ ਦੀ ਗਿਣਤੀ ਜ਼ਿਆਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਵੱਲੋਂ ‘ਅੱਛੇ ਦਿਨਾਂ’ ਦਾ ਕੀਤਾ ਗਿਆ ਵਾਅਦਾ ਬੁਰੇ ਦਿਨਾਂ ’ਚ ਤਬਦੀਲ ਹੋ ਗਿਆ ਹੈ ਅਤੇ ਕੈਪਟਨ ਸਰਕਾਰ ਦੇ ਵਾਅਦਿਆਂ ਦੇ ਬਾਵਜੂਦ ਸਾਢੇ ਚਾਰ ਸਾਲ ਬਾਅਦ ਵੀ ਆਂਗਣਵਾੜੀ ਸੈਂਟਰਾਂ ਦੇ ਦਿਨ ਫਿਰੇ ਨਹੀਂ ਹਨ।
ਸੂਬਾ ਪ੍ਰਧਾਨ ਨੇ ਸਾਲ 2017 ’ਚ ਆਂਗਣਵਾੜੀ ਸੈਂਟਰਾਂ ਚੋਂ ਸਰਕਾਰੀ ਸਕੂਲਾਂ ’ਚ ਦਾਖਲ ਕਰਨ ਲਈ ਖੋਹੇ 3 ਸਾਲ ਤੋਂ 6 ਸਾਲ ਤੱਕ ਦੇ ਬੱਚੇ ਸਮਝੌਤੇ ਅਨੁਸਾਰ ਵਾਪਸ ਸੈਂਟਰਾਂ ਵਿੱਚ ਭੇਜਣ, ਆਂਗਣਵਾੜੀ ਵਰਕਰ ਨੂੰ ਨਰਸਰੀ ਟੀਚਰ ਦਾ ਦਰਜਾ ਦੇਣ, ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਹਰਿਆਣਾ ਪੈਟਰਨ ਤੇ ਮਾਣ ਭੱਤਾ ਅਦਾ ਕਰਨ, ਐਨ ਜੀ ਓ ਅਧੀਨ ਕੰਮ ਕਰਦੀਆਂ ਵਰਕਰਾਂ ਤੇ ਹੈਲਪਰਾਂ ਮੁੱਖ ਵਿਭਾਗ ’ਚ ਲਿਆਦੀਆਂ ਜਾਣ, ਵਰਕਰ ਨੂੰ 500 ਰੁਪਏ ਤੇ ਹੈਲਪਰ ਨੂੰ 250 ਰੁਪਏ ਉਤਸ਼ਾਹਵਰਧਕ ਰਾਸ਼ੀ ਦੇਣ, ਪੀ ਐਮ ਵੀ ਵਾਈ ਦੇ 2017 ਤੋਂ ਬਕਾਏ ਜਾਰੀ ਕਰਨ, ਸਰਕਲ ਮੀਟਿੰਗ ਦਾ ਕਿਰਾਇਆ 200 ਰਪਏ ਅਦਾ ਕਰਨ, ਸਾਲ 2015 ’ਚ ਧੋਖਾਧੜੀ ਨਾਲ ਬਣੀਆਂ ਸੁਪਰਵਾਈਜ਼ਰਾਂ ਖਿਲਾਫ ਪੁਲਿਸ ਕੇਸ ਦਰਜ ਅਤੇ ਬਰਖਾਸਤ ਕਰਨ, ਬਾਲਣ ਦੀ ਰਾਸ਼ੀ ਇੱਕ ਰੁਪਿਆ ਅਦਾਇਗੀ, ਵਰਕਰਾਂ ਨੂੰ ਸਮਾਰਟ ਫੋਨ ਅਤੇ ਮਿੰਨੀ ਆਂਗਣਵਾੜੀ ਵਰਕਰ ਨੂੰ ਪੂਰੀ ਆਂਗਣਵਾੜੀ ਵਰਕਰ ਦਾ ਦਰਜਾ ਦੇਣ ਦੀ ਮੰਗ ਕੀਤੀ।