100 ਦਿਨ ਦੀ ਰੋਜ਼ਗਾਰ ਗਾਰੰਟੀ ਅਤੇ ਪੰਜ ਏਕੜ ਵਾਲੇ ਕਿਸਾਨਾਂ ਨੂੰ ਅਪਣੇ ਖੇਤ ਅੰਦਰ ਕੰਮ ਕਰਕੇ ਮਗਨਰੇਗਾ ਤਹਿਤ ਰੁਜ਼ਗਾਰ ਦੇਣ ਦੀ ਮੰਗ
ਭਵਾਨੀਗੜ੍ਹ (ਦਲਜੀਤ ਕੌਰ ਭਵਾਨੀਗੜ੍ਹ) ਡੈਮੋਕਰੇਟਿਕ ਮਨਰੇਗਾ ਫਰੰਟ ਪੰਜਾਬ ਵੱਲੋਂ ਆਪਣੀਆਂ ਮੰਗਾਂ ਦੀ ਪੂਰਤੀ ਲਈ 13 ਅਗਸਤ ਨੂੰ ਮੁੱਖ ਮੰਤਰੀ ਪੰਜਾਬ ਖਿਲਾਫ਼ ਪਟਿਆਲਾ ਵਿਖੇ ਕੀਤੇ ਜਾਣ ਵਾਲੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦੀਆਂ ਤਿਆਰੀਆਂ ਲਈ ਬਲਾਕ ਭਵਾਨੀਗੜ੍ਹ ਦੇ ਪਿੰਡਾਂ ਨਦਾਮਪੁਰ, ਹਰਦਿੱਤਪੁਰਾ, ਬਾਲਦ ਖੁਰਦ ਤੇ ਬਲਿਆਲ ਆਦਿ ‘ਚ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਅੰਦਰ ਮਨਰੇਗਾ ਤਹਿਤ 100 ਦਿਨ ਦੇ ਰੋਜ਼ਗਾਰ ਦੀ ਗਾਰੰਟੀ, ਪੰਜ ਏਕੜ ਵਾਲੇ ਕਿਸਾਨਾਂ ਨੂੰ ਅਪਣੇ ਖੇਤ ਅੰਦਰ ਕੰਮ ਕਰਕੇ ਮਗਨਰੇਗਾ ਤਹਿਤ ਰੁਜ਼ਗਾਰ ਹਾਸਲ ਕਰਨ, ਪਿੰਡਾਂ ਦੀ ਤਾਕਤ ਮਜਬੂਤ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਮੀਟਿੰਗ ਅੰਦਰ ਇਕੱਠ ਨੂੰ ਸੰਬੋਧਨ ਕਰਦਿਆਂ ਫਲਜੀਤ ਸਿੰਘ, ਹੰਸ ਰਾਜ ਭਵਾਨੀਗੜ੍ਹ, ਰਾਜ ਕੁਮਾਰ ਕਨਸੂਹਾ, ਸੁਨੀਤਾ ਰਾਣੀ ਅਤੇ ਲਖਵੀਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਤਕਰੀਬਨ 16 ਸਾਲ ਪਹਿਲਾਂ ਮਗਨਰੇਗਾ ਕਾਨੂੰਨ ਤਹਿਤ 100 ਦਿਨ ਦੇ ਰੋਜ਼ਗਾਰ ਦੀ ਗਾਰੰਟੀ ਦੇਣ ਦਾ ਕਾਨੂੰਨ ਬਣਾਇਆ ਅਤੇ 2013 ਅੰਦਰ 5 ਏਕੜ ਤੱਕ ਦੇ ਕਿਸਾਨਾਂ ਨੂੰ ਅਪਣੇ ਖੇਤ ਅੰਦਰ ਕੰਮ ਕਰਕੇ ਮਗਨਰੇਗਾ ਤਹਿਤ ਰੁਜ਼ਗਾਰ ਹਾਸਲ ਕਰਨ ਲਈ ਕਾਨੂੰਨ ਵਿੱਚ ਵਾਧਾ ਦਰਜ ਕੀਤਾ ਗਿਆ ਪਰੰਤੂ ਆਮ ਤੌਰ ਤੇ ਸਾਲ ਅੰਦਰ 100 ਦਿਨ ਦਾ ਰੋਜ਼ਗਾਰ ਕਿਤੇ ਵੀ ਹਾਸਲ ਨਹੀਂ ਹੋਇਆ ਅਤੇ ਪੰਜਾਬ ਅੰਦਰ 5 ਏਕੜ ਤੱਕ ਦੇ ਕਿਸਾਨਾਂ ਦੇ ਜਾਬ ਕਾਰਡ ਵੀ ਨਹੀਂ ਬਣਾਏ ਜਾਂਦੇ।ਮੰਗ ਅਧਾਰਿਤ ਲਿਖਤੀ ਤੌਰ ਤੇ ਕੰਮ ਲੈਣ, ਕੰਮ ਤੇ ਜਾਣ ਤੋਂ ਪਹਿਲਾਂ ਨਿਯੁਕਤੀ ਪੱਤਰ ਲੈਣ, ਕੰਮ ਨਾ ਦੇਣ ਦੀ ਸੂਰਤ ਵਿੱਚ ਬੇਰੋਜਗਾਰੀ ਭੱਤਾ ਹਾਸਲ ਕਰਨ ਅਤੇ ਕੰਮ ਦਾ ਮਿਹਨਤਾਨਾ 15 ਦਿਨਾਂ ਅੰਦਰ ਲੈਣ ਅਤੇ ਦੇਰੀ ਹੋਣ ਤੇ ਸਮੇਤ ਵਿਆਜ ਮਿਹਨਤਾਨਾ ਲੈਣ ਜਿਹੇ ਮੁੱਦਿਆਂ ਤੇ ਚਰਚਾ ਕੀਤੀ ਗਈ ਅਤੇ ਮਗਨਰੇਗਾ ਕਾਮਿਆਂ ਦੀਆਂ ਉਪਰੋਕਤ ਸਮੱਸਿਆਵਾਂ ਦੇ ਹੱਲ ਲਈ 13 ਅਗਸਤ 2021ਨੂੰ ਪਟਿਆਲਾ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਦੀ ਤਿਆਰੀ ਸਬੰਧੀ ਮਨਰੇਗਾ ਕਾਮਿਆਂ ਨੂੰ ਜਾਗਰੂਕ ਕਰਨ ਲਈ ਪਿੰਡ-ਪਿੰਡ ਮੀਟਿੰਗਾਂ ਕਰਨ ਦਾ ਫੈਸਲਾ ਕੀਤਾ।