ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ, ਫਰਿਜ਼ਨੋ (ਕੈਲੀਫੋਰਨੀਆ)
ਅਮਰੀਕੀ ਸਰਕਾਰ ਦੇ ਵਾਇਰਲ ਡਿਸੀਜ਼ ਦੇ ਮਾਹਰ ਡਾਕਟਰ ਐਂਥਨੀ ਫੌਸੀ ਨੇ ਐਤਵਾਰ ਨੂੰ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ (ਐਫ ਡੀ ਏ) ਇਸ ਮਹੀਨੇ ਦੇ ਅੰਤ ਤੱਕ ਕੋਰੋਨਾ ਵਾਇਰਸ ਵੈਕਸੀਨ ਨੂੰ ਪੂਰੀ ਪ੍ਰਵਾਨਗੀ ਦੇ ਦੇਵੇਗੀ। ਮੌਜੂਦਾ ਸਮੇਂ ਵਿੱਚ ਅਮਰੀਕਾ ‘ਚ ਕੋਰੋਨਾ ਵਾਇਰਸ ਤੋਂ ਸੁਰੱਖਿਆ ਪ੍ਰਦਾਨ ਕਰਨ ਲਈ ਐਫ ਡੀ ਏ ਨੇ ਫਾਈਜ਼ਰ, ਮੋਡਰਨਾ ਅਤੇ ਜੌਹਨਸਨ ਐਂਡ ਜੌਹਨਸਨ ਕੰਪਨੀ ਦੇ ਟੀਕਿਆਂ ਲਈ ਸਿਰਫ ਐਮਰਜੈਂਸੀ ਵਰਤੋਂ ਦੀ ਹੀ ਮਨਜ਼ੂਰੀ ਦਿੱਤੀ ਹੈ, ਪਰ ਏਜੰਸੀ ਵੱਲੋਂ ਜਲਦੀ ਹੀ ਫਾਈਜ਼ਰ ਨੂੰ ਪੂਰੀ ਤਰ੍ਹਾਂ ਵਰਤੋਂ ਲਈ ਮਨਜ਼ੂਰੀ ਦਿੱਤੇ ਜਾਣ ਦੀ ਉਮੀਦ ਹੈ। ਡਾਕਟਰ ਐਂਥਨੀ ਜੋ ਕਿ ਰਾਸ਼ਟਰਪਤੀ ਜੋਅ ਬਾਈਡੇਨ ਦੇ ਮੁੱਖ ਡਾਕਟਰੀ ਸਲਾਹਕਾਰ ਹਨ, ਨੇ ਕਿਹਾ ਕਿ ਵਾਇਰਸ ਦੇ ਫੈਲਣ ਨੂੰ ਰੋਕਣ ਵਿੱਚ ਸਹਾਇਤਾ ਲਈ ਵੈਕਸੀਨ ਦੇ ਪੂਰੇ ਅਧਿਕਾਰ ਦੀ ਬਹੁਤ ਜਰੂਰਤ ਹੈ। ਅਮਰੀਕਾ ਵਿੱਚ ਵਾਇਰਸ ਦੇ ਡੈਲਟਾ ਵੈਰੀਐਂਟ ਦੀ ਲਾਗ ਦੇ ਵਾਧੇ ਦੀਆਂ ਚਿੰਤਾਵਾਂ ਵਿੱਚ ਅਮਰੀਕੀ ਸਰਕਾਰ ਵੱਲੋਂ ਲੋਕਾਂ ਨੂੰ ਵੈਕਸੀਨ ਲਗਵਾਉਣ ਲਈ ਉਤਸ਼ਾਹਿਤ ਕਰਨ ਦੇ ਉਦੇਸ਼ ਲਈ ਯੋਜਨਾਵਾਂ ਵੀ ਬਣਾਈਆਂ ਜਾ ਰਹੀਆਂ ਹਨ। ਇਸਦੇ ਇਲਾਵਾ ਬਾਈਡੇਨ ਪ੍ਰਸ਼ਾਸਨ ਦੁਆਰਾ ਕੇਂਦਰੀ ਕਰਮਚਾਰੀਆਂ ਨੂੰ ਟੀਕਾਕਰਨ ਦਾ ਸਬੂਤ ਮੁਹੱਈਆ ਕਰਵਾਉਣ ਜਾਂ ਨਿਯਮਤ ਟੈਸਟਿੰਗ ਆਦਿ ਦੇ ਆਦੇਸ਼ਾਂ ਨੂੰ ਮਨਜੂਰੀ ਦਿੱਤੀ ਹੈ।
