10.2 C
United Kingdom
Saturday, April 19, 2025

More

    ਪੇਂਡੂ ਖੇਤ ਮਜ਼ਦੂਰਾਂ ਦੀਆਂ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਖੇ ਮੋਰਚੇ ਦੀ ਸ਼ੁਰੂਆਤ

    ਮਜ਼ਦੂਰਾਂ ਦੇ ਸਾਰੇ ਕਰਜ਼ੇ ਮੁਆਫ਼ ਕਰਨ, ਰੁਜ਼ਗਾਰ ਦੇਣ, ਰਿਹਾਇਸ਼ੀ ਪਲਾਟ ਦੇਣ, ਬਿਜਲੀ ਬਿੱਲ ਮੁਆਫ਼ ਕਰਨ ਅਤੇ ਕਿਰਤ ਕਾਨੂੰਨਾਂ ਵਿੱਚ ਕੀਤੀਆਂ ਸੋਧਾਂ ਨੂੰ ਰੱਦ ਕਰਨ ਦੀ ਮੰਗ

    ਪਟਿਆਲਾ (ਦਲਜੀਤ ਕੌਰ ਭਵਾਨੀਗੜ੍ਹ) ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ‘ਤੇ ਅਧਾਰਤ ਸਾਂਝਾ ਮਜ਼ਦੂਰ ਮੋਰਚਾ ਦੇ ਸੂਬਾਈ ਸੱਦੇ ਤਹਿਤ ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਪੇਂਡੂ ਅਤੇ ਖੇਤ ਮਜ਼ਦੂਰ ਪਰਿਵਾਰਾਂ ਵੱਲੋਂ ਮੁੱਖ ਮੰਤਰੀ ਦੇ ਸ਼ਾਹੀ ਸ਼ਹਿਰ ਪਟਿਆਲਾ ਦੀ ਪੁੱਡਾ ਗਰਾਉਂਡ ਵਿਖੇ ਮੋਰਚਾ ਆਰੰਭ ਕਰ ਦਿੱਤਾ ਗਿਆ ਹੈ। ਇਸ ਮੌਕੇ ਮੰਗਾਂ ਦੇ ਹੱਲ ਲਈ ਲਗਾਤਾਰ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ। ਜ਼ਿਕਰਯੋਗ ਹੈ ਕਿ ਚਿਰਾਂ ਤੋਂ ਲਟਕਦੀਆਂ ਮਜ਼ਦੂਰ ਮੰਗਾਂ ਦੇ ਹੱਲ ਲਈ 7 ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵੱਲੋਂ 9, 10 ਅਤੇ 11 ਅਗਸਤ ਨੂੰ ਪਟਿਆਲਾ ਦੀ ਪੁੱਡਾ ਗਰਾਉਂਡ ਵਿਖੇ ਮੋਰਚਾ ਲਗਾਉਣ ਅਤੇ ਮੁੱਖ ਮੰਤਰੀ ਦੀ ਰਿਹਾਇਸ਼ ਮੋਤੀ ਮਹਿਲ ਵੱਲ ਨੂੰ ਮਾਰਚ ਕੀਤੇ ਜਾਣ ਦਾ ਐਲਾਨ ਕੀਤਾ ਹੋਇਆ ਹੈ। ਮੋਰਚੇ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਪੇਂਡੂ ਅਤੇ ਖੇਤ ਮਜ਼ਦੂਰਾਂ ਨੇ ਸ਼ਮੂਲੀਅਤ ਕੀਤੀ। ਮੋਰਚਾ ਦਿਨ ਰਾਤ ਜਾਰੀ ਰਹੇਗਾ। ਸਾਂਝੇ ਮੋਰਚੇ ਦੇ ਆਗੂ ਅਤੇ ਦਿਹਾਤੀ ਮਜ਼ਦੂਰ ਸਭਾ ਦੇ ਦਰਸ਼ਨ ਨਾਹਰ, ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਤਰਸੇਮ ਪੀਟਰ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜੋਰਾ ਸਿੰਘ ਨਸਰਾਲੀ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਜਨਰਲ ਸਕੱਤਰ ਬਲਵੰਤ ਮੱਖੂ, ਪੰਜਾਬ ਖੇਤ ਮਜ਼ਦੂਰ ਸਭਾ ਦੀ ਜਨਰਲ ਸਕੱਤਰ ਦੇਵੀ ਕੁਮਾਰੀ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਆਗੂ ਬਲਜੀਤ ਸਿੰਘ ਤੇ ਬਿਮਲ ਕੌਰ ਤੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਸੂਬਾ ਪ੍ਰਧਾਨ ਭਗਵੰਤ ਸਮਾਉਂ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਸੂਬਾ ਕਾਂਗਰਸ ਸਰਕਾਰ ਵਲੋਂ ਚੋਣ ਵਾਅਦਿਆਂ ਨੂੰ ਅਮਲ ਵਿੱਚ ਲਾਗੂ ਕਰਨ ਦੀ ਥਾਂ ਇਹਨਾਂ ਤੋਂ ਮੁਕਰਨ ਖਿਲਾਫ਼ ਪੰਜਾਬ ਭਰ ਮਜ਼ਦੂਰਾਂ ਦੇ ਮਨਾਂ ਵਿੱਚ ਭਾਰੀ ਗੁੱਸਾ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਵੀ ਲੋਕ ਵਿਰੋਧੀ ਨੀਤੀਆਂ ਲਾਗੂ ਕਰਕੇ ਕਾਰਪੋਰੇਟ ਘਰਾਣਿਆਂ ਨੂੰ ਖੁਸ਼ ਕਰਨ ਦੇ ਰਾਹ ਪਈ ਹੋਈ ਹੈ। ਇਹਨਾਂ ਨੀਤੀਆਂ ਦੇ ਕਾਰਨ ਬੇਰੁਜ਼ਗਾਰੀ, ਅਰਧ ਬੇਰੁਜ਼ਗਾਰੀ ਦੇ ਚਲਦਿਆਂ ਮਜ਼ਦੂਰਾਂ ਦਾ ਜਿਊਣਾ ਦੁੱਭਰ ਹੋਇਆ ਪਿਆ ਹੈ। ਦੋ ਡੰਗ ਦਾ ਚੁੱਲਾ ਤੱਪਦਾ ਰੱਖਣ ਤੋਂ ਵੀ ਅਵਾਜ਼ਾਰ ਮਜ਼ਦੂਰ ਕਰਜ਼ਾ ਕੁੜਿੱਕੀ ਵਿੱਚ ਫਸੇ ਹੋਏ ਹਨ।  ਆਗੂਆਂ ਨੇ ਕਿਹਾ ਕਿ ਕਾਂਗਰਸੀ ਸਰਕਾਰ ਵੀ ਵਾਅਦੇ ਅਨੁਸਾਰ ਮਜ਼ਦੂਰਾਂ ਦੇ ਸਮੁੱਚੇ ਕਰਜ਼ੇ ਮੁਆਫ਼ ਕਰਨ, ਰੁਜ਼ਗਾਰ, ਰਿਹਾਇਸ਼ੀ ਪਲਾਟ ਦੇਣ, ਘਰੇਲੂ ਬਿਜਲੀ ਬਿੱਲ ਮੁਆਫ਼ ਕਰਨ ਸਮਾਜਿਕ ਜ਼ਬਰ ਤੋਂ ਨਿਜਾਤ ਦਿਵਾਉਣ ਆਦਿ ਤੋਂ ਅਸਫ਼ਲ ਸਿੱਧ ਹੋਈ ਹੈ। ਫਾਸ਼ੀਵਾਦੀ ਮੋਦੀ ਸਰਕਾਰ ਦੁਆਰਾ ਕਿਰਤ ਕਾਨੂੰਨਾਂ ਵਿੱਚ ਕੀਤੀਆਂ ਸੋਧਾਂ ਨੂੰ ਰੱਦ ਕਰਨ ਸੰਬੰਧੀ ਸੂਬਾ ਸਰਕਾਰ ਵਿਧਾਨ ਸਭਾ ਵਿੱਚ ਮਤਾ ਪਾਸ ਨਾ ਕਰਕੇ ਵੀ ਮਜ਼ਦੂਰਾਂ ਨਾਲ ਵਿਤਕਰੇਬਾਜ਼ੀ ਕਰ ਚੁੱਕੀ ਹੈ। ਉਨ੍ਹਾਂ ਕਿਹਾ ਕਿ ਪੇਂਡੂ ਅਤੇ ਖੇਤ ਮਜ਼ਦੂਰਾਂ ਪਾਸ ਆਪਣੀਆਂ ਮੰਗਾਂ ਮਸਲਿਆਂ ਦੇ ਹੱਲ ਸੰਘਰਸ਼ ਕਰਨ ਤੋਂ ਬਿਨ੍ਹਾਂ ਕੋਈ ਹੋਰ ਚਾਰਾ ਨਹੀਂ ਹੈ। ਇਸ ਮੌਕੇ ਮੋਰਚੇ ਦੇ ਸੂਬਾਈ ਆਗੂਆਂ ਮਹੀਪਾਲ ਬਠਿੰਡਾ, ਕਸ਼ਮੀਰ ਸਿੰਘ ਘੁੱਗਸ਼ੋਰ ਅਤੇ ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ, ਗੁਰਨਾਮ ਦਾਊਦ, ਲਸ਼ਮਣ ਸਿੰਘ ਸੇਵੇਵਾਲਾ, ਗੁਲਜ਼ਾਰ ਗੌਰੀਆਂ, ਕੁਲਵੰਤ ਸੇਲਬਰਾ, ਹਰਵਿੰਦਰ ਸੇਮਾ ਆਦਿ ਵੀ ਹਾਜ਼ਰ ਸਨ।

    Punj Darya

    LEAVE A REPLY

    Please enter your comment!
    Please enter your name here

    Latest Posts

    error: Content is protected !!