ਸੰਗਰੂਰ ਹਲਕੇ ਦੇ ਪਿੰਡਾਂ ’ਚ ਵੀ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ: ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਸਿੰਗਲਾ
ਸੰਗਰੂਰ (ਦਲਜੀਤ ਕੌਰ ਭਵਾਨੀਗੜ੍ਹ) ਲੋਕ ਨਿਰਮਾਣ ਅਤੇ ਸਕੂਲ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਘਰਾਚੋਂ ਵਿਖੇ 75 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਖੇਡ ਪਾਰਕ ਨੂੰ ਪਿੰਡ ਵਾਸੀਆਂ ਨੂੰ ਅਰਪਤ ਕੀਤਾ। ਇਸ ਮੌਕੇ ਬੋਲਦਿਆਂ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਸੰਗਰੂਰ ਦੇ ਪਿੰਡਾਂ ’ਚ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਹ ਵਚਨਬੱਧ ਹਨ ਤੇ ਇਸੇ ਕਵਾਇਦ ਤਹਿਤ ਹਲਕੇ ’ਚ ਮਿਆਰੀ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਘਰਾਚੋਂ ਵਿਖੇ ਤਿਆਰ ਕਰਵਾਏ ਗਏ ਖੇਡ ਪਾਰਕ ’ਚ ਵਾਲੀਬਾਲ ਤੇ ਬਾਸਕਟਬਾਲ ਕੋਰਟ, ਟਰੈਕ ਅਤੇ ਬੱਚਿਆਂ ਦੇ ਖੇਡਣ ਲਈ ਵੱਖਰੇ ਕੋਨੇ ਤੋਂ ਇਲਾਵਾ ਹੋਰ ਵੀ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ।
ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਘਰਾਚੋਂ ਵਿਖੇ ਇਹ ਪਾਰਕ ਬਣਾਉਣ ਲਈ ਵਾਧੂ ਪਈ 2 ਏਕੜ ਜਗਾ ਨੂੰ ਇਸ ਤਰੀਕੇ ਨਾਲ ਵਰਤਿਆ ਗਿਆ ਹੈ ਕਿ ਇੱਥੇ ਮੌਜੂਦ ਸੁਵਿਧਾਵਾਂ ਪਿੰਡ ਵਾਸੀਆਂ ਨੂੰ ਸਰੀਰਕ ਤੇ ਮਾਨਸਿਕ ਤੌਰ ’ਤੇ ਤੰਦਰੁਸਤ ਰਹਿਣ ਲਈ ਪ੍ਰੇਰਿਤ ਕਰਨਗੀਆਂ। ਉਨਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਵੱਲੋਂ ਤਿਆਰ ਕਰਵਾਏ ਗਏ ਇਸ ਪਾਰਕ ’ਚ ਹੋਰਨਾਂ ਸੁਵਿਧਾਵਾਂ ਦੇ ਨਾਲ-ਨਾਲ ਪਾਰਕਿੰਗ ਅਤੇ ਬੈਠਣ ਲਈ ਦੋ ਸ਼ੈੱਡ ਵੀ ਬਣਾਏ ਗਏ ਹਨ। ਉਨਾਂ ਦੱਸਿਆ ਕਿ ਇਹ ਨਮੂਨੇ ਦਾ ਪਾਰਕ ਬਣਾਇਆ ਗਿਆ ਹੈ ਅਤੇ ਇਸੇ ਤਰਜ਼ ’ਤੇ ਆਧਾਰਿਤ ਹੋਰਨਾਂ ਪਿੰਡਾਂ ’ਚ ਵੀ ਅਜਿਹੇ ਪਾਰਕ ਬਣਵਾਏ ਜਾ ਰਹੇ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪਿੰਡਾਂ ’ਚ ਸ਼ਹਿਰਾਂ ਵਰਗੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਗਲੀਆਂ ’ਚ ਇੰਟਰਲਾਕ ਟਾਈਲਾਂ ਲਗਵਾਉਣ ਤੋਂ ਇਲਾਵਾ ਪੱਕੀਆਂ ਫਿਰਨੀਆਂ, ਨਵੀਂਆਂ ਸੜਕਾਂ ਅਤੇ ਹੋਰਨਾਂ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨ ’ਤੇ ਜ਼ੋਰ ਦਿੱਤਾ ਗਿਆ ਹੈ। ਉਨਾਂ ਕਿਹਾ ਕਿ ਅੱਜ ਹਰ ਪਿੰਡ ’ਚ ਸਾਫ਼ ਪੀਣਯੋਗ ਪਾਣੀ ਦੀ ਉਪਲਬਧਤਾ ਯਕੀਨੀ ਬਣਾਈ ਗਈ ਹੈ ਅਤੇ ਗੰਦੇ ਪਾਣੀ ਦੀ ਯੋਗ ਨਿਕਾਸੀ ਲਈ ਛੱਪੜਾਂ ਦਾ ਨਵੀਨੀਕਰਨ ਕਰਵਾਇਆ ਗਿਆ ਹੈ। ਉਨਾਂ ਦੱਸਿਆ ਕਿ ਇਸਦੇ ਨਾਲ ਹੀ ਸਕੂਲਾਂ ਅਤੇ ਸਿਹਤ ਸੰਸਥਾਵਾਂ ਦੇ ਬੁਨਿਆਦੀ ਢਾਂਚੇ ’ਚ ਵੀ ਸੁਧਾਰ ਕੀਤਾ ਗਿਆ ਹੈ ਜਿਸਦੇ ਸਾਰਥਕ ਨਤੀਜੇ ਨਿਕਲ ਕੇ ਸਾਹਮਣੇ ਆ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਰਾਮਵੀਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਾਜਿੰਦਰ ਸਿੰਘ ਬੱਤਰਾ, ਐਸ.ਡੀ.ਐਮ. ਭਵਾਨੀਗੜ ਪਰਮੋਦ ਸਿੰਗਲਾ, ਐਕਸੀਅਨ ਵਿਪਿਨ ਬਾਂਸਲ, ਡੀ.ਐਸ.ਪੀ. ਪਰਮਿੰਦਰ ਸਿੰਘ, ਹਰਜਿੰਦਰ ਦਾਸ ਸੂਬਾ ਬਾਬਾ, ਸਾਬਕਾ ਪ੍ਰਧਾਨ ਗੁਰਦੀਪ ਸਿੰਘ ਘਰਾਚੋਂ, ਚੇਅਰਮੈਨ ਜ਼ਿਲਾ ਪ੍ਰੀਸ਼ਦ ਜਸਵੀਰ ਕੌਰ, ਸਰਪੰਚ ਪੱਪੂ ਰੋਸ਼ਨਵਾਲਾ, ਚੇਅਰਮੈਨ ਪਰਦੀਪ ਕੱਦ, ਵਾਇਸ ਚੇਅਰਮੈਨ ਹਰੀ ਸਿੰਘ ਫੱਗੂਵਾਲਾ, ਚੇਅਰਮੈਨ ਵਰਿੰਦਰ ਪੰਨਵਾ, ਰਣਜੀਤ ਸਿੰਘ ਤੂਰ, ਵਾਇਸ ਚੇਅਰਮੈਨ ਬਲਜੀਤ ਕੌਰ, ਪਰਮਜੀਤ ਸ਼ਰਮਾ, ਘਰਾਚੋਂ ਮਹਿਲਾ ਮੰਡਲ ਦੀ ਪ੍ਰਧਾਨ ਮਹਿੰਦਰ ਕੌਰ ਪੰਚਾਇਤ ਦੇ ਨੁਮਾਇੰਦੇ ਤੇ ਸੀਨੀਅਰ ਕਾਂਗਰਸੀ ਆਗੂ ਵੀ ਹਾਜ਼ਰ ਸਨ।
