ਪ੍ਰਸ਼ਾਸਨਿਕ ਅਧਿਕਾਰੀਆਂ ਨੇ ਕੀਤਾ ਡਾ. ਓਬਰਾਏ ਦਾ ਧੰਨਵਾਦ
ਅੰਮ੍ਰਿਤਸਰ,20 ਅਪ੍ਰੈਲ (ਰਾਜਿੰਦਰ ਰਿਖੀ)
ਦੁਬਈ ਦੇ ਨਾਂਮਵਰ ਕਾਰੋਬਾਰੀ ਅਤੇ ਉੱਘੇ ਸਮਾਜ ਸੇਵਕ ਡਾ.ਐੱਸ ਪੀ ਸਿੰਘ ਓਬਰਾਏ ਦੀ ਸਰਪ੍ਰਸਤੀ ਹੇਠ ਕਰੋਨਾ ਵਾਇਰਸ ਦੀ ਜਕੜ ‘ਚ ਆਈ ਮਨੁੱਖਤਾ ਲਈ ਨਿਰੰਤਰ ਸੇਵਾ ਕਾਰਜ ਕਰ ਰਹੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਅੱਜ ਅੰਮ੍ਰਿਤਸਰ ਪ੍ਰਸ਼ਾਸਨ ਨੂੰ 100 ਲੋੜਵੰਦ ਪਰਿਵਾਰਾਂ ਲਈ ਰਾਸ਼ਨ ਦਿੱਤਾ ਗਿਆ।


ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਟਰੱਸਟ ਦੀ ਅੰਮ੍ਰਿਤਸਰ ਇਕਾਈ ਦੇ ਪ੍ਰਧਾਨ ਸੁਖਜਿੰਦਰ ਸਿੰਘ ਹੇਰ,ਮੁੱਖ ਸਲਾਹਕਾਰ ਸੁਖਦੀਪ ਸਿੱਧੂ,ਜਨਰਲ ਸਕੱਤਰ ਮਨਪ੍ਰੀਤ ਸਿੰਘ ਸੰਧੂ,ਵਿੱਤ ਸਕੱਤਰ ਨਵਜੀਤ ਸਿੰਘ ਘਈ,ਮੀਤ ਪ੍ਰਧਾਨ ਸ਼ਿਸ਼ਪਾਲ ਸਿੰਘ ਲਾਡੀ ਅਤੇ ਜਗਦੇਵ ਸਿੰਘ ਅਾਦਿ ਨੇ ਦੱਸਿਆ ਕਿ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਬਾਨੀ ਡਾ.ਐੱਸ.ਪੀ. ਸਿੰਘ ਓਬਰਾਏ ਵੱਲੋਂ ਕਰੋਨਾ ਵਾਇਰਸ ਕਾਰਨ ਬੇਰੁਜ਼ਗਾਰ ਹੋਏ ਦਿਹਾੜੀਦਾਰ ਮਜ਼ਦੂਰਾਂ ਨੂੰ ਸੁੱਕਾ ਰਾਸ਼ਨ ਮੁਹੱਈਆ ਕਰਨ ਦੀ ਵਿੱਢੀ ਗਈ ਮੁਹਿੰਮ ਦੇ ਚਲਦਿਆਂ ਜ਼ਿਲ੍ਹਾ ਪ੍ਰਸ਼ਾਸਨ ਅੰਮ੍ਰਿਤਸਰ ਵੱਲੋਂ ਕੀਤੀ ਗਈ ਸੁੱਕੇ ਰਾਸ਼ਨ ਦੀ ਮੰਗ ਤਹਿਤ ਅੱਜ ਟਰੱਸਟ ਦੀ ਅੰਮ੍ਰਿਤਸਰ ਇਕਾਈ ਵੱਲੋਂ ਅੰਮ੍ਰਿਤਸਰ ਕਾਰਪੋਰੇਸ਼ਨ ਦੇ ਸੁਪਰਡੈਂਟ ਦਲਜੀਤ ਸਿੰਘ ਨੂੰ 100 ਪਰਿਵਾਰਾਂ ਲਈ ਸੁੱਕਾ ਰਾਸ਼ਨ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਡਾ.ਓਬਰਾਏ ਵੱਲੋਂ ਮਿਲੀਆਂ ਹਦਾਇਤਾਂ ਅਨੁਸਾਰ ਪ੍ਰਸ਼ਾਸਨ ਨੂੰ ਇਹ ਭਰੋਸਾ ਵੀ ਦਿੱਤਾ ਗਿਆ ਹੈ ਕਿ ਇਸ ਔਖੀ ਘੜੀ ਦੌਰਾਨ ਭਵਿੱਖ ‘ਚ ਵੀ ਟਰੱਸਟ ਪ੍ਰਸ਼ਾਸਨ ਦੀ ਹਰ ਤਰ੍ਹਾਂ ਨਾਲ ਮਦਦ ਕਰਨ ਲਈ ਤਿਆਰ ਰਹੇਗਾ।
ਸਰਬੱਤ ਦਾ ਭਲਾ ਟਰੱਸਟ ਵੱਲੋਂ ਪ੍ਰਸ਼ਾਸਨ ਨੂੰ ਭੇਜੇ ਗਏ ਰਾਸ਼ਨ ਤੇ ਆਪਣਾ ਪ੍ਰਤੀਕਰਮ ਦਿੰਦਿਆਂ ਪ੍ਰਸ਼ਾਸਨਿਕ ਅਧਿਕਾਰੀ ਸੰਦੀਪ ਰਿਸ਼ੀ ਅਤੇ ਐਸ.ਡੀ.ਐੱਮ. ਸ਼ਿਵਰਾਜ ਸਿੰਘ ਬੱਲ ਨੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਡਾ.ਐਸ.ਪੀ. ਸਿੰਘ ਓਬਰਾਏ ਦੀ ਅਗਵਾਈ ਹੇਠ ਮਨੁੱਖੀ ਜਾਨਾਂ ਬਚਾਉਣ ਵਾਸਤੇ ਕੀਤੇ ਜਾ ਰਹੇ ਸੇਵਾ ਕਾਰਜਾਂ ਦੀ ਭਰਪੂਰ ਸ਼ਲਾਘਾ ਕੀਤੀ ਹੈ।