4.6 C
United Kingdom
Sunday, April 20, 2025

More

    ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫਤਾਰ

    ਚੰਡੀਗੜ੍ਹ (ਪੰਜ ਦਰਿਆ ਬਿਊਰੋ) 

    ਇਸ ਖਬਰ ਨੂੰ ਪੰਜਾਬ ਦੇ ਸਿਆਸੀ ਗਲਿਆਰਿਆਂ ਵਿੱਚ ਵੀ ਭਖਵੀਂ ਚਰਚਾ ਮਿਲਣ ਦੀ ਸੰਭਾਵਨਾ ਹੈ ਕਿ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਅਤੇ ਇੱਕ ਹੋਰ ਐੱਫ.ਆਈ.ਆਰ. ਦੇ ਸਬੰਧ ਵਿੱਚ ਗ੍ਰਿਫਤਾਰ ਕੀਤਾ ਹੈ।ਬੇਸ਼ੱਕ ਇਸ ਸੰਬੰਧੀ ਹੋਰ ਵਧੇਰੇ ਜਾਣਕਾਰੀ ਜਲਦ ਹੀ ਨਸਰ ਹੋਣ ਦੀ ਸੰਭਾਵਨਾ ਹੈ ਪਰ ਵਿਜੀਲੈਂਸ ਦੇ ਇੱਕ ਉੱਚ ਅਧਿਕਾਰੀ ਨੇ ਦੱਸਿਆ ਕਿ ਸੈਣੀ ਖੁਦ ਰਾਤ 8 ਵਜੇ ਬਿਊਰੋ ਦੇ ਦਫ਼ਤਰ ਪਹੁੰਚੇ ਅਤੇ ਕਿਹਾ ਕਿ ਉਹ ਆਪਣੇ ਵਿਰੁੱਧ ਭ੍ਰਿਸ਼ਟਾਚਾਰ ਦੇ ਮਾਮਲੇ ਦੀ ਜਾਂਚ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ। ਅਧਿਕਾਰੀ ਨੇ ਕਿਹਾ ਕਿ ਬਾਅਦ ਵਿੱਚ ਪੁੱਛਗਿੱਛ ਦੌਰਾਨ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਦਾ ਫੈਸਲਾ ਕੀਤਾ ਗਿਆ। ਉਨ੍ਹਾਂ ਕਿਹਾ ਕਿ “ਉਨ੍ਹਾਂ ਦੀ ਗ੍ਰਿਫਤਾਰੀ ਤੋਂ ਬਾਅਦ ਕਾਨੂੰਨੀ ਪ੍ਰਕਿਰਿਆ ਜਾਰੀ ਹੈ। ਇਸ ਨਾਲ ਸਬੰਧਿਤ ਵੇਰਵੇ ਕੱਲ੍ਹ ਸਾਂਝੇ ਕੀਤੇ ਜਾ ਸਕਦੇ ਹਨ।”ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਸੁਮੇਧ ਸਿੰਘ ਸੈਣੀ ਨੇ ਹਾਈ ਕੋਰਟ ਨੂੰ ਅਪੀਲ ਕੀਤੀ ਸੀ ਕਿ ਵਿਜੀਲੈਂਸ ਨੂੰ ਉਨ੍ਹਾਂ ਵਿਰੁੱਧ ਨਵੀਂਆਂ ਧਾਰਾਵਾਂ ਅਧੀਨ ਕਾਰਵਾਈ ਤੋਂ ਰੋਕਿਆ ਜਾਵੇ ਪਰ ਹਾਈ ਕੋਰਟ ਨੇ ਅੱਗਿਓਂ ਉਨ੍ਹਾਂ ਨੂੰ ਝਾੜ ਪਾ ਦਿੱਤੀ ਸੀ ਜਿਸ ਕਾਰਨ ਸੈਣੀ ਨੂੰ ਆਪਣੀ ਅਰਜ਼ੀ ਵਾਪਸ ਲੈਣੀ ਪਈ ਸੀ। ਹਾਈ ਕੋਰਟ ਨੇ ਸੁਮੇਧ ਸਿੰਘ ਸੈਣੀ ਨੂੰ ਇਸ ਲਈ ਝਾੜ ਪਾਈ ਹੈ ਕਿਉਂਕਿ ਉਹ ਵਿਜੀਲੈਂਸ ਨੂੰ ਆਪਣੇ ਵਿਰੁੱਧ ਹੋ ਰਹੀ ਕਾਰਵਾਈ ਤੋਂ ਰੋਕਣਾ ਚਾਹੁੰਦੇ ਸਨ। ਉਹ ਇਸ ਗੱਲ ਤੋਂ ਦੁਖੀ ਸਨ ਕਿ ਵਿਜੀਲੈਂਸ ਉਨ੍ਹਾਂ ਨੂੰ ਦੱਸੇ ਬਿਨਾ ਹੀ ਨਵੀਂਆਂ ਧਾਰਾਵਾਂ ਅਧੀਨ ਉਨ੍ਹਾਂ ਵਿਰੁੱਧ ਕੇਸ ਦਰਜ ਕੀਤਾ। ਦਰਅਸਲ, ਸੁਮੇਧ ਸਿੰਘ ਸੈਣੀ ਨੂੰ ਅਦਾਲਤ ਨੇ ਜ਼ਮਾਨਤ ਤਾਂ ਦੇ ਦਿੱਤੀ ਸੀ ਪਰ ਉਦੋਂ ਧਾਰਾਵਾਂ ਹੋਰ ਸਨ। ਹੁਣ ਵਿਜੀਲੈਂਸ ਨੇ ਧਾਰਾਵਾਂ ਬਦਲ ਕੇ ਸੁਮੇਧ ਸਿੰਘ ਸੈਣੀ ਦੀ ਗ੍ਰਿਫ਼ਤਾਰੀ ਕਰ ਲਈ ਹੈ। ਇਸ ਗ੍ਰਿਫਤਾਰੀ ਦੀ ‘ਘਟਨਾ’ ਉਪਰੰਤ ਸਿਆਸੀ ਮੱਸ ਰੱਖਣ ਵਾਲੇ ਲੋਕਾਂ ਵਿੱਚ ਤਰ੍ਹਾਂ ਤਰ੍ਹਾਂ ਦੀ ਚੁੰਝ ਚਰਚਾ ਦਾ ਬਾਜ਼ਾਰ ਗਰਮ ਹੈ।

    PUNJ DARYA

    LEAVE A REPLY

    Please enter your comment!
    Please enter your name here

    Latest Posts

    error: Content is protected !!