ਵਿਧਾਨ ਸਭਾ ਸਮਾਗਮ ਦੌਰਾਨ ਲੱਖਾਂ ਮੁਲਾਜ਼ਮ ਅਤੇ ਪੈਨਸ਼ਨਰ ਚੰਡੀਗੜ੍ਹ ਵੱਲ ਕੂਚ ਕਰਨਗੇ: ਮੁਲਾਜ਼ਮ ਆਗੂ
ਕੈਪਟਨ ਸਰਕਾਰ ਮੁਰਦਾਬਾਦ ਦੇ ਨਾਅਰਿਆਂ ਨਾਲ ਗੂੰਜਿਆ ਕਸਬਾ ਭਵਾਨੀਗੜ੍ਹ
ਭਵਾਨੀਗੜ੍ਹ (ਦਲਜੀਤ ਕੌਰ ਭਵਾਨੀਗੜ੍ਹ) ਕੈਪਟਨ ਸਰਕਾਰ ਵੱਲੋਂ ਚੋਣਾਂ ਤੋਂ ਪਹਿਲਾਂ ਕੀਤੇ ਵਾਅਦਿਆਂ ਮੁਤਾਬਿਕ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਦੇ ਹੱਲ ਲਈ ਅੱਜ ‘ਪੰਜਾਬ-ਯੂ.ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫਰੰਟ’ ਦੀ ਅਗਵਾਈ ਵਿੱਚ ਭਵਾਨੀਗੜ੍ਹ ਤਹਿਸੀਲ ਦੇ ਸੈਂਕੜੇ ਮੁਲਾਜ਼ਮਾਂ ਵੱਲੋਂ ਸਥਾਨਕ ‘ਸ਼ਹੀਦ ਭਗਤ ਸਿੰਘ ਚੌਂਕ’ ਭਵਾਨੀਗੜ੍ਹ ਵਿਖੇ ਸੂਬਾ ਸਰਕਾਰ ਖਿਲਾਫ਼ ਤਿੱਖੀ ਨਾਅਰੇਬਾਜ਼ੀ ਕਰਦਿਆਂ ਰੋਸ਼ ਰੈਲੀ ਕਰਕੇ ਪੰਜਾਬ ਸਰਕਾਰ ਦੀ ਅਰਥੀ ਫੂਕੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਮੁਲਾਜ਼ਮ ਆਗੂਆਂ ਰਘਵੀਰ ਸਿੰਘ ਭਵਾਨੀਗੜ੍ਹ, ਕੰਵਲਜੀਤ ਸਿੰਘ, ਬਲਦੇਵ ਸਿੰਘ, ਗੁਰਜੰਟ ਸਿੰਘ, ਪ੍ਰੇਮ ਕੁਮਾਰ, ਹਰਪ੍ਰੀਤ ਸਿੰਘ, ਅਮਨ ਵਿਸ਼ਿਸ਼ਟ, ਸ੍ਰੀ ਗੋਪਾਲ ਕ੍ਰਿਸ਼ਨ ਅਤੇ ਕਰਮਜੀਤ ਨਦਾਮਪੁਰ ਨੇ ਕਿਹਾ ਕਿ ਮੁਲਾਜਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਮੰਨਣ ਦੀ ਬਜਾਏ ਪੰਜਾਬ ਸਰਕਾਰ ਵੱਲੋਂ ਆਪਣਾ ਅੜੀਅਲ ਵਤੀਰਾ ਅਪਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁਲਾਜ਼ਮ ਲੰਮੇ ਸਮੇਂ ਤੋਂ ਛੇਵੇਂ ਤਨਖਾਹ ਕਮਿਸ਼ਨ ਵਿੱਚ ਤਰਕਸੰਗਤ ਸੋਧਾਂ ਕਰਵਾਉਣ, ਸਮੂਹ ਕੱਚੇ ਤੇ ਠੇਕਾ ਮੁਲਾਜ਼ਮਾਂ ਨੂੰ ਵਿਭਾਗੀ ਪੋਸਟਾਂ ‘ਤੇ ਰੈਗੂਲਰ ਕਰਵਾਉਣ, ਵੱਖ-ਵੱਖ ਵਿਭਾਗਾਂ ਅੰਦਰ ਕੰਮ ਕਰਦੇ ਮਾਣ ਭੱਤਾ ਵਰਕਰਾਂ ‘ਤੇ ਘੱਟੋ-ਘੱਟ ਉਜ਼ਰਤਾਂ ਕਾਨੂੰਨ ਲਾਗੂ ਕਰਵਾਉਣ, ਐੱਨ.ਪੀ.ਐੱਸ. ਮੁਲਾਜ਼ਮਾਂ ‘ਤੇ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਵਾਉਣ, ਮਹਿੰਗਾਈ ਭੱਤੇ ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਵਾਉਣ, 17 ਜੁਲਾਈ 2020 ਤੋਂ ਬਾਅਦ ਵਾਲੇ ਮੁਲਾਜ਼ਮਾਂ ‘ਤੇ ਕੇੰਦਰੀ ਤਨਖਾਹ ਸਕੇਲਾਂ ਦੀ ਬਜਾਏ ਪੰਜਾਬ ਦੇ ਸਕੇਲ ਲਾਗੂ ਕਰਵਾਉਣ ਅਤੇ ਪੁਨਰਗਠਨ ਦੇ ਨਾਂ ਹੇਠ ਵੱਖ-ਵੱਖ ਵਿਭਾਗਾਂ ਅੰਦਰ ਕੀਤੇ ਜਾ ਰਹੇ ਅਸਾਮੀਆਂ ਦੇ ਖਾਤਮੇ ਨੂੰ ਰੁਕਵਾਉਣ ਲਈ ਸੰਘਰਸ਼ ਕਰ ਰਹੇ ਹਨ ਅਤੇ ਇਹ ਸੰਘਰਸ਼ ਦਿਨੋਂ ਦਿਨ ਤਿੱਖਾ ਰੂਪ ਧਾਰਨ ਕਰਦਾ ਜਾ ਰਿਹਾ ਹੈ। ਉਨ੍ਹਾਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਕੱੱਲ ਮਿਤੀ 26 ਅਗਸਤ ਨੂੰ ਹੋਣ ਵਾਲੀ ਕੈਬਨਿਟ ਦੀ ਮੀਟਿੰਗ ਵਿੱਚ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਆਉਣ ਵਾਲੇ ਦਿਨਾਂ ਵਿਚ ਵੱਡੇ ਸੰਘਰਸ਼ ਉਲੀਕੇ ਜਾਣਗੇ, ਸਮੁੱਚਾ ਮੁਲਾਜ਼ਮ ਵਰਗ ਆਪਣਾ ਆਪਣਾ ਕੰਮ ਠੱਪ ਕਰ ਕੇ ਸਡ਼ਕਾਂ ਤੇ ਉਤਰਨ ਲਈ ਮਜਬੂਰ ਹੋਵੇਗਾ ਅਤੇ ਅਗਲੇ ਮਹੀਨੇ ਆ ਰਹੇ ਵਿਧਾਨ ਸਭਾ ਸਮਾਗਮ ਦੇ ਦੂਜੇ ਦਿਨ ਇੱਕ ਲੱਖਾਂ ਮੁਲਾਜ਼ਮ ਅਤੇ ਪੈਨਸ਼ਨਰ ਚੰਡੀਗੜ੍ਹ ਵੱਲ ਕੂਚ ਕਰਨ ਲਈ ਮਜ਼ਬੂਰ ਹੋਣਗੇ, ਜਿਸ ਦੇ ਨਿਕਲਣ ਵਾਲੇ ਨਤੀਜਿਆਂ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਕੰਵਰਜੀਤ ਸਿੰਘ, ਏਕਮ ਸਿੰਘ, ਇੰਦਰਪਾਲ ਸਿੰਘ, ਧਰਮਿੰਦਰ ਪਾਲ, ਜਤਿੰਦਰ ਸਿੰਘ, ਗੁਰਤੇਜ ਸਿੰਘ ਬਾਲਦ, ਇੰਦਰਜੀਤ ਸਿੰਘ, ਦਵਿੰਦਰ ਸਿੰਘ, ਹਰਵਿੰਦਰ ਸਿੰਘ, ਜਤਿੰਦਰ ਸਿੰਘ ਸੱਗੂ, ਦਲਜੀਤ ਸਿੰਘ, ਰਾਜਿੰਦਰ ਸਿੰਘ, ਬਲਕਾਰ ਸਿੰਘ, ਨਿਰਮਲ ਸਿੰਘ, ਬਲਵਿੰਦਰ ਸਿੰਘ, ਮਨਦੀਪ ਸਿੰਘ, ਹਰਜੀਤ ਸਿੰਘ, ਤਰਲੋਚਨ ਸਿੰਘ ਆਦਿ ਸੈਂਕੜੇ ਮੁਲਾਜ਼ਮ ਤੇ ਪੈਨਸ਼ਨਰ ਆਗੂ ਸ਼ਾਮਲ ਸਨ।