ਚੰਡੀਗੜ੍ਹ (ਦਲਜੀਤ ਕੌਰ ਭਵਾਨੀਗੜ੍ਹ) ਪੰਜਾਬ ਸਰਕਾਰ ਨੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਕਰਨ ਦੀ ਕਵਾਇਦ ਸ਼ੁਰੂ ਕਰ ਦਿੱਤੀ ਹੈ। ਅੱਜ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵੱਲੋਂ ਵੱਖ-ਵੱਖ ਸ਼੍ਰੇਣੀਆਂ ਦੇ ਵੱਖ-ਵੱਖ ਭੱਤਿਆਂ ਸਬੰਧੀ ਨੋਟੀਫਿਕੇਸ਼ਨਾਂ ਜਾਰੀ ਕਰ ਦਿੱਤੇ ਗਏ ਹਨ। ਇਨ੍ਹਾਂ ਨੋਟੀਫਿਕੇਸ਼ਨਾਂ ਵਿੱਚ ਸਕੱਤਰੇਤ ਦੇ ਮੁਲਾਜ਼ਮਾਂ ਦੇ ਭੱਤੇ ਲੱਗਭਗ ਦੁੱਗਣੇ ਕਰ ਦਿੱਤੇ ਹਨ। ਇਸ ਤੋਂ ਇਲਾਵਾ ਆਉਂਣ-ਜਾਣ ਦਾ ਭੱਤਾ ਦੁੱਗਣਾ ਕਰ ਦਿੱਤਾ ਹੈ। ਸਮੂਹ ਮੁਲਾਜ਼ਮਾਂ ਦਾ ਮੋਬਾਇਲ ਭੱਤਾ ਵੀ ਲੱਗਭਗ ਦੁੱਗਣਾ ਕਰ ਦਿੱਤਾ ਗਿਆ ਹੈ। ਪੰਜਾਬ ਦੇ ਚੌਕੀਦਾਰਾਂ ਦਾ ਮਾਣ ਭੱਤਾ ਜੋ ਪਹਿਲਾਂ 400 ਰੁਪਏ ਪ੍ਰਤੀ ਮਹੀਨਾ ਸੀ ਉਸ ਤੋਂ ਵਧਾ ਕੇ 800 ਰੁਪਏ ਪ੍ਰਤੀ ਮਹੀਨਾ ਕਰਕੇ ਦੁੱਗਣਾ ਕਰ ਦਿੱਤਾ ਹੈ। ਇਸ ਤੋਂ ਇਲਾਵਾ ਪੰਜਾਬ ਸਕੱਤਰੇਤ ਵਿੱਚ ਕੰਮ ਕਰਦੇ ਸਰਕਾਰੀ ਕਰਮਚਾਰੀਆਂ ਦੀ ‘ਸਕੱਤਰੇਤ ਤਨਖਾਹ’ ਦੁੱਗਣੀ ਕਰ ਦਿੱਤੀ ਹੈ। ਇਹ ਫ਼ੈਸਲਾ 6ਵੇਂ ਪੰਜਾਬ ਤਨਖਾਹ ਕਮਿਸ਼ਨ ਦੀ ਸਿਫਾਰਸ਼ ਅਨੁਸਾਰ ਲਿਆ ਗਿਆ ਹੈ। ਕਰਮਚਾਰੀਆਂ ਲਈ ਸਕੱਤਰੇਤ ਤਨਖ਼ਾਹ ਦੇ ਸੰਬੰਧ ਵਿੱਚ ਹੋਰ ਮੌਜੂਦਾ ਨਿਯਮ ਅਤੇ ਸ਼ਰਤਾਂ ਲਾਗੂ ਰਹਿਣਗੀਆਂ। ਇਹ ਲਾਭ 1 ਜੁਲਾਈ, 2021 ਤੋਂ ਲਾਗੂ ਹੋਣਗੇ।
