ਸੰਗਰੂਰ (ਦਲਜੀਤ ਕੌਰ ਭਵਾਨੀਗੜ੍ਹ) ਪਿਛਲੇ ਲੰਬੇ ਸਮੇਂ ਤੋਂ ਆਪਣੇ ਰੁਜ਼ਗਾਰ ਦੀ ਮੰਗ ਨੂੰ ਲੈ ਕੇ ਪੰਜਾਬ ਸਰਕਾਰ ਅਤੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਖਿਲਾਫ਼ ਤਿੱਖਾ ਸੰਘਰਸ਼ ਕਰ ਰਹੇ ਬੇਰੁਜਗਾਰ ਬੀ. ਐਡ. ਟੈਟ ਪਾਸ ਅਧਿਆਪਕ 12 ਸਤੰਬਰ ਨੂੰ ਮੁੱਖ ਮੰਤਰੀ ਦੇ ਸ਼ਹਿਰ ਪਟਿਆਲੇ ਵਿਖੇ ਰੋਸ਼ ਰੈਲੀ ਕਰਕੇ ਮੁੱਖ ਮੰਤਰੀ ਦੇ ਨਿਵਾਸ ਸਥਾਨ ਮੋਤੀ ਮਹਿਲ ਦਾ ਘਿਰਾਓ ਕਰਨਗੇ। ਜਿਕਰਯੋਗ ਹੈ ਕਿ ਬੇਰੁਜ਼ਗਾਰ ਪਿਛਲੇ ਲੰਮੇ ਸਮੇਂ ਤੋਂ ਰੁਜ਼ਗਾਰ ਪ੍ਰਾਪਤੀ ਲਈ ਸੰਘਰਸ਼ ਕਰ ਰਹੇ ਹਨ ਅਤੇ ਇਸ ਸੰਬੰਧੀ ਪੰਜਾਬ ਸਰਕਾਰ ਨਾਲ ਅਨੇਕਾਂ ਮੀਟਿੰਗਾਂ ਵੀ ਹੋ ਚੁੱਕੀਆਂ ਹਨ ਪਰੰਤੂ ਕਿਸੇ ਵੀ ਮੀਟਿੰਗ ‘ਚ ਬੇਰੁਜ਼ਗਾਰਾਂ ਦੀ ਰੁਜ਼ਗਾਰ ਸੰਬੰਧੀ ਮੰਗ ਦਾ ਹੱਲ ਨਹੀਂ ਕੀਤਾ ਗਿਆ। ਬੇਰੁਜ਼ਗਾਰ ਬੀ.ਐਡ ਟੈੱਟ ਪਾਸ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਢਿੱਲਵਾਂ ਨੇ ਕਿਹਾ ਪੰਜਾਬ ਸਰਕਾਰ ਘਰ ਘਰ ਨੌਕਰੀ ਦੇ ਵਾਅਦੇ ਤੋਂ ਭੱਜ ਚੁੱਕੀ ਹੈ। ਇਸ ਸੰਬੰਧੀ ਬੇਰੁਜ਼ਗਾਰਾਂ ਦੀਆਂ ਜਿੰਨ੍ਹੀਆਂ ਵੀ ਪੰਜਾਬ ਸਰਕਾਰ ਨਾਲ ਮੀਟਿੰਗਾਂ ਹੋਈਆਂ ਹਨ ਇਨ੍ਹਾਂ ਹੋਈਆਂ ਮੀਟਿੰਗਾਂ ਵਿੱਚ ਬੇਰੁਜ਼ਗਾਰਾਂ ਨੂੰ ਲਾਰਿਆਂ ਤੋਂ ਬਿਨਾਂ ਕੁਝ ਵੀ ਨਹੀਂ ਮਿਲਿਆ ਹੈ। ਇਸ ਲਈ ਸਰਕਾਰ ਦੇ ਇਨ੍ਹਾਂ ਝੂਠੇ ਲਾਰਿਆਂ ਤੋਂ ਅੱਕ ਕੇ ਬੇਰੁਜ਼ਗਾਰ ਮਨੀਸ਼ ਫਾਜ਼ਿਲਕਾ 21 ਅਗਸਤ ਤੋਂ ਟੈਂਕੀ ਤੇ ਡਟਿਆ ਹੋਇਆ ਹੈ। ਉਨ੍ਹਾਂ ਕਿਹਾ ਕਿ 12 ਸਤੰਬਰ ਨੂੰ ਪਟਿਆਲੇ ਵਿਖੇ ਬੇਰੁਜ਼ਗਾਰਾਂ ਵੱਲੋਂ ਮੋਤੀ ਮਹਿਲ ਦਾ ਘਿਰਾਓ ਕੀਤਾ ਜਾਵੇਗਾ ਅਤੇ ਜਦੋਂ ਤੱਕ ਬੇਰੁਜ਼ਗਾਰਾਂ ਦੀਆਂ ਸਾਰੀਆਂ ਮੰਗਾਂ ਸਰਕਾਰ ਦੁਆਰਾ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ ਤਦ ਤੱਕ ਸੰਘਰਸ਼ ਜਾਰੀ ਰਹੇਗਾ। ਉਧਰ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਸ਼ਹਿਰ ਸੰਗਰੂਰ ‘ਚ ਸਿਵਲ ਹਸਪਤਾਲ ਵਾਲੇ ਟੈੰਕੀ ਤੇ ਬੀ.ਐਡ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਮੁਨੀਸ਼ ਫਾਜ਼ਿਲਕਾ 20ਵੇੰ ਦਿਨ ਵੀ ਲਗਾਤਾਰ ਟੈਂਕੀ ਤੇ ਡਟਿਆ ਹੋਇਆ ਹੈ। ਇਸ ਸਮੇਂ ਅਮਨ ਸੇਖਾ, ਸੰਦੀਪ ਸਿੰਘ, ਗਗਨਦੀਪ ਕੌਰ,ਪ੍ਰਿਤਪਾਲ ਕੌਰ, ਗੁਰਪ੍ਰੀਤ ਕੌਰ, ਨਰਿੰਦਰ ਸਿੰਘ, ਮੱਖਣ ਸੇਰੋਂ, ਅਵਤਾਰ ਸਿੰਘ, ਮਨਦੀਪ ਸਿੰਘ, ਮਨਪ੍ਰੀਤ ਸਿੰਘ, ਅਮਰੀਕ ਸਿੰਘ, ਲਖਵੀਰ ਕੌਰ, ਅਮਰਜੀਤ, ਗੁਰਸਿਮਰਤ, ਸ਼ੰਦੀਪ ਕੌਰ, ਸੁਖਵਿੰਦਰ ਸਿੰਘ, ਰਣਬੀਰ ਸਿੰਘ, ਜਸਪਾਲ ਸਿੰਘ, ਕੁਲਵੰਤ ਸਿੰਘ ਆਦਿ ਹਾਜ਼ਰ ਸਨ।
