ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਦਾ ਧਰਨਾ 182ਵੇਂ ਦਿਨ ’ਚ ਦਾਖਲ
ਸੰਗਰੂਰ (ਦਲਜੀਤ ਕੌਰ ਭਵਾਨੀਗੜ੍ਹ) ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਸੀਟੂ ਵੱਲੋਂ ਸੰਗਰੂਰ ਵਿਖੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਕੋਠੀ ਸਾਹਮਣੇ ਪੱਕਾ ਮੋਰਚਾ 182ਦਿਨ ਵਿੱਚ ਸ਼ਾਮਿਲ ਹੋ ਗਿਆ। ਅੱਜ ਦੇ ਧਰਨੇ ਵਿੱਚ ਬਲਾਕ ਜਗਰਾਵਾਂ ਦੇ ਦੋ ਸਰਕਲ ਰੂਮੀ ਤੇ ਚੋਕੀਮਾਨ ਸ਼ਾਮਿਲ ਹੋਏ। ਇਸ ਮੌਕੇ ਸੂਬਾ ਸੈਕਟਰੀ ਸੁਭਾਸ਼ ਰਾਣੀ, ਜਸਵਿੰਦਰ ਕੌਰ ਸੂਬਾ ਆਹੁਦੇਦਾਰ, ਚਰਨਜੀਤ ਕੌਰ ਮਾਨਸਾ ਵਰਕਿੰਗ ਕਮੇਟੀ, ਪ੍ਰਤਿਭਾ ਬਠਿੰਡਾ ਵਰਕਿੰਗ ਕਮੇਟੀ ਨੇ ਕਿਹਾ ਕਿ ਕੇਂਦਰ ਤੋਂ ਵੀ ਪਹਿਲ ਕਦਮੀ ਕਰ ਪੰਜਾਬ ਸਰਕਾਰ ਨੇ 2017 ਵਿੱਚ ਪ੍ਰੀ ਪ੍ਰਾਇਮਰੀ ਜਮਾਤਾਂ ਸ਼ੁਰੂ ਕੀਤੀਆਂ ਗਈਆਂ ਸੀ। ਜਿਸ ਨਾਲ ਆਈ.ਸੀ.ਡੀ.ਐਸ ਸਕੀਮ ਨੂੰ ਖਾਤਮੇ ਵੱਲ ਧੱਕਿਆ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ 3 ਤੋਂ 6 ਸਾਲ ਦੇ ਬੱਚਿਆਂ ਨੂੰ ਮੁੜ ਆਂਗਣਵਾੜੀਆਂ ਦੀਆਂ ਰੌਣਕਾਂ ਬਣਾਉਣ ਲਈ ਸੰਘਰਸ਼ ਨੂੰ ਤਿੱਖਾ ਕਰਦੇ ਹੋਏ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਕੋਠੀ ਸੰਗਰੂਰ ਵਿਖੇ ਪੱਕਾ ਮੋਰਚਾ ਲਾਇਆ ਗਿਆ ਕਿਉਂਕਿ 27 ਨਵੰਬਰ 2017 ਤੋਂ ਲੈੈਕੇ ਪਿਛਲੇ ਤਿੰਨ ਸਾਲਾਂ ਤੋਂ ਸਾਂਝਾਫ਼ੈਸਲਾ ਹੋੋਣ ਦੇ ਬਾਵਜੂਦ ਸਿੱਖਿਆ ਵਿਭਾਗ ਵੱਲੋਂ ਹੇਠਲੇ ਪੱਧਰ ’ਤੇ ਲਾਗੂ ਨਹੀਂ ਕੀਤਾ ਗਿਆ। ਪਿਛਲੇ ਸਮੇ ਵਿੱਚ ਯੂਨੀਅਨ ਨੁਮਾਇੰਦਿਆਂ ਅਤੇ ਸਿੱਖਿਆ ਮੰਤਰੀ ਵਿਚਾਲੇ ਹੋਈ ਬੈਠਕ ਵਿਚ ਹੱਲ ਦਾ ਭਰੋਸਾ ਦਿੱਤਾ ਗਿਆ ਸੀ। ਪਰ ਲੰਮਾ ਸਮਾਂ ਬੀਤਣ ਦੇ ਬਾਅਦ ਵੀ ਜਿਉਂ ਦੇ ਤਿਉਂ ਹਨ। ਜਿਸ ਨੂੰ ਲੈ ਕੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਿੱਚ ਭਾਰੀ ਰੋਸ਼ ਹੈ। ਉਨ੍ਹਾਂ ਕਿਹਾ ਕਿ ਵਰਕਰਾਂ ਹੈਲਪਰਾਂ ਨਾਲ ਹੋ ਰਹੀ ਬੇਇਨਸਾਫ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਯੂਨੀਅਨ ਮੰਗ ਕਰਦੀ ਹੈ ਕਿ ਪ੍ਰੀ ਪ੍ਰਾਇਮਰੀ ਕਲਾਸਾਂ ਆਈਸੀਡੀਐੱਸ ਦਾ ਅਨਿੱਖੜਵਾਂ ਅੰਗ ਹਨ ਅਤੇ ਤਿੰਨ ਤੋਂ ਛੇ ਸਾਲ ਦੇ ਬੱਚੇ ਆਂਗਣਵਾੜੀ ਕੇਂਦਰ ਦਾ ਸ਼ਿੰਗਾਰ ਹਨ ਇਸ ਲਈ ਤਿੰਨ ਤੋਂ ਛੇ ਸਾਲ ਦੇ ਬੱਚਿਆਂ ਦਾ ਦਾਖਲਾ ਆਂਗਣਵਾੜੀ ਕੇਂਦਰ ਵਿਚ ਯਕੀਨੀ ਬਣਾਇਆ ਜਾਵੇ। ਆਂਗਣਵਾੜੀ ਵਰਕਰਾਂ ਤੋਂ ਵਾਧੂ ਕੰਮ ਲੈਣੇ ਬੰਦ ਕੀਤੇ ਜਾਣ, ਪਿਛਲੇ ਦੋ ਸਾਲਾਂ ਤੋਂ ਬਕਾਇਆ ਪਏ ਆਂਗਨਵਾੜੀ ਬਿਲਡਿੰਗਾਂ ਦੇ ਕਿਰਾਏ ਤੁਰੰਤ ਜਾਰੀ ਕੀਤੇ ਜਾਣ, ਆਂਗਣਵਾੜੀ ਸੈਂਟਰਾਂ ਵਿਚ ਆਂਗਣਵਾੜੀ ਵਰਕਰਾਂ ਹੈਲਪਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਤੁਰੰਤ ਭਰਤੀ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੀਆਂ ਮੰਗਾਂ ਦੀ ਪ੍ਰਾਪਤੀ ਤੱਕ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਦੇ ਘਰ ਅੱਗੇ ਪੱਕਾ ਮੋਰਚਾ ਚਲੇਗਾ। ਅੱਜ ਦੇ ਧਰਨੇ ’ਚ ਕਿਰਨਾ ਮੈਦੇਵਾਸ, ਬਚਨ ਕੌਰ ਮਾਨ, ਹਰਦੇਵ ਕੌਰ ਬਲਵਿੰਦਰ ਕੌਰ, ਬਲਜੀਤ ਕੌਰ ਪਰਮਿੰਦਰ ਕੌਰ ਆਦਿ ਸ਼ਾਮਲ ਸਨ।
