ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਅਤੇ ਮਾਣ ਭੱਤਾ ਵਰਕਰਾਂ ਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਕਰਨ ਦੀ ਮੰਗ
ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਦੀ ਰਿਹਾਇਸ਼ ਤੱਕ ਕੀਤਾ ਰੋਸ ਮਾਰਚ
ਪਟਿਆਲਾ (ਦਲਜੀਤ ਕੌਰ ਭਵਾਨੀਗੜ੍ਹ) ਕੈਪਟਨ ਸਰਕਾਰ ਵੱਲੋਂ ਮੁਲਾਜ਼ਮ ਮੰਗਾਂ ਪੂਰੀਆਂ ਨਾਂ ਕੀਤੇ ਜਾਣ ਦੇ ਰੋਸ ਵਜੋੰ ਅੱਜ ਪੰਜਾਬ ਦੇ ਕੋਨੇ ਕੋਨੇ ਵਿੱਚੋਂ ਪੁੱਜੇ ਵੱਖ-ਵੱਖ ਮਹਿਕਮਿਆਂ ਦੇ ਕੱਚੇ ਮੁਲਾਜ਼ਮਾਂ ਅਤੇ ਮਾਣ-ਭੱਤਾ ਵਰਕਰਾਂ ਵੱਲੋਂ ‘ਮਾਣ-ਭੱਤਾ, ਕੱਚਾ ਤੇ ਕੰਟਰੈਕਟ ਮੁਲਾਜ਼ਮ ਮੋਰਚੇ ਵੱਲੋਂ ਪਟਿਆਲਾ ਵਿੱਚ ਤਿੰਨ ਦਿਨਾਂ ਦਾ ਮੋਰਚਾ ਸ਼ੁਰੂ ਕੀਤਾ ਗਿਆ ਹੈ। ਮੋਰਚੇ ਦੇ ਪਹਿਲੇ ਦਿਨ ਮੁਲਾਜ਼ਮਾਂ ਵੱਲੋਂ ਤ੍ਰਿਪੜੀ ਦੇ ਬਾਜਾਰ ਵਿੱਚੋਂ ਗੁਜਰਦਿਆਂ ਮੰਡੀਕਰਨ ਬੋਰਡ ਦੇ ਚੇਅਰਮੈਨ ਅਤੇ ਸੀਨੀਅਰ ਕਾਂਗਰਸ ਆਗੂ ਲਾਲ ਸਿੰਘ ਦੀ ਕੋਠੀ ਤੱਕ ਰੋਸ ਮਾਰਚ ਕਰਦਿਆਂ ਜੋਰਦਾਰ ਨਾਅਰੇਬਾਜੀ ਕੀਤੀ ਗਈ।ਜਿਕਰਯੋਗ ਹੈ ਕਿ ਇਹਨਾਂ ਮੁਲਾਜ਼ਮਾਂ ਵੱਲੋਂ ਜੰਗਲਾਤ ਵਰਕਰਾਂ, ਅੈੱਨ.ਅੈੱਚ. ਅੈੱਮ ਵਿੱਚ ਕੰਮ ਕਰਦੀਆਂ ਸਟਾਫ਼ ਨਰਸਾਂ, ਕੰਟਰੈਕਟ ਮਲਟੀਪਰਪਜ਼ ਹੈਲਥ ਵਰਕਰਾਂ, ਸਮੱਗਰਾ ਅਧੀਨ ਕੰਮ ਕਰਦੇ ਨਾਨ ਟੀਚਿੰਗ ਸਟਾਫ਼, ਕਸਤੂਰਬਾ ਗਾਂਧੀ ਹੋਸਟਲਾਂ ਦੇ ਮੁਲਾਜ਼ਮਾਂ, ਪੰਜਾਬ ਸਕੂਲ ਸਿੱਖਿਆ ਬੋਰਡ ਦੇ ਆਦਰਸ਼ ਸਕੂਲਾਂ ਦੇ ਮੁਲਾਜ਼ਮਾਂ ਸਮੇਤ ਸਮੂਹ ਕੱਚੇ, ਠੇਕਾ ਆਧਾਰਿਤ ਤੇ ਆਊਟਸੋਰਸ ਮੁਲਾਜਮਾਂ ਨੂੰ ਪੱਕੇ ਕੀਤੇ ਜਾਣ ਅਤੇ ਮਾਣ-ਭੱਤੇ ਅਧੀਨ ਕੰਮ ਕਰਦੀਆਂ ਮਿਡ-ਡੇ-ਮੀਲ ਵਰਕਰਾਂ, ਆਸ਼ਾ ਵਰਕਰਾਂ ਤੇ ਫੈਸਿਲੀਟੇਟਰਾਂ ਤੇ ਘੱਟੋ-ਘੱਟ ਉਜਰਤਾਂ ਕਾਨੂੰਨ ਲਾਗੂ ਕਰਵਾਉਣ ਲਈ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ।
ਇਸ ਮੌਕੇ ਮੁਲਾਜ਼ਮਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮੁਲਾਜ਼ਮ ਆਗੂਆਂ ਰਛਪਾਲ ਸਿੰਘ, ਪ੍ਰਵੀਨ ਸ਼ਰਮਾਂ, ਕਮਲਜੀਤ ਕੌਰ ਤੇ ਕਿਰਨਪਾਲ ਕੌਰ ਨੇ ਆਖਿਆ ਕਿ ਕਾਂਗਰਸ ਪਾਰਟੀ ਵੱਲੋਂ 2017 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਗਿਆ ਸੀ ਪਰ ਸਰਕਾਰ ਬਣਨ ਤੋਂ ਬਾਅਦ ਆਪਣੇ ਕਾਰਜਕਾਲ ਦੇ ਆਖਰੀ ਸਾਲ ਤੱਕ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਤੋਂ ਟਾਲਾ ਵੱਟਿਆ ਜਾ ਰਿਹਾ ਹੈ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਲਈ ਜਿਹੜਾ ਕਾਨੂੰਨ ਲਿਆਂਦਾ ਜਾ ਰਿਹਾ ਹੈ ਉਸ ਨਾਲ ਬਹੁਤ ਹੀ ਘੱਟ ਮੁਲਾਜ਼ਮ ਪੱਕੇ ਹੋਣ ਦੀ ਆਸ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਮੋਰਚੇ ਦੇ ਆਗੂਆਂ ਲਖਵਿੰਦਰ ਕੌਰ, ਪਰਮਜੀਤ ਕੌਰ ਮਾਨ, ਮਮਤਾ ਸ਼ਰਮਾਂ ਅਤੇ ਸਰਬਜੀਤ ਕੌਰ ਮਚਾਕੀ ਨੇ ਆਖਿਆ ਕਿ ਪੰਜਾਬ ਸਰਕਾਰ ਦੁਆਰਾ ਕਿਰਤ ਕਾਨੂੰਨਾਂ ਦੀ ਉਲੰਘਣਾ ਕਰਦੇ ਹੋਏ ਮਾਣ-ਭੱਤਾ ਵਰਕਰਾਂ ਨੂੰ ਬਹੁਤ ਹੀ ਨਿਗੂਣਾ ਮਾਣ ਭੱਤਾ ਦੇ ਕੇ ਸੋਸ਼ਣ ਕੀਤਾ ਜਾ ਰਿਹਾ ਹੈ। ਉਹਨਾਂ ਆਖਿਆ ਕਿ ਮੋਰਚੇ ਨਾਲ ਹੋਈਆਂ ਮੀਟਿੰਗਾਂ ਦੌਰਾਨ ਮੁੱਖ ਮੰਤਰੀ ਦੇ ਚੀਫ਼ ਪ੍ਰਿੰਸੀਪਲ ਸਕੱਤਰ ਸੁਰੇਸ਼ ਕੁਮਾਰ ਅਤੇ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਮਾਣ ਭੱਤਾ ਵਰਕਰਾਂ ਦੀ ਤਨਖਾਹ ਵਿੱਚ ਵਾਧੇ ਪ੍ਰਤੀ ਹਾਂ ਪੱਖੀ ਹੁੰਗਾਰਾ ਦਿੱਤਾ ਗਿਆ ਸੀ ਪਰ ਅੱਜ ਤੱਕ ਕਿਸੇ ਵੀ ਵਰਕਰ ਦੇ ਮਾਣ ਭੱਤੇ ਵਿੱਚ ਕੋਈ ਵਾਧਾ ਨਹੀਂ ਕੀਤਾ ਗਿਆ।ਇਸ ਮੌਕੇ ਸੰਬੋਧਨ ਕਰਦਿਆਂ ਬਲਵੀਰ ਸੀਵੀਆ, ਸਰਬਜੀਤ ਕੌਰ ਮਚਾਕੀ, ਹਰਿੰਦਰ ਸਿੰਘ ਅਮ੍ਰਿਤਸਰ, ਹਰਜੀਤ ਕੌਰ ਸਮਰਾਲਾ, ਚਮਕੌਰ ਸਿੰਘ ਅਤੇ ਸੰਜੂ ਸਿੰਘ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਆਖਿਆ ਕੇ ਜੇ ਕੱਚੇ ਮੁਲਾਜ਼ਮਾਂ ਅਤੇ ਮਾਣ ਭੱਤਾ ਵਰਕਰਾਂ ਦੀਆਂ ਮੰਗਾਂ ਦਾ ਫੌਰੀ ਹੱਲ ਨਾ ਕੀਤਾ ਗਿਆ ਤਾਂ 19 ਸਤੰਬਰ ਨੂੰ ਪੰਜਾਬ ਦੇ ਕੋਨੇ-ਕੋਨੇ ਵਿੱਚੋਂ ਹਜਾਰਾਂ ਮੁਲਾਜ਼ਮ ਤੇ ਵਰਕਰ ਪਟਿਆਲਾ ਪੁੱਜ ਕੇ ਮੁੱਖ ਮੰਤਰੀ ਦੇ ਮੋਤੀ ਮਹਿਲ ਦਾ ਘਿਰਾਓ ਕਰਨਗੇ। ਇਸ ਮੌਕੇ ਤੇ ਡੈਮੋਕ੍ਰੇਟਿਕ ਮੁਲਾਜ਼ਮ ਫੈਡਰੇਸ਼ਨ ਦੇ ਜਨਰਲ ਸਕੱਤਰ ਹਰਦੀਪ ਟੋਡਰਪੁਰ ਅਤੇ ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਵਿਕਰਮਦੇਵ ਸਿੰਘ ਤੋਂ ਇਲਾਵਾ ਮਨਪ੍ਰੀਤ ਕੌਰ ਬਠਿੰਡਾ, ਪਰਮਜੀਤ ਕੌਰ, ਮਨਦੀਪ ਕੌਰ ਸਿੱਧੂ, ਪਿੰਕੀ ਰਾਣੀ ਖਰਾਬਗੜ, ਹਰਦੀਪ ਸਿੰਘ ਸਮਾਰਲਾ, ਗੁਰਦੀਪ ਸਿੰਘ ਕਲੇਰ, ਵਿਕਰਮਜੀਤ ਅਲੂਣਾ ਅਤੇ ਜਸਪਾਲ ਸਿੰਘ ਨੇ ਵੀ ਸੰਬੋਧਨ ਕੀਤਾ।