ਠੇਕਾ ਮੁਲਾਜ਼ਮਾਂ ਦੇ ਰੈਗੂਲਰ ਹੋਣ ਤੱਕ ਪੱਕਾ ਮੋਰਚਾ ਰਹੇਗਾ ਲਗਾਤਾਰ ਜਾਰੀ: ਮੋਰਚਾ ਆਗੂ
ਫੁਫਾਰਾ ਚੌਂਕ ਵਿੱਚ ਫੂਕਿਆ ਕੈਪਟਨ ਸਰਕਾਰ ਦਾ ਪੁਤਲਾ
ਪਟਿਆਲਾ (ਦਲਜੀਤ ਕੌਰ ਭਵਾਨੀਗੜ੍ਹ) ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਬੈਨਰ ਹੇਠ ਠੇਕਾ ਮੁਲਾਜ਼ਮਾਂ ਵੱਲੋਂ ਠੀਕਰੀ ਵਾਲਾ ਚੌਂਕ ਵਿੱਚ ਲਾਇਆ ਪੱਕਾ ਮੋਰਚਾ ਅੱਜ ਬਾਰਵੇਂ ਦਿਨ ਵੀ ਲਗਾਤਾਰ ਜਾਰੀ ਰਿਹਾ, ਅੱਜ ਦੇ ਦਿਨ ਭਰਵੀਂ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਮੋਰਚੇ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂੰ, ਸ਼ੇਰ ਸਿੰਘ ਖੰਨਾ, ਪਰਵਿੰਦਰ ਸਿੰਘ, ਅਮਰੀਕ ਸਿੰਘ ਮਹਿਰਾਜ਼, ਕੁਲਦੀਪ ਸਿੰਘ ਬੁੱਢੇਵਾਲ ਅਤੇ ਜਗਸੀਰ ਸਿੰਘ ਭੰਗੂ ਨੇ ਕੈਪਟਨ ਸਰਕਾਰ ਦੇ ਲੋਕਮਾਰੂ ਰਵਈਏ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਕਿਹਾ ਕਿ ਇੱਕ ਪਾਸੇ ਕੈਪਟਨ ਸਰਕਾਰ ਵੱਖ-ਵੱਖ ਸ਼ਹਿਰਾਂ ਵਿੱਚ ਰੁਜ਼ਗਾਰ ਮੇਲੇ ਲਾਕੇ ਬੇਰੁਜ਼ਗਾਰਾਂ ਨੂੰ ਨੌਕਰੀ ਦੇਣ ਦੇ ਡਰਾਮੇ ਕਰ ਰਹੀ ਹੈ। ਦੂਜੇ ਪਾਸੇ ਵੱਖ-ਵੱਖ ਸਰਕਾਰੀ ਅਦਾਰਿਆਂ ਜਿਵੇਂ ਕਿ ਥਰਮਲ ਪਲਾਂਟਾਂ, ਜਲ ਸਪਲਾਈ ਅਤੇ ਸੈਨੀਟੇਸ਼ਨ, ਪਾਵਰਕਾਮ ਜ਼ੋਨ ਬਠਿੰਡਾ, ਪਾਵਰਕਾਮ ਅਤੇ ਟਰਾਂਸਕੋ, ਵਾਟਰ ਸਪਲਾਈ ਅਤੇ ਸੀਬਰੇਜ਼ ਬੋਰਡ, ਮਗਨਰੇਗਾ, ਬੀ.ਓ.ਸੀ.(ਕਿਰਤ ਵਿਭਾਗ) ਆਦਿ ਹੋਰ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਨਿਵਾਸ਼ ਨੂੰ ਜਾਂਦੀ ਸੜਕ ਤੇ ਪੱਕਾ ਮੋਰਚਾ ਲਾਕੇ ਵਿਭਾਗਾਂ ਵਿੱਚ ਰੈਗੂਲਰ ਕਰਨ ਦੀ ਮੰਗ ਕਰ ਰਹੇ ਠੇਕਾ ਮੁਲਾਜ਼ਮਾਂ ਦੇ ਪਰਿਵਾਰਾਂ ਅਤੇ ਨਿੱਕੇ-ਨਿੱਕੇ ਬੱਚਿਆਂ ਸਮੇਤ ਕੀਤੇ ਜਾ ਰਹੇ ਲਗਾਤਾਰ ਸੰਘਰਸ਼ ਨੂੰ ਅਣ-ਵੇਖਿਆ ਕੀਤਾ ਜਾ ਰਿਹਾ ਹੈ, ਕੈਪਟਨ ਸਰਕਾਰ ਵੱਲੋਂ ਬੀਤੇ ਕੱਲ੍ਹ ਕੀਤੀ ਕੈਬਨਿਟ ਮੀਟਿੰਗ ਵਿੱਚ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਏਜੰਡਾ ਨਾ ਰੱਖਣ ਅਤੇ ਸਬ-ਕਮੇਟੀ ਦੀ ਰਿਪੋਰਟ ਨੂੰ ਠੇਕਾ ਮੁਲਾਜ਼ਮ ਵਿਰੋਧੀ ਕਰਾਰ ਦਿੰਦੇ ਹੋਏ ਤਿੱਖਾ ਵਿਰੋਧ ਪਰਦਰਸ਼ਨ ਕਰਦੇ ਹੋਏ ਫੁਫਾਰਾ ਚੌਂਕ ਵਿੱਚ ਕੈਪਟਨ ਸਰਕਾਰ ਦਾ ਪੁਤਲਾ ਫੂਕਿਆ ਗਿਆ। ਇਸ ਸਮੇਂ ਆਗੂਆਂ ਨੇ ਐਲਾਨ ਕੀਤਾ ਕਿ ਜਦੋਂ ਤੱਕ ਸਰਕਾਰੀ ਵਿਭਾਗਾਂ ਵਿੱਚ ਪਿਛਲੇ 15-20 ਸਾਲਾਂ ਤੋਂ ਲਗਾਤਾਰ ਨਿਗੂਣੀਆਂ ਤਨਖਾਹਾਂ ਤੇ ਕੰਮ ਕਰਦੇ ਆ ਰਹੇ ਸਮੂਹ ਕੈਟਾਗਿਰੀਆਂ ਦੇ ਸਮੂਹ ਮੁਲਾਜ਼ਮਾਂ ਨੂੰ ਉਹਨਾਂ ਦੇ ਪਿੱਤਰੀ ਵਿਭਾਗਾਂ ਵਿੱਚ ਰੈਗੂਲਰ ਨਹੀਂ ਕੀਤਾ ਜਾਂਦਾ ਤਦ ਤੱਕ ਪਰਿਵਾਰਾਂ ਅਤੇ ਬੱਚਿਆਂ ਸਮੇਤ ਪੱਕਾ ਮੋਰਚਾ ਲਗਾਤਾਰ ਜਾਰੀ ਰਹੇਗਾ, ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਲਿਆਂਦੇ ਜਾ ਰਹੇ ਨਵੇਂ ਐਕਟ ਵਿੱਚ ਠੇਕਾ ਪ੍ਰਣਾਲੀ, ਆਊਟਸੋਰਸਡ, ਕੰਪਨੀਆਂ, ਇਨਲਿਸਟਮੈਂਟ, ਕੇਂਦਰੀ ਸਕੀਮਾਂ ਸਮੇਤ ਹੋਰ ਸਮੂਹ ਕੈਟਾਗਿਰੀਆਂ ਨੂੰ ਐਕਟ ਵਿੱਚ ਸ਼ਾਮਿਲ ਕੀਤਾ ਜਾਵੇ ਅਤੇ ਸਮੂਹ ਵਿਭਾਗਾਂ ਦੇ ਨਿੱਜੀਕਰਨ ਦੀ ਨੀਤੀ ਰੱਦ ਕੀਤੀ ਜਾਵੇ।