ਚੰਡੀਗੜ੍ਹ (ਦਲਜੀਤ ਕੌਰ ਭਵਾਨੀਗੜ੍ਹ) ਕਿਸਾਨ-ਜਥੇਬੰਦੀਆਂ ਵੱਲੋਂ 27 ਸਤੰਬਰ ਦੇ ਭਾਰਤ-ਬੰਦ ਨੂੰ ਸਫਲ ਬਣਾਉਣ ਲਈ ਹਰੇਕ ਤਬਕੇ ਨੂੰ ਸਹਿਯੋਗ ਦੀ ਅਪੀਲ ਕੀਤੀ ਗਈ ਹੈ। ਵਪਾਰੀਆਂ, ਦੁਕਾਨਦਾਰਾਂ, ਟਰਾਂਸਪੋਰਟਰਾਂ, ਮਜ਼ਦੂਰਾਂ, ਮੁਲਾਜ਼ਮਾਂ, ਨੌਜਵਾਨਾਂ, ਵਿਦਿਆਰਥੀਆਂ, ਔਰਤਾਂ, ਸਬਜ਼ੀ-ਵਿਕ੍ਰੇਤਾਵਾਂ, ਦੋਧੀਆਂ ਸਮੇਤ ਸਾਰੇ ਵਰਗਾਂ ਵੱਲੋਂ ਬੰਦ ਨੂੰ ਸਫਲ ਬਣਾਉਣ ਲਈ ਅਪੀਲ ਕੀਤੀ ਗਈ ਹੈ। ਕਿਸਾਨ ਆਗੂਆਂ ਬੋਘ ਸਿੰਘ ਮਾਨਸਾ ਅਤੇ ਜਗਮੋਹਨ ਸਿੰਘ ਪਟਿਆਲਾ ਨੇ ਸੰਯੁਕਤ ਕਿਸਾਨ ਮੋਰਚੇ ਵੱਲੋਂ ਜਾਰੀ ਠੋਸ ਹਿਦਾਇਤਾਂ ਬਾਰੇ ਜਾਣਕਾਰੀ ਦਿੱਤੀ। ਉਸ ਦਿਨ ਬੰਦ 6 ਵਜੇ ਸਵੇਰੇ ਤੋਂ 4 ਵਜੇ ਸ਼ਾਮ ਤੱਕ ਰੱਖਿਆ ਜਾਵੇਗਾ। ਇਸ ਅਰਸੇ ਦੌਰਾਨ ਹਰ ਤਰ੍ਹਾਂ ਦੀਆਂ ਸਰਵ-ਜਨਤਕ ਗਤੀਵਿਧੀਆਂ ਬੰਦ ਰਹਿਣਗੀਆਂ, ਜਿਸ ਵਿੱਚ ਕੇਂਦਰੀ ਤੇ ਸੂਬਾਈ ਸਰਕਾਰਾਂ, ਸਕੂਲ, ਕਾਲਜ, ਯੂਨੀਵਰਸਿਟੀਆਂ ਆਦਿ ਸਾਰੇ ਦਫਤਰ ਵੀ ਸ਼ਾਮਲ ਹਨ। ਹਸਪਤਾਲਾਂ, ਦਵਾਈਆਂ ਦੀਆਂ ਦੁਕਾਨਾਂ, ਐਂਬੂਲੈਂਸਾਂ ਤੇ ਫਾਇਰ ਬ੍ਰਿਗੇਡ ਜਿਹੀਆਂ ਐਮਰਜੈਂਸੀ ਸੇਵਾਵਾਂ ਨੂੰ ਛੋਟ ਹੋਵੇਗੀ। ਵਿਅਕਤੀਗੱਤ ਐਮਰਜੈਂਸੀ ਜਿਵੇਂ ਕੇ ਸ਼ਾਦੀ, ਮੌਤ ਤੇ ਹੋਰ ਜਰੂਰੀ ਸਮਾਗਮਾਂ ਨੂੰ ਵੀ ਛੋਟ ਰਹੇਗੀ। ਸੰਯੁਕਤ ਮੋਰਚੇ ਵੱਲੋਂ ਕਾਰਕੁੰਨਾਂ ਨੂੰ ਹਿਦਾਇਤ ਕੀਤੀ ਗਈ ਹੈ ਕਿ ਹਰ ਕੋਸ਼ਿਸ਼ ਕੀਤੀ ਜਾਵੇ ਕਿ ਆਮ ਲੋਕਾਂ ਨੂੰ ਘੱਟ ਤੋਂ ਘੱਟ ਪ੍ਰੇਸ਼ਾਨੀ ਹੋਵੇ। ਅਸੀਂ ਸਰਕਾਰ ਦਾ ਵਿਰੋਧ ਕਰਨਾ ਹੈ, ਲੋਕਾਂ ਦਾ ਨਹੀਂ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਹੀ ਨਹੀਂ, ਸਗੋਂ ਦੇਸ਼ ਭਰ ਦੇ ਕਿਸਾਨ ਸਮਝਦੇ ਹਨ ਕਿ ਤਿੰਨ ਖੇਤੀ ਕਾਨੂੰਨ ਅਤੇ ਬਿਜਲੀ ਬਿੱਲ-2019 ਸਮੇਤ ਪਰਾਲੀ ਆਰਡੀਨੈਂਸ ਕਿਸਾਨਾਂ ਲਈ ਘਾਤਕ ਹਨ। ਇਹ ਕਾਨੂੰਨ ਉਹਨਾਂ ਦੀ ਜ਼ਿੰਦਗੀ ਨੂੰ ਹਨੇਰੀ ਗੁਫਾ ਵੱਲ ਧੱਕ ਦੇਣਗੇ। ਇਹ ਸੰਘਰਸ਼ ਉਹਨਾਂ ਦੇ ਬੱਚਿਆਂ ਦੇ ਭਵਿੱਖ ਦਾ ਸੁਆਲ ਬਣਿਆ ਹੋਇਆ ਹੈ, ਇਸ ਲਈ ਇਹਨਾਂ ਕਾਨੂੰਨਾਂ ਦਾ ਰੱਦ ਹੋਣਾ ਜਰੂਰੀ ਹੈ। ਦਿੱਲੀ ਦੇ ਕਿਸਾਨ-ਮੋਰਚੇ ਸਾਡੀਆਂ ਪੀੜ੍ਹੀਆਂ ਭਵਿੱਖ ਤੈਅ ਕਰਨਗੇ। ਇਸ ਲਈ ਸਾਡਾ ਸਾਰਿਆਂ ਦਾ ਯਤਨ ਹੋਣਾ ਚਾਹੀਦਾ ਹੈ ਕਿ ਹਰ ਵਰਗ ਦੇ ਲੋਕਾਂ ਨੂੰ ਨਾਲ ਲੈ ਕੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰੀਏ।
